ਸਹਿਮਤੀ ਨਾ ਹੋਣ ਕਾਰਨ 6ਵੇਂ ਦਿਨ ਵੀ ਨਹੀਂ ਹੋ ਸਕਿਆ ਸ਼ਹੀਦ ਗੁਰਮੇਲ ਕੌਰ ਦਾ ਸਸਕਾਰ

Sunday, Dec 13, 2020 - 05:02 PM (IST)

ਸਹਿਮਤੀ ਨਾ ਹੋਣ ਕਾਰਨ 6ਵੇਂ ਦਿਨ ਵੀ ਨਹੀਂ ਹੋ ਸਕਿਆ ਸ਼ਹੀਦ ਗੁਰਮੇਲ ਕੌਰ ਦਾ ਸਸਕਾਰ

ਭਵਾਨੀਗੜ੍ਹ(ਕਾਂਸਲ) :- ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਖਿਲਾਫ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਾ ਮਾਝੀ, ਟੋਲ ਪਲਾਜਾ ਕਾਲਾਝਾੜ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਅੱਜ 74ਵੇਂ ਦਿਨ ਵੀ ਲਗਾਤਾਰ ਜਾਰੀ ਰਹੇ। ਉਥੇ ਕਿਸਾਨਾ ਜਥੇਬੰਦੀ ਬੀ.ਕੇ.ਯੂ ਏਕਤਾ ਉਗਰਾਹਾਂ ਦੇ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਮੁਆਵਜ਼ੇ ਨੂੰ ਲੈ ਕੇ ਸਹਿਮਤੀ ਨਾ ਹੋਣ ਕਾਰਨ 8 ਦਸੰਬਰ ਨੂੰ ਟੋਲ ਪਲਾਜਾ ਕਾਲਾਝਾੜ ਵਿਖੇ ਧਰਨੇ ਦੌਰਾਨ ਸ਼ਹੀਦ ਹੋਈ ਬੀਬੀ ਗੁਰਮੇਲ ਕੌਰ ਦਾ ਅੱਜ 6 ਵੇਂ ਦਿਨ ਵੀ ਸੰਸਕਾਰ ਨਹੀਂ ਹੋ ਸਕਿਆ। ਜਿਸ ਕਾਰਨ ਕਿਸਾਨਾਂ ’ਚ ਕੇਂਦਰ ਦੇ ਨਾਲ-ਨਾਲ ਸੂਬਾ ਸਰਕਾਰ ਪ੍ਰਤੀ ਵੀ ਸਖ਼ਤ ਰੋਸ ਦੀ ਲਹਿਰ ਦੇਖਣ ਨੂੰ ਮਿਲੀ।

PunjabKesari

ਟੋਲ ਪਲਾਜਾ ਕਾਲਾਝਾੜ ਵਿਖੇ ਚਲ ਰਹੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਹਰਜਿੰਦਰ ਸਿੰਘ ਘਰਾਚੋਂ, ਸੁਖਦੇਵ ਸਿੰਘ ਘਰਾਚੋਂ, ਚਰਨਜੀਤ ਕੌਰ ਰਾਜਪੁਰਾ, ਹਰਜੀਤ ਸਿੰਘ ਮਹਿਲਾਂ, ਮੇਵਾ ਸਿੰਘ ਕਾਲਾਝਾੜ, ਸਤਵਿੰਦਰ ਸਿੰਘ ਅਤੇ ਬਲਵੀਰ ਸਿੰਘ ਨਾਗਰਾ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਹੀਦ ਹੋਈ ਗੁਰਮੇਲ ਕੌਰ ਦੇ ਪਰਿਵਾਰ ਨੂੰ ਤੁਰੰਤ ਮੁਆਜਵਾ ਦੇਣ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦਾ ਹੋਰ ਇਮਤਿਹਾਨ ਲੈਣਾ ਬੰਦ ਕਰਕੇ ਸਾਰੇ ਕਿਸਾਨ ਵਿਰੋਧੀ ਕਾਨੂੰਨ ਤੁੰਰਤ ਰੱਦ ਕਰਨੇ ਚਾਹੀਦੇ ਹਨ। ਜਥੇਬੰਦੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਟੋਲ ਪਲਾਜ਼ਾ ਕਾਲਾਝਾੜ ਅਤੇ ਪੈਟਰੋਲ ਪੰਪ ਬਾਲਦ ਕਲਾਂ ਵਿਖੇ ਲਗਾਏ ਧਰਨੇ ਦੌਰਾਨ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਪਿੰਡ ਮਾਝੀ ਵਿਖੇ ਸਥਿਤ ਟੋਲ ਪਲਾਜ਼ਾ ਉਪਰ ਵੀ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ’ਚ ਕਿਸਾਨ ਆਗੂ ਸੁਖਦੇਵ ਸਿੰਘ ਬਾਲਦ ਕਲਾਂ, ਬਘੇਲ ਸਿੰਘ ਮਾਝੀ, ਅੰਗਰੇਜ ਸਿੰਘ, ਹਾਕਮ ਸਿੰਘ, ਲਾਭ ਸਿੰਘ, ਮੇਜਰ ਸਿੰਘ ਬਾਲਦ ਕਲਾਂ, ਚਰਨਜੀਤ ਭੜੋ, ਗੁਰਚਰਨ ਸਿੰਘ ਬੀਂਬੜੀ, ਜਗਦੀਸ ਸਿੰਘ, ਹਰਦੀਪ ਨਕਟੇ, ਕੁਲਵੰਤ ਕੌਰ ਨਕਟੇ, ਕੁਲਵਿੰਦਰ ਬੇਗਮ ਅਤੇ ਜਸ਼ਨਦੀਪ ਕੌਰ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਦੇ ਲੋਕਾਂ ਵੱਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਕੇ ਕੇਂਦਰ ਵੱਲੋਂ ਲਾਗੂ ਕੀਤੇ ਕਾਨੂੰਨਾਂ ਨੂੰ ਗਲਤ ਕਰਾਰ ਦੇਣ ਦੇ ਨਾਲ-ਨਾਲ ਕੇਂਦਰ ਦੀ ਮੋਦੀ ਸਰਕਾਰ ਨੂੰ ਤੁਰੰਤ ਇਹ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਵੀ ਕੇਂਦਰ ਵੱਲੋਂ ਟੱਸ ਤੋਂ ਮੱਸ ਨਾ ਹੋਣਾ ਇਹ ਸਾਬਤ ਕਰਦਾ ਹੈ ਕਿ ਕੇਂਦਰ ਹਿੱਟਲਰ ਤੋਂ ਭੈੜੀ ਤਾਨਾਸ਼ਾਹੀ ਸਰਕਾਰ ਹੈ। ਜਿਸ ਵੱਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇ ਕੇ ਲੋਕਤੰਤਰ ਦਾ ਖੁੱਲੇ ਆਮ ਕਤਲ ਕੀਤਾ ਜਾ ਰਿਹਾ ਹੈ।


author

Harinder Kaur

Content Editor

Related News