ਡੇਰਾਬੱਸੀ ''ਚ ''ਪੰਜਾਬ ਬੰਦ'' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

Thursday, Jul 30, 2026 - 11:12 AM (IST)

ਡੇਰਾਬੱਸੀ ''ਚ ''ਪੰਜਾਬ ਬੰਦ'' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ (ਅਨਿਲ ਸ਼ਰਮਾ) : ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਦਿੱਤੇ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਵੀਰਵਾਰ ਨੂੰ ਡੇਰਾਬੱਸੀ 'ਚ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ, ਜਦੋਂ ਕਿ ਸਫ਼ਾਈ ਕਰਮਚਾਰੀਆਂ ਨੇ ਵਿਸ਼ਾਲ ਰੋਸ਼ ਰੈਲੀ ਕੱਢ ਕੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

 ਰੋਸ਼ ਰੈਲੀ ਦੌਰਾਨ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਹਰਵਿੰਦਰ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ ਬਰਨਾਲਾ 'ਚ ਨਿਹੱਥੇ ਅਤੇ ਸ਼ਾਂਤਮਈ ਢੰਗ ਨਾਲ ਆਪਣੀਆਂ ਜਾਇਜ਼ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ 'ਤੇ ਪੁਲਸ ਵੱਲੋਂ ਕੀਤਾ ਗਿਆ ਲਾਠੀਚਾਰਜ ਬੇਹੱਦ ਨਿੰਦਣਯੋਗ ਅਤੇ ਲੋਕਤੰਤਰੀ ਹੱਕਾਂ ਦਾ ਘੋਰ ਉਲੰਘਣ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਦਾ ਹੱਲ ਕੱਢਣ ਦੀ ਬਜਾਏ ਧੱਕੇਸ਼ਾਹੀ ਦਾ ਰਾਹ ਅਪਣਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਲਾਠੀਚਾਰਜ ਲਈ ਜ਼ਿੰਮੇਵਾਰ ਪੁਲਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਪੱਧਰ 'ਤੇ ਚੱਲ ਰਹੇ ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਲੋੜ ਪੈਣ 'ਤੇ ਅਗਲੇ ਪੜਾਅ ਦੇ ਸੰਘਰਸ਼ ਦਾ ਐਲਾਨ ਵੀ ਕੀਤਾ ਜਾਵੇਗਾ। ਰੋਸ ਰੈਲੀ 'ਚ ਵੱਡੀ ਗਿਣਤੀ 'ਚ ਸਫਾਈ ਕਰਮਚਾਰੀਆਂ ਅਤੇ ਯੂਨੀਅਨ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਸੰਪੰਨ ਹੋਇਆ, ਜਦੋਂ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਸ ਵੱਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ।


author

Babita

Content Editor

Related News