ਕੇਂਦਰ ਨੇ ਇਨਕਮ ਟੈਕਸ ਵਿਭਾਗ ਨੂੰ ਹਥਿਆਰ ਬਣਾ ਕੇ ਆੜਤੀਆਂ ਦੇ ਘਰ ਛਾਪੇ ਮਰਵਾਏ : ਕੈਪਟਨ
Saturday, Dec 19, 2020 - 10:44 PM (IST)
ਚੰਡੀਗੜ੍ਹ/ਜਲੰਧਰ, (ਅਸ਼ਵਨੀ, ਧਵਨ)- ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਅੰਦੋਲਨਕਾਰੀ ਕਿਸਾਨਾਂ ਦੀ ਹਮਾਇਤ ਕਰ ਰਹੇ ਆੜ੍ਹਤੀਆ ਖਿਲਾਫ਼ ਡਰਾਉਣ-ਧਮਕਾਉਣ ਦੀਆਂ ਚਾਲਾਂ ਲਈ ਕੇਂਦਰ ਦੀ ਸਖਤ ਆਲੋਚਨਾ ਕਰਦਿਆਂ ਚਿਤਾਵਨੀ ਦਿੱਤੀ ਕਿ ਅਜਿਹੇ ਘਿਨਾਉਣੇ ਤਰੀਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖਿਲਾਫ ਲੋਕਾਂ ਦੇ ਗੁੱਸੇ ਵਿਚ ਹੋਰ ਵਾਧਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਕੇਂਦਰ ਵਲੋਂ ਪੰਜਾਬ ਦੇ ਕੁੱਝ ਆੜ੍ਹਤੀਆ ਖਿਲਾਫ਼ ਆਮਦਨ ਕਰ ਵਿਭਾਗ ਦੇ ਛਾਪੇ ਮਿੱਥ ਕੇ ਮਾਰੇ ਜਾ ਰਹੇ ਹਨ ਤਾਂ ਜੋ ਆੜ੍ਹਤੀਆਂ ਨੂੰ ਆਪਣੇ ਲੋਕਤੰਤਰੀ ਹੱਕਾਂ ਤੇ ਆਜ਼ਾਦੀ ਤੋਂ ਰੋਕਣ ਲਈ ਦਬਾਅ ਬਣਾਇਆ ਜਾ ਸਕੇ। ਅਜਿਹੀਆਂ ਜ਼ਾਲਮਾਨਾ ਕਾਰਵਾਈਆਂ ਸੱਤਾਧਾਰੀ ਭਾਜਪਾ ਨੂੰ ਪੁੱਠੀਆਂ ਪੈਣਗੀਆਂ। ਇਹ ਸਪੱਸ਼ਟ ਹੈ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮਨਾਉਣ, ਗੁੰਮਰਾਹ ਕਰਨ ਅਤੇ ਵੰਡਣ ਵਿਚ ਅਸਫ਼ਲ ਰਹਿਣ ਤੋਂ ਬਾਅਦ ਕੇਂਦਰ ਸਰਕਾਰ ਨੇ ਹੁਣ ਸੰਘਰਸ਼ ਨੂੰ ਕਮਜ਼ੋਰ ਕਰ ਲਈ ਆੜ੍ਹਤੀਆਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕੀਤਾ ਹੈ, ਜਿਹੜੇ ਪਹਿਲੇ ਹੀ ਦਿਨ ਤੋਂ ਪੂਰੀ ਸਰਗਰਮੀ ਨਾਲ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕਰ ਰਹੇ ਹਨ।
ਕੈਪਟਨ ਨੇ ਕਿਹਾ ਕਿ ਪੰਜਾਬ ਦੇ ਕਈ ਵੱਡੇ ਆੜ੍ਹਤੀਆਂ ਦੇ ਟਿਕਾਣਿਆਂ ’ਤੇ ਨੋਟਿਸ ਜਾਰੀ ਕਰਨ ਦੇ ਸਿਰਫ਼ ਚਾਰ ਦਿਨਾਂ ਦੇ ਅੰਦਰ ਹੀ ਆਮਦਨ ਕਰ ਵਿਭਾਗ ਵਲੋਂ ਛਾਪੇ ਮਾਰੇ ਗਏ ਹਨ, ਜਦੋਂਕਿ ਉਨ੍ਹਾਂ ਦੇ ਨੋਟਿਸ ਦਾ ਜਵਾਬ ਵੀ ਨਹੀਂ ਉਡੀਕਿਆ ਗਿਆ। ਮੁੱਖ ਮੰਤਰੀ ਨੇ ਪੁੱਛਿਆ ਕਿ ਜੇ ਇਹ ਕਿਸਾਨਾਂ ਦੇ ਸੰਘਰਸ਼ ਨੂੰ ਕਿਸੇ ਵੀ ਕੀਮਤ ’ਤੇ ਦਬਾਉਣ ’ਤੇ ਉਤਾਰੂ ਕੇਂਦਰ ਵਲੋਂ ਕੀਤੀ ਸਪੱਸ਼ਟ ਤੌਰ ’ਤੇ ਬਦਲਾਖੋਰੀ ਦੀ ਰਾਜਨੀਤੀ ਦਾ ਮਾਮਲਾ ਨਹੀਂ ਹੈ ਤਾਂ ਫਿਰ ਇਹ ਕੀ ਹੈ?
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਵਿਰੋਧੀਆਂ ਨੂੰ ਦਬਾਉਣ ਲਈ ਆਪਣੀ ਧੌਂਸ ਜਮਾਉਣ ਵਾਸਤੇ ਕੇਂਦਰੀ ਏਜੰਸੀ ਦੀ ਦੁਰਵਰਤੋਂ ਕਰਨ ਦੀ ਇਹ ਪਹਿਲੀ ਮਿਸਾਲ ਨਹੀਂ ਹੈ। ਕੇਂਦਰ ਦੀਆਂ ਇਹ ਧੱਕੇਸ਼ਾਹੀਆਂ ਵਿਸ਼ਵ ਦੇ ਸਭ ਤੋਂ ਵੱਡੇ ਜਮਹੂਰੀ ਮੁਲਕ ਲਈ ਚੰਗਾ ਸੰਕੇਤ ਨਹੀਂ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਕੇ ਨਵੇਂ ਪ੍ਰਗਤੀਸ਼ੀਲ ਕਾਨੂੰਨਾਂ ਲਈ ਨਵੇਂ ਸਿਰਿਓਂ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਵੀ ਕੀਤੀ।