ਸਿਹਤ ਵਿਭਾਗ ਵੱਲੋਂ ਪਾਣੀ ਦੇ ਸੈਂਪਲ ਭਰ ਕੇ ਭੇਜੇ ਜਾ ਰਹੇ ਹਨ ਲੈਬਾਰਟਰੀ
Thursday, Sep 18, 2025 - 03:23 PM (IST)

ਫ਼ਿਰੋਜ਼ਪੁਰ (ਕੁਮਾਰ) : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਸਤਲੁਜ ਦਰਿਆ ਕਿਨਾਰੇ ਜਿੱਥੇ ਕਿਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ, ਉੱਥੇ ਪ੍ਰਸ਼ਾਸਨ ਦੀਆਂ ਟੀਮਾਂ ਦੇ ਨਾਲ ਪਿੰਡ ਵਾਸੀ ਜੁੱਟੇ ਹੋਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਵਾੜਾ ਕਾਲੀ ਰਾਓ ਵਿਖੇ ਗੱਟਿਆਂ ਦੀ ਸਹਾਇਤਾ ਦੇ ਨਾਲ ਬੰਨ੍ਹ ਨੂੰ ਮਜ਼ਬੂਤ ਕੀਤਾ ਗਿਆ ਹੈ। ਪਿੰਡ ਟੇਂਡੀ ਵਾਲਾ ਵਿਖੇ ਇੱਕ ਜਗ੍ਹਾ ਤੋਂ ਗੱਟੇ ਲਗਾ ਕੇ ਬੰਨ੍ਹ ਨੂੰ ਉੱਚਾ ਕੀਤਾ ਗਿਆ ਹੈ। ਬੰਡਾਲਾ ਵਿਖੇ ਵੀ ਬੰਨ੍ਹ ਨੂੰ ਮਜ਼ਬੂਤ ਕਰਨ ਦੀ ਲੋੜ ਸੀ, ਜਿਸ ਦੇ ਲਈ ਗੱਟੇ ਲਗਾ ਕੇ ਮਜ਼ਬੂਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਦਰਿਆ ਦਾ ਪਾਣੀ ਹੌਲੀ-ਹੌਲੀ ਵਹਾ ਦੇ ਨਾਲ ਨਿਕਲ ਰਿਹਾ ਹੈ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਹੋਰ ਰਾਹਤ ਕਾਰਜ ਅਤੇ ਫ਼ਸਲਾਂ ਦੇ ਖ਼ਰਾਬੇ ਸਬੰਧੀ ਗਿਰਦਾਵਰੀ ਦਾ ਕੰਮ ਵੀ ਨਿਰੰਤਰ ਜਾਰੀ ਹੈ। ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿੱਚ ਫੌਗਿੰਗ ਕਰਵਾਈ ਜਾ ਰਹੀ ਹੈ। ਪਿੰਡਾਂ ਵਿੱਚੋਂ ਪਾਣੀ ਦੇ ਸੈਂਪਲ ਲੈ ਕੇ ਲੈਬਾਰਟਰੀ ਵਿੱਚ ਟੈਸਟ ਲਈ ਭੇਜੇ ਜਾ ਰਹੇ ਹਨ। ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਸਾਫ਼ ਪਾਣੀ ਹੀ ਪੀਣ।
ਸਿਹਤ ਵਿਭਾਗ ਦੀਆਂ ਟੀਮਾਂ ਪਿੰਡਾਂ ਦੇ ਵਿੱਚ ਲਗਾਤਾਰ ਕੰਮ ਕਰ ਰਹੀਆਂ ਹਨ ਅਤੇ ਜਿੱਥੇ ਵੀ ਪਹਿਲਾਂ ਦੀ ਤਰ੍ਹਾਂ ਕੈਂਪ ਲਗਾਉਣ ਦੀ ਲੋੜ ਹੈ, ਉੱਥੇ ਮੈਡੀਕਲ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਖੜ੍ਹੇ ਪਾਣੀ ਕਾਰਨ ਮਲੇਰੀਆ, ਡੇਂਗੂ ਅਤੇ ਹੋਰ ਵੈਕਟਰ/ਵਾਟਰ ਬੋਰਨ ਬਿਮਾਰੀਆਂ ਦੇ ਫੈਲਣ ਤੋਂ ਰੋਕਣ ਦੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਵਲੰਟੀਅਰਾਂ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕੰਮ ਹੈ।