ਬਠਿੰਡਾ ''ਚ ਸਕੂਲੀ ਵਿਦਿਆਰਥਣ ਨਾਲ ਛੇੜਛਾੜ ਦਾ ਮੁੱਦਾ ਗਰਮਾਇਆ, ਸਕੂਲ ਬਾਹਰ ਭਖਿਆ ਮਾਹੌਲ
Monday, Aug 18, 2025 - 04:26 PM (IST)

ਬਠਿੰਡਾ (ਵਿਜੇ) : ਇੱਥੇ ਇਕ ਨਿੱਜੀ ਸਕੂਲ ਦੀ 7ਵੀਂ ਜਮਾਤ ਦੀ ਵਿਦਿਆਰਥਣ ਨਾਲ ਸਕੂਲ ਵੈਨ ਦੇ ਡਰਾਈਵਰ ਵੱਲੋਂ ਕਥਿਤ ਤੌਰ 'ਤੇ ਦੁਰਵਿਵਹਾਰ ਕਰਨ ਦਾ ਮਾਮਲਾ ਜ਼ੋਰ ਫੜ੍ਹਦਾ ਜਾ ਰਿਹਾ ਹੈ। ਸੋਮਵਾਰ ਨੂੰ ਵਿਦਿਆਰਥੀਆਂ ਦੇ ਮਾਪੇ ਅਤੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਮੈਂਬਰ ਸਕੂਲ ਦੇ ਬਾਹਰ ਇਕੱਠੇ ਹੋਏ ਅਤੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਕੁੜੀ ਲਈ ਇਨਸਾਫ਼ ਦੀ ਮੰਗ ਕੀਤੀ। ਉਪਰੋਕਤ ਮਾਮਲੇ ਸਬੰਧੀ ਬੱਚਿਆਂ ਦੇ ਮਾਪੇ ਅਤੇ ਸੰਗਠਨਾਂ ਦੇ ਵਰਕਰ ਸਕੂਲ ਦੇ ਸਾਹਮਣੇ ਇਕੱਠੇ ਹੋਏ ਅਤੇ ਸਕੂਲ ਪ੍ਰਬੰਧਨ ਨੂੰ ਮਿਲਣ ਅਤੇ ਮੁੱਦੇ 'ਤੇ ਚਰਚਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਸਕੂਲ ਪ੍ਰਬੰਧਨ ਨੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।
ਕੁੜੀ ਦੇ ਮਾਪਿਆਂ ਨੇ ਦੱਸਿਆ ਕਿ ਸਕੂਲ ਪ੍ਰਬੰਧਨ ਨੇ ਉਨ੍ਹਾਂ ਨੂੰ ਦੱਸਿਆ ਕਿ ਸਕੂਲ ਵੈਨਾਂ ਨਿੱਜੀ ਤੌਰ 'ਤੇ ਚਲਾਈਆਂ ਜਾਂਦੀਆਂ ਹਨ ਅਤੇ ਸਕੂਲ ਦਾ ਵੈਨਾਂ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸਕੂਲ ਨੇ ਇਸ ਮਾਮਲੇ ਤੋਂ ਪੂਰੀ ਤਰ੍ਹਾਂ ਹੱਥ ਧੋ ਲਏ। ਲੋਕਾਂ ਨੇ ਕਿਹਾ ਕਿ ਸਕੂਲ ਭਾਰੀ ਫ਼ੀਸ ਲੈਂਦੇ ਹਨ ਅਤੇ ਦਾਖ਼ਲੇ ਸਮੇਂ ਲੱਖਾਂ ਰੁਪਏ ਲੈਂਦੇ ਹਨ ਪਰ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੁੱਦੇ ਤੋਂ ਹੱਥ ਧੋ ਲੈਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸਕੂਲ ਪ੍ਰਬੰਧਨ ਪੀੜਤ ਕੁੜੀ ਦੇ ਮਾਪਿਆਂ ਤੋਂ ਮੁਆਫ਼ੀ ਮੰਗੇ ਅਤੇ ਭਵਿੱਖ ਵਿੱਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਇਸ ਤੋਂ ਇਲਾਵਾ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਕੂਲ ਬੱਸਾਂ 'ਚ ਇੱਕ ਮਹਿਲਾ ਸਹਾਇਕ ਹੋਣਾ ਲਾਜ਼ਮੀ ਕੀਤਾ ਜਾਵੇ ਅਤੇ ਵੈਨਾਂ 'ਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ। ਲੋਕਾਂ ਦੇ ਗੁੱਸੇ ਨੂੰ ਦੇਖਦਿਆਂ ਸਿਵਲ ਲਾਈਨਜ਼ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਮਾਮਲਾ ਸ਼ਾਂਤ ਕਰਵਾਇਆ। ਇਸ ਸਬੰਧੀ ਸਿਵਲ ਲਾਈਨਜ਼ ਥਾਣੇ ਦੇ ਇੰਚਾਰਜ ਹਰਜੋਤ ਸਿੰਘ ਨੇ ਦੱਸਿਆ ਕਿ ਸਬੰਧਿਤ ਵੈਨ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।