ਕੋਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ, ਡਾਕਟਰਾਂ ਤੇ ਸਟਾਫ਼ ਨੂੰ ਦਿੱਤੀ ਇਹ ਹਦਾਇਤ

Saturday, Dec 23, 2023 - 06:41 PM (IST)

ਅੰਮ੍ਰਿਤਸਰ (ਦਲਜੀਤ)- ਠੰਡ ਵਧਣ ਦੇ ਨਾਲ ਹੀ ਸਿਹਤ ਵਿਭਾਗ ਕੋਰੋਨਾ ਵਾਇਰਸ ਨੂੰ ਲੈ ਕੇ ਚੌਕਸ ਹੋ ਗਿਆ ਹੈ। ਵਿਭਾਗ ਨੇ ਜਿੱਥੇ ਸਰਕਾਰੀ ਹਸਪਤਾਲਾਂ ਵਿਚ ਕੰਮ ਕਰਦੇ ਡਾਕਟਰਾਂ ਅਤੇ ਸਟਾਫ਼ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ, ਉੱਥੇ ਹੀ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਵੇਲੇ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਜੇਕਰ ਸਾਹ ਸਬੰਧੀ ਮਰੀਜ਼ਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕਰਨ ਉਪਰੰਤ ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹੁਕਮਾਂ ਦੀ ਹੇਠਲੇ ਪੱਧਰ ਤੱਕ ਪਾਲਣਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਨੇ ਆਪਣਾ ਭਿਆਨਕ ਰੂਪ ਧਾਰ ਲਿਆ ਸੀ ਅਤੇ ਕਈ ਕੀਮਤੀ ਜਾਨਾਂ ਲੈ ਲਈਆਂ ਸਨ। ਇਸ ਵਾਇਰਸ ਕਾਰਨ ਜਿੱਥੇ ਲੋਕਾਂ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਹੈ, ਉੱਥੇ ਹੀ ਵੱਡੀ ਗਿਣਤੀ ਵਿਚ ਬੱਚੇ, ਬਜ਼ੁਰਗ ਅਤੇ ਹਰ ਵਰਗ ਦੇ ਲੋਕ ਇਸ ਤੋਂ ਪ੍ਰਭਾਵਿਤ ਹੋਏ ਸਨ। ਫਿਲਹਾਲ ਟੀਕਾਕਰਨ ਨਾਲ ਲੋਕਾਂ ਵਿਚ ਵਾਇਰਸ ਨਾਲ ਲੜਨ ਲਈ ਪ੍ਰਤੀਰੋਧਕ ਸ਼ਕਤੀ ਪੈਦਾ ਹੋ ਗਈ ਸੀ ਪਰ ਹੁਣ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੁਲਸ ਐਨਕਾਊਂਟਰ 'ਚ ਜ਼ਖ਼ਮੀ ਗੈਂਗਸਟਰ ਰਾਜੂ ਦੀ ਕੱਟਣੀ ਪੈ ਸਕਦੀ ਹੈ ਲੱਤ, ਪੀ.ਜੀ.ਆਈ ਰੈਫ਼ਰ

ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਸਪਤਾਲਾਂ ਦੇ ਕਰਮਚਾਰੀਆਂ ਅਤੇ ਡਾਕਟਰਾਂ ਨੂੰ ਡਿਊਟੀ ਦੌਰਾਨ ਮਾਸਕ ਪਹਿਨਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਜਾਣ ਤੋਂ ਪਹਿਲਾਂ ਮਾਸਕ ਪਹਿਨਣ ਅਤੇ ਹੱਥ ਮਿਲਾਉਣ ਤੋਂ ਬਚਣ। ਖਾਂਸੀ, ਜ਼ੁਕਾਮ, ਬੁਖਾਰ ਹੋਣ ਦੀ ਸੂਰਤ ਵਿਚ ਡਾਕਟਰ ਨਾਲ ਸੰਪਰਕ ਕਰਨ, ਜੇਕਰ ਸਾਹ ਰੋਗੀਆਂ ਨੂੰ ਸਾਹ ਲੈਣ ਵਿਚ ਦਿੱਕਤ ਆਉਂਦੀ ਹੈ ਤਾਂ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਸਾਵਧਾਨੀਆਂ ਵਰਤਣ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਪ੍ਰਾਈਵੇਟ ਹਸਪਤਾਲਾਂ ਨੂੰ ਵੀ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਓ. ਪੀ. ਡੀ. ਵਿਚ ਵੀ ਕੋਈ ਗੰਭੀਰ ਖੰਘ, ਜ਼ੁਕਾਮ ਅਤੇ ਬੁਖਾਰ ਤੋਂ ਪੀੜਤ ਕੋਰੋਨਾ ਵਾਇਰਸ ਦੇ ਲੱਛਣਾਂ ਦੇ ਨਾਲ ਮਰੀਜ਼ ਆਉਂਦਾ ਹੈ, ਤਾਂ ਉਸ ਦਾ ਤੁਰੰਤ ਆਰ. ਟੀ. ਪੀ. ਸੀ. ਆਰ. ਟੈਸਟ ਕਰਵਾਇਆ ਜਾਵੇ । ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੋਈ ਵੀ ਕੋਰੋਨਾ ਵਾਇਰਸ ਪਾਜ਼ੇਟਿਵ ਮਰੀਜ਼ ਸਾਹਮਣੇ ਨਹੀਂ ਆਇਆ ਹੈ, ਪਰ ਉਨ੍ਹਾਂ ਨੂੰ ਸਾਵਧਾਨੀ ਵਰਤਦਿਆਂ ਚੌਕਸ ਰਹਿਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ ਨੂੰ ਮੋਦੀ ਸਰਕਾਰ ਵੱਲੋਂ 'ਵੰਦੇ ਭਾਰਤ' ਰੇਲ ਦਾ ਤੋਹਫ਼ਾ

ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਦੱਸਿਆ ਕਿ ਵਿਭਾਗ ਦੀ ਟੀਮ ਦਿਨ-ਰਾਤ ਨਜ਼ਰ ਰੱਖ ਰਹੀ ਹੈ ਅਤੇ ਸਰਕਾਰੀ ਹਸਪਤਾਲਾਂ ਵਿਚ ਵੀ ਲੋੜੀਂਦੀਆਂ ਵਾਰਡਾਂ ਬਣਾਈਆਂ ਗਈਆਂ ਹਨ। ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਵਿਚ 12 ਬਿੱਡਾਂ ਵਾਲੀ ਵਾਰਡ ਬਣਾਈ ਗਈ ਹੈ ਅਤੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਵੀ ਇਕ ਵਾਰਡ ਬਣਾਈ ਗਿਆ ਹੈ, ਜਿਸ ਵਿਚ ਡਾਕਟਰ ਅਤੇ ਸਟਾਫ਼ ਮੌਜੂਦ ਰਹੇਗਾ। ਸਿਵਲ ਸਰਜਨ ਅਨੁਸਾਰ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਸਗੋਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਕਿਸੇ ਵੀ ਸਮੱਸਿਆ ਦੀ ਸੂਰਤ ਵਿਚ ਸਰਕਾਰੀ ਹਸਪਤਾਲ ਦੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਆਰ. ਟੀ. ਪੀ. ਸੀ. ਆਰ. ਵੱਡੀ ਗਿਣਤੀ ’ਚ ਹੈ ਵਿਭਾਗ ਕੋਲ ਟੈਸਟਿੰਗ ਕਿੱਟ

ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੀ ਜਾਂਚ ਲਈ ਅੰਮ੍ਰਿਤਸਰ ਵਿਚ ਵੱਡੀ ਗਿਣਤੀ ਵਿਚ ਆਰ. ਟੀ. ਪੀ. ਸੀ. ਆਰ. ਕਿੱਟਾਂ ਮੁਹੱਈਆ ਕਰਵਾਈਆ ਗਈਆ ਹਨ। ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਰਕਾਰੀ ਹਸਪਤਾਲਾਂ ਵਿਚ ਓ. ਪੀ. ਡੀ. ਵਿਚ ਆਉਣ ਵਾਲੇ ਮਰੀਜ਼ਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਅਤੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਇਸ ਦੇ ਨਾਲ ਹੀ ਹੋਰ ਥਾਵਾਂ ’ਤੇ ਡਾਕਟਰਾਂ ਨੂੰ ਵੀ ਸੈਂਪਲ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਜੇਕਰ ਕਿਸੇ ਨੂੰ ਖਾਂਸੀ, ਜ਼ੁਕਾਮ ਅਤੇ ਬੁਖਾਰ ਹੈ ਤਾਂ ਉਹ ਆਪਣਾ ਟੈਸਟ ਕਰਵਾਉਣ।

ਇਹ ਵੀ ਪੜ੍ਹੋ- ਮਹਿੰਦੀ ਦਾ ਰੰਗ ਅਜੇ ਫਿੱਕਾ ਵੀ ਨਹੀਂ ਹੋਇਆ ਨਵ-ਵਿਆਹੁਤਾ ਨੇ ਚੁੱਕਿਆ ਖੌਫ਼ਨਾਕ ਕਦਮ, ਭਰਾ ਨੇ ਦੱਸੀ ਇਹ ਗੱਲ

ਜ਼ਿਲ੍ਹੇ ’ਚ ਵਾਇਰਸ ਨਾਲ ਸਬੰਧਤ 61476 ਮਰੀਜ਼ ਆਏ ਸਾਹਮਣੇ, 1849 ਦੀ ਹੋਈ ਸੀ ਮੌਤ

ਪਿਛਲੇ ਸਮੇਂ ਦਹਿਸ਼ਤ ਦਾ ਮਾਹੌਲ ਬਣੇ ਚੁੱਕੇ ਕੋਰੋਨਾ ਵਾਇਰਸ ਨੇ ਅੰਮ੍ਰਿਤਸਰ ਦੇ 1849 ਲੋਕਾਂ ਦੀਆਂ ਕੀਮਤੀ ਜਾਨਾਂ ਲੈ ਲਈਆਂ ਸਨ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਦੌਰਾਨ 21,87,952 ਲੋਕਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 21,26,476 ਲੋਕ ਨੈਗੇਟਿਵ ਪਾਏ ਗਏ, ਜਦੋਂਕਿ 61,476 ਮਰੀਜ਼ ਪਾਜ਼ੇਟਿਵ ਪਾਏ ਗਏ। ਕੋਰੋਨਾ ਦੇ ਸਮੇਂ ਸਿਹਤ ਵਿਭਾਗ ਵੱਲੋਂ ਹਰ ਹਸਪਤਾਲ ਨੂੰ ਰੋਜ਼ਾਨਾ 500 ਤੋਂ ਵੱਧ ਟੈਸਟ ਕਰਨ ਦਾ ਟੀਚਾ ਦਿੱਤਾ ਗਿਆ ਸੀ, ਜਦੋਂ ਵਾਇਰਸ ਵਧੇਰੇ ਪ੍ਰਚਲਿਤ ਹੋ ਰਿਹਾ ਸੀ, ਤਾਂ ਟੈਸਟਿੰਗ ਦਾ ਟੀਚਾ 1000 ਰੱਖਿਆ ਗਿਆ ਸੀ।

ਖਾਂਸੀ, ਜ਼ੁਕਾਮ, ਬੁਖਾਰ ਆਦਿ ਲੱਛਣਾਂ ਵਾਲੇ ਮਰੀਜ਼ ਆ ਰਹੇ ਡਾਕਟਰਾਂ ਕੋਲ

ਸਿਹਤ ਵਿਭਾਗ ਦੇ ਜ਼ਿਲਾ ਟੀ. ਬੀ. ਅਧਿਕਾਰੀ ਡਾ. ਤੁਸ਼ਾਰ ਬਾਂਸਲ ਨੇ ਦੱਸਿਆ ਕਿ ਇਸ ਸਮੇਂ ਠੰਡ ਦੇ ਵੱਧ ਰਹੇ ਪ੍ਰਭਾਵ ਕਾਰਨ ਖੰਘ, ਜ਼ੁਕਾਮ, ਬੁਖਾਰ ਆਦਿ ਲੱਛਣਾਂ ਵਾਲੇ ਮਰੀਜ਼ ਵੱਡੀ ਗਿਣਤੀ ਵਿਚ ਹਸਪਤਾਲ ਵਿਚ ਆ ਰਹੇ ਹਨ। ਕੋਰੋਨਾ ਵਾਇਰਸ ਦੇ ਸ਼ੁਰੂਆਤੀ ਲੱਛਣ ਵੀ ਇਸ ਤਰ੍ਹਾਂ ਦੇ ਹਨ। ਜੇਕਰ ਕਿਸੇ ਵੀ ਬੀਮਾਰੀ ਦਾ ਸਮੇਂ ਸਿਰ ਇਲਾਜ ਕਰ ਲਿਆ ਜਾਵੇ ਤਾਂ ਇਸ ਦੇ ਗੰਭੀਰ ਨਤੀਜੇ ਨਹੀਂ ਨਿਕਲਦੇ। ਕੋਰੋਨਾ ਵਾਇਰਸ ਅਜਿਹਾ ਵਾਇਰਸ ਹੈ ਜਿਸ ਦਾ ਢੁੱਕਵਾਂ ਇਲਾਜ ਨਾ ਹੋਣ ਕਾਰਨ ਇਸ ਦਾ ਅਸਰ ਫੇਫੜਿਆਂ ’ਤੇ ਜ਼ਿਆਦਾ ਦੇਖਣ ਨੂੰ ਮਿਲਦਾ ਹੈ। ਕਈ ਵਾਰ ਸਮੇਂ ਸਿਰ ਦਵਾਈਆਂ ਨਾ ਮਿਲਣ ਕਾਰਨ ਮਰੀਜ਼ ਦੀ ਜਾਨ ਨੂੰ ਖਤਰਾ ਪੈਦਾ ਹੋ ਜਾਂਦਾ ਹੈ। ਸਿਹਤ ਵਿਭਾਗ ਵੱਲੋਂ ਜਿਹੜੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ। ਸਰਕਾਰੀ ਹਸਪਤਾਲਾਂ ਵਿਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ

ਲੋਕ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਪਹਿਲਾਂ ਮਾਸਕ ਦੀ ਕਰਨ ਵਰਤੋਂ

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰ ਅਤੇ ਛਾਤੀ ਦੇ ਮਾਹਿਰ ਡਾਕਟਰ ਰਜਨੀਸ਼ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਸਵਾਈਨ ਫਲੂ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਦਾ ਸਰਦੀਆਂ ਵਿਚ ਜ਼ਿਆਦਾ ਅਸਰ ਦਿਖਾਈ ਦਿੰਦਾ ਹੈ ਅਤੇ ਹੁਣ ਕੋਰੋਨਾ ਵਾਇਰਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਵੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਚੀਨ ਤੋਂ ਸ਼ੁਰੂ ਹੋਇਆ ਇਹ ਵਾਇਰਸ ਸਾਵਧਾਨੀ ਨਾ ਵਰਤਣ ਕਾਰਨ ਭਿਆਨਕ ਰੂਪ ਧਾਰਨ ਕਰ ਸਕਦਾ ਹੈ, ਇਸ ਲਈ ਸਰਕਾਰ ਵੱਲੋਂ ਸਮੇਂ ਸਿਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਪਹਿਲਾਂ ਮਾਸਕ ਵੀ ਪਹਿਨਣੇ ਚਾਹੀਦੇ ਹਨ। ਇਸ ਦੇ ਨਾਲ ਹੀ ਖਾਂਸੀ, ਜ਼ੁਕਾਮ ਅਤੇ ਬੁਖਾਰ ਤੋਂ ਪੀੜਤ ਮਰੀਜ਼ ਆਪਣਾ ਮੂੰਹ ਢੱਕ ਕੇ ਰੱਖਣ ਅਤੇ ਡਾਕਟਰ ਨਾਲ ਸੰਪਰਕ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News