ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ : ਸੁਖਜਿੰਦਰ ਸਿੰਘ ਰੰਧਾਵਾ
Saturday, Oct 16, 2021 - 10:15 PM (IST)
            
            ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੰਘੂ ਬਾਰਡਰ ਵਿਖੇ ਬੀਤੀ ਸਵੇਰ ਵਾਪਰੀ ਘਟਨਾ ਦੇ ਕਾਰਨਾਂ ਦਾ ਡੂੰਘਾਈ ਨਾਲ ਪਤਾ ਲਗਾਉਣ ਲਈ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਰੰਧਾਵਾ ਨੇ ਕਿਹਾ ਕਿ ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੈ, ਜਿਥੇ ਇਹ ਲੋਕਾਂ ਦੀ ਧਾਰਮਿਕ ਆਸਥਾ ਨਾਲ ਸਬੰਧ ਰੱਖਦਾ ਹੈ, ਉੱਥੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ ਕਰੀਬ ਇਕ ਸਾਲ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅਕਸ ਨਾਲ ਵੀ ਸਬੰਧ ਰੱਖਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਵਾਲੇ ਗੈਰ-ਸਮਾਜੀ ਤੱਤਾਂ ਦੀ ਸ਼ਨਾਖਤ ਕਰਨੀ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਸੰਘਰਸ਼ ਨੂੰ ਸਾਬੋਤਾਜ ਕਰਨ ਦੀਆਂ ਕੋਸ਼ਿਸ਼ਾਂ ਪਹਿਲਾਂ ਤੋਂ ਹੀ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਦੇ ਉਪ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਕਿਹਾ ਕਿ ਹਰਿਆਣਾ ਸਰਕਾਰ ਖਾਸ ਕਰਕੇ ਹਰਿਆਣਾ ਪੁਲਸ ਵੀ ਇਸ ਘਟਨਾ ਤੋਂ ਆਪਣੇ ਆਪ ਨੂੰ ਵੱਖ ਨਹੀਂ ਕਰ ਸਕਦੀ ਕਿਉਂਕਿ ਅਮਨ-ਕਾਨੂੰਨ ਦੀ ਵਿਵਸਥਾ ਦੀ ਜ਼ਿੰਮੇਵਾਰੀ ਸਬੰਧਤ ਸੂਬਾ ਸਰਕਾਰ ਦੀ ਹੀ ਬਣਦੀ ਹੈ। ਹਰਿਆਣਾ ਪੁਲਸ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਤੇ ਸਖਤ ਨਿਗਰਾਨੀ ਯਕੀਨੀ ਬਣਾਉਣ ਉੱਤੇ ਲੋੜ ਦਿੰਦਿਆਂ ਰੰਧਾਵਾ ਨੇ ਸਵਾਲ ਵੀ ਕੀਤਾ ਕਿ ਜਿੱਥੇ ਵੱਡੀ ਗਿਣਤੀ ’ਚ ਲੋਕ ਜੁੜੇ ਬੈਠੇ ਹੋਣ ਅਤੇ ਧਾਰਮਿਕ ਗ੍ਰੰਥ ਵੀ ਸੁਸ਼ੋਭਿਤ ਹੋਣ, ਉਥੇ ਸੁਰੱਖਿਆ ਦੇ ਕਰੜੇ ਪ੍ਰਬੰਧ ਕਿਉਂ ਨਹੀਂ ਕੀਤੇ ਗਏ।
