ਵਿਦਿਆਰਥੀਆਂ ਨੂੰ ਪੜਾਇਆ ਜਾਵੇ ਚਾਰ ਸਾਹਿਬਜ਼ਾਦਿਆਂ ਦਾ ਇਤਿਹਾਸ : ਸਿਰਸਾ

12/23/2019 8:39:06 PM

ਜਲੰਧਰ/ਨਵੀਂ ਦਿੱਲੀ,(ਚਾਵਲਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਾਲ ਦਿਵਸ 'ਤੇ ਸਮੁੱਚੇ ਦੇਸ਼ ਦੇ ਸਕੂਲਾਂ 'ਚ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਚਾਰ ਸਾਹਿਬਜ਼ਾਦਿਆਂ ਬਾਰੇ ਇਤਿਹਾਸ ਪੜ੍ਹਾਇਆ ਜਾਵੇ ਕਿਉਂਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਮਿਸਾਲ ਦੁਨੀਆ ਵਿਚ ਹੋਰ ਕੋਈ ਨਹੀਂ ਹੈ। ਇਥੇ ਗੁਰਦੁਆਰਾ ਦਮਦਮਾ ਸਾਹਿਬ ਵਿਚ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਰਸਾ ਨੇ ਕਿਹਾ ਕਿ ਸਮੁੱਚੇ ਦੇਸ਼ ਵਿਚ ਬੱਚਿਆਂ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਕਿੰਨੇ ਦਲੇਰ, ਸਾਹਸੀ, ਹੌਸਲੇ ਵਾਲੇ ਤੇ ਸ਼ਹਾਦਤ ਤੋਂ ਨਾ ਡਰਨ ਵਾਲੇ ਸਨ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਵਾਸਤੇ ਸਰਕਾਰ ਨੂੰ ਪੰਜਾਬੀ ਤੋਂ ਇਲਾਵਾ ਹਿੰਦੀ, ਤਾਮਿਲ, ਮਰਾਠੀ, ਤੇਲਗੂ, ਮਲਿਆਲਮ ਸਮੇਤ ਦੇਸ਼ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਛਾਪਣਾ ਚਾਹੀਦਾ ਹੈ ਤੇ ਇਹ ਬਾਲ ਦਿਵਸ 'ਤੇ ਵਿਸ਼ੇਸ਼ ਤੌਰ 'ਤੇ ਪੜ੍ਹਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਲ ਦਿਵਸ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਮਨਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਿਰਫ ਦੇਸ਼ ਵਿਚ ਹੀ ਨਹੀਂ ਸਗੋਂ ਸਾਰੀ ਦੁਨੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਦੱਸਣ ਵਾਸਤੇ ਭਾਰਤ ਸਰਕਾਰ ਨੂੰ ਸੰਯੁਕਤ ਰਾਸ਼ਟਰ ਨਾਲ ਰਾਬਤਾ ਕਾਇਮ ਕਰ ਕੇ ਸਾਰੀ ਦੁਨੀਆਂ ਦੀਆਂ ਭਾਸ਼ਾਵਾਂ ਵਿਚ ਇਹ ਇਤਿਹਾਸ ਛਾਪਿਆ ਜਾਣਾ ਤੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇਸ਼ ਦੀ ਹੋਂਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਦੀ ਬਦੌਲਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਗੁਰੂ ਗੋਬਿੰਦ ਸਿੰਘ ਸਾਹਿਬ, ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਸਦਕਾ ਹੀ ਅੱਜ ਦਾ ਭਾਰਤ ਹੈ ਤੇ ਭਾਰਤ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਜਾਣਕਾਰੀ ਸਾਰੀ ਦੁਨੀਆਂ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਇਸ ਵਾਸਤੇ ਉਪਰਾਲੇ ਵੀ ਕਰ ਰਹੀ ਹੈ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਦੁਨੀਆਭਰ ਵਿਚ ਇਹ ਸ਼ਹਾਦਤ ਦੇ ਦਿਹਾੜੇ ਮਨਾਏ ਜਾਂਦੇ ਹਨ। ਉਨ੍ਹਾਂ ਇਸ ਮੌਕੇ ਖੁਲਾਸਾ ਕੀਤਾ ਕਿ ਗੁਜਰਾਤ ਵਿਚ ਵੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਦਿਹਾੜਾ ਮਨਾਇਆ ਜਾਂਦਾ ਹੈ ਪਰ ਸਿੱਖਾਂ ਵੱਲੋਂ ਨਹੀਂ ਬਲਕਿ ਗੈਰ-ਸਿੱਖਾਂ ਵੱਲੋਂ ਇਹ ਕਹਿ ਕੇ ਦਿਹਾੜਾ ਮਨਾਇਆ ਜਾਂਦਾ ਹੈ ਕਿ ਅਸੀਂ ਸਿੱਖਾਂ ਦੇ ਕਰਜ਼ਦਾਰ ਹਾਂ। ਉਨ੍ਹਾਂ ਕਿਹਾ ਕਿ ਪੋਹ ਦੇ ਇਸ ਠੰਡ ਨਾਲ ਭਰੇ ਮਹੀਨੇ ਵਿਚ ਲੋਕ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਮੰਜਿਆਂ 'ਤੇ ਨਹੀਂ ਸੌਂਦੇ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਲੋਕਾਂ ਨੂੰ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਵਾਸਤੇ ਜਿਥੇ ਡਿਜੀਟਲ ਮੀਡੀਆ ਵਿਚ ਵੱਖ-ਵੱਖ ਗੁਰਧਾਮਾਂ ਦੇ ਨਾਂ 'ਤੇ ਫੇਸਬੁੱਕ ਅਤੇ ਯੂਟਿਊਬ ਪੇਜ ਸ਼ੁਰੂ ਕੀਤੇ ਹਨ, ਉਥੇ ਹੀ ਇਨ੍ਹਾਂ 'ਤੇ ਪੰਜਾਬੀ ਦੇ ਨਾਲ-ਨਾਲ ਹਿੰਦੀ 'ਚ ਵੀ ਛੋਟੀਆਂ-ਛੋਟੀਆਂ ਵੀਡੀਓ ਪੋਸਟ ਕਰ ਕੇ ਲੋਕਾਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅੱਜ ਕੁਝ ਵਿਅਕਤੀ ਕਿਸੇ ਵਿਅਕਤੀ ਦਾ ਵਿਰੋਧ ਕਰਨ ਦੇ ਚੱਕਰ ਵਿਚ ਪੰਥਕ ਸੰਸਥਾਵਾਂ ਦਾ ਹੀ ਵਿਰੋਧ ਕਰਨ 'ਤੇ ਨਿੱਤਰ ਆਏ ਹਨ ਅਤੇ ਉਹ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਪ੍ਰੋਗਰਾਮਾਂ ਬਾਰੇ ਵੀ ਹਰ ਤਰ੍ਹਾਂ ਦਾ ਕੂੜ ਪ੍ਰਚਾਰ ਕਰ ਰਹੇ ਹਨ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਭੋਗਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਵੱਲੋਂ ਵੀ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਨੇਕਾਂ ਮੈਂਬਰਾਂ ਅਤੇ ਭਾਰੀ ਗਿਣਤੀ ਵਿਚ ਸੰਗਤਾਂ ਵੱਲੋਂ ਸ਼ਮੂਲੀਅਤ ਕੀਤੀ ਗਈ।


Related News