ਮੈਡੀਕਲ ਸੁਪਰਡੈਂਟ ਦਫਤਰ ਮੂਹਰੇ ਸਰਕਾਰ ਦਾ ਪਿੱਟ-ਸਿਆਪਾ

Saturday, Nov 25, 2017 - 05:55 AM (IST)

ਮੈਡੀਕਲ ਸੁਪਰਡੈਂਟ ਦਫਤਰ ਮੂਹਰੇ ਸਰਕਾਰ ਦਾ ਪਿੱਟ-ਸਿਆਪਾ

ਅੰਮ੍ਰਿਤਸਰ, (ਦਲਜੀਤ)- ਗੁਰੂ ਨਾਨਕ ਦੇਵ ਹਸਪਤਾਲ 'ਚ ਕੰਮ ਕਰ ਰਹੇ ਠੇਕਾ ਆਧਾਰਿਤ ਮੁਲਾਜ਼ਮਾਂ ਨੇ ਅੱਜ ਸਮੂਹਿਕ ਛੁੱਟੀ ਲੈ ਕੇ ਮੈਡੀਕਲ ਸੁਪਰਡੈਂਟ ਦਫਤਰ ਮੂਹਰੇ ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕੀਤਾ। ਮੁਲਾਜ਼ਮਾਂ ਦੀ ਇਕ ਰੋਜ਼ਾ ਹੜਤਾਲ ਨਾਲ ਜਿਥੇ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ, ਉਥੇ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੂਰੇ ਪੰਜਾਬ 'ਚ ਸਿਹਤ ਸੇਵਾਵਾਂ ਠੱਪ ਕਰ ਦਿੱਤੀਆਂ ਜਾਣਗੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਠੇਕਾ ਆਧਾਰਿਤ ਨਰਸਿੰਗ ਅਤੇ ਪੈਰਾ-ਮੈਡੀਕਲ ਇੰਪਲਾਈਜ਼ ਐਸੋਸੀਏਸ਼ਨ ਦੀ ਚੇਅਰਪਰਸਨ ਚਰਨਜੀਤ ਕੌਰ ਤੇ ਪ੍ਰਧਾਨ ਸੁਖਜਿੰਦਰ ਸਿੰਘ ਨੇ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਚੱਲਣ ਵਾਲੇ ਸਰਕਾਰੀ ਹਸਪਤਾਲਾਂ ਵਿਚ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ 'ਤੇ ਠੇਕਾ ਆਧਾਰਿਤ ਮੁਲਾਜ਼ਮ ਸੇਵਾਵਾਂ ਦੇ ਰਹੇ ਹਨ। ਸੱਤਾ 'ਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਠੇਕਾ ਆਧਾਰਿਤ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ ਜਾਣਗੀਆਂ। ਸੇਵਾਵਾਂ ਤਾਂ ਕੈਪਟਨ ਨੇ ਕੀ ਪੱਕੀਆਂ ਕਰਨੀਆਂ ਸਨ, ਉਨ੍ਹਾਂ ਦੀ ਧਰਮਪਤਨੀ ਵੱਲੋਂ ਦਿੱਤੇ ਬਿਆਨ ਵਿਚ ਇਹ ਕਹਿ ਕੇ ਦਿਲ ਤੋੜ ਦਿੱਤਾ ਗਿਆ ਕਿ ਠੇਕਾ ਆਧਾਰਿਤ ਮੁਲਾਜ਼ਮਾਂ ਲਈ ਸਰਕਾਰ ਕੋਲ ਬਜਟ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੀ ਬਾਦਲਾਂ ਵਾਂਗ ਝੂਠੀ ਨਿਕਲੀ ਹੈ।
ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਦੀਆਂ ਤਾਂ ਗੱਲਾਂ ਕਰ ਰਹੀ ਹੈ ਪਰ ਅਸਲ ਵਿਚ ਸਰਕਾਰ ਹੀ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਹੈ। ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘੁੰਮਣ ਲਈ ਹਰ ਮਹੀਨੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਪਰ ਦਿਨ-ਰਾਤ ਮਿਹਨਤ ਕਰ ਰਹੇ ਮੁਲਾਜ਼ਮਾਂ ਨੂੰ ਤਨਖਾਹਾਂ ਵੀ ਸਮੇਂ 'ਤੇ ਨਹੀਂ ਦਿੱਤੀਆਂ ਜਾਂਦੀਆਂ। ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੂਰੇ ਪੰਜਾਬ 'ਚ ਸਿਹਤ ਸੇਵਾਵਾਂ ਠੱਪ ਕਰ ਦਿੱਤੀਆਂ ਜਾਣਗੀਆਂ।
ਇਸ ਮੌਕੇ ਦਿਲਰਾਜ ਕੌਰ, ਪਲਵੀ, ਅਮਨਦੀਪ ਕੌਰ, ਸਿਮਰਨਜੀਤ ਕੌਰ, ਰਵਿੰਦਰਜੀਤ ਸਿੰਘ, ਅਮਨ ਢਿੱਲੋਂ, ਕੁਲਵਿੰਦਰ, ਅਮਨ, ਅਕਾਸ਼ ਆਦਿ ਮੌਜੂਦ ਸਨ।


Related News