ਅਜਨਾਲਾ ਹਿੰਸਾ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਨੇ ਕੱਸੀ ਕਮਰ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

02/25/2023 1:08:55 PM

ਜਲੰਧਰ (ਸੁਧੀਰ)- ਅਜਨਾਲਾ ਵਿਚ ਹੋਈ ਹਿੰਸਾ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਸ ਨੇ ਵੀ ਕਮਰ ਕੱਸ ਲਈ ਹੈ। ਸ਼ੁੱਕਰਵਾਰ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸਥਾਨਕ ਪੁਲਸ ਲਾਈਨਜ਼ ਵਿਚ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ। ਜਿਸ ਵਿਚ ਉਨ੍ਹਾਂ ਸ਼ਹਿਰ ਵਿਚ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਕਰਨ ਅਤੇ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ਦੀ ਨਕੇਲ ਕੱਸਣ ਦੇ ਹੁਕਮ ਜਾਰੀ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਹਾਲਾਤ ਨੂੰ ਵੇਖਦੇ ਹੋਏ ਸਥਾਨਕ ਪੁਲਸ ਲਾਈਨਜ਼ ਵਿਚ ਪਏ ਸਾਰੇ ਸਾਜ਼ੋ-ਸਾਮਾਨ ਦੀ ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਜਾਂਚ ਕੀਤੀ ਤਾਂ ਕਿ ਭਵਿੱਖ ਵਿਚ ਕਿਸੇ ਤਰ੍ਹਾਂ ਦੀ ਮੰਦਭਾਗੀ ਘਟਨਾ ਨਾਲ ਨਜਿੱਠਣ ਲਈ ਪੁਲਸ ਮੁਲਾਜ਼ਮਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸ਼ਹਿਰ ਵਿਚ ਲਾਅ ਐਂਡ ਆਰਡਰ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇਗਾ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹਾਲਾਤ ਨੂੰ ਵੇਖਦੇ ਹੋਏ ਸ਼ਹਿਰ ਵਿਚ ਨਾਈਟ ਡੋਮੀਨੇਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨੂੰ ਆਪਣੀਆਂ-ਆਪਣੀਆਂ ਸਬ-ਡਿਵੀਜ਼ਨਾਂ ਵਿਚ ਖ਼ੁਦ ਰਾਤ ਨੂੰ ਫੀਲਡ ਵਿਚ ਨਿਕਲ ਕੇ ਸ਼ਹਿਰ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ :ਵਿਆਹ ਦੀਆਂ ਸਾਈਆਂ-ਵਧਾਈਆਂ ਲਾ ਕੇ ਐਨ ਮੌਕੇ ਮੁੱਕਰਿਆ NRI ਪਰਿਵਾਰ, ਹੈਰਾਨ ਕਰਨ ਵਾਲਾ ਹੈ ਮਾਮਲਾ

ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਉਹ ਖੁਦ ਵੀ ਰਾਤ ਨੂੰ ਫੀਲਡ ਵਿਚ ਨਿਕਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪੀ. ਸੀ. ਆਰ. ਦਸਤੇ ਨੂੰ ਵੀ ਸ਼ਹਿਰ ਵਿਚ ਪੈਟਰੋਲਿੰਗ ਕਰਨ ਦੇ ਨਾਲ-ਨਾਲ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ਦੀ ਨਕੇਲ ਕੱਸਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੀ. ਸੀ. ਆਰ. ਕਰਮਚਾਰੀਆਂ ਦੇ ਮੋਟਰਸਾਈਕਲਾਂ ਅਤੇ ਜੂਲੋ ਗੱਡੀਆਂ ਵਿਚ ਪੈਟਰੋਲ ਦੀ ਸਮੱਸਿਆ ਨੂੰ ਵੀ ਦੂਰ ਕੀਤਾ ਜਾ ਰਿਹਾ ਹੈ ਤਾਂ ਕਿ ਪੁਲਸ ਮੁਲਾਜ਼ਮਾਂ ਨੂੰ ਪੈਟਰੋਲਿੰਗ ਦੌਰਾਨ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਵੀ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਮੁਲਾਜ਼ਮਾਂ ਨੂੰ ਪ੍ਰਸ਼ੰਸਾ-ਪੱਤਰ ਦੇ ਕੇ ਸਨਮਾਨਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਵੀ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਅਜਿਹੇ ਹੀ ਪ੍ਰਸ਼ੰਸਾ-ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ, ਜਦੋਂ ਕਿ ਡਿਊਟੀ ਵਿਚ ਲਾਪ੍ਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੀ. ਪੀ. ਚਾਹਲ ਨੇ ਦੱਸਿਆ ਕਿ ਸਾਰੇ ਮੁਲਾਜ਼ਮਾਂ ਨੂੰ ਆਪਣੇ ਵਾਇਰਲੈੱਸ ਸੈੱਟਾਂ ਦੀਆਂ ਬੈਟਰੀਆਂ ਬਿਲਕੁਲ ਚਾਰਜ ਰੱਖਣ ਅਤੇ ਕੰਟਰੋਲ ਰੂਮ ਤੋਂ ਕਿਸੇ ਤਰ੍ਹਾਂ ਦਾ ਮੈਸੇਜ ਆਉਣ ’ਤੇ ਤੁਰੰਤ ਘਟਨਾ ਸਥਾਨ ’ਤੇ ਪਹੁੰਚਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਮੁੱਖ ਐਂਟਰੀ ਪੁਆਇੰਟਾਂ ਨੂੰ ਵੀ ਰਾਤ ਨੂੰ ਸੀਲ ਕਰਕੇ ਦੂਜੇ ਸੂਬਿਆਂ ਤੋਂ ਆਉਣ ਵਾਲੇ ਵਾਹਨ ਚਾਲਕਾਂ ਤੋਂ ਪੁੱਛਗਿੱਛ ਕਰ ਕੇ ਉਨ੍ਹਾਂ ਨੂੰ ਸ਼ਹਿਰ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਦੇਣ ਦੇ ਹੁਕਮ ਦਿੱਤੇ ਗਏ ਹਨ। ਵਰਣਨਯੋਗ ਹੈ ਕਿ ਅਜਨਾਲਾ ਹਿੰਸਾ ਨੂੰ ਲੈ ਕੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਵੀ ਕਿਹਾ ਕਿ ਜੋ ਕੁਝ ਹੋਇਆ, ਉਹ ਨਿੰਦਣਯੋਗ ਹੈ। ਉਨ੍ਹਾਂ ਸਾਫ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇਗਾ, ਜਿਸ ਦੇ ਲਈ ਉਨ੍ਹਾਂ ਸੂਬੇ ਭਰ ਵਿਚ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਅਤੇ ਲਾਅ ਐਂਡ ਆਰਡਰ ਨੂੰ ਹਰ ਹਾਲਤ ਵਿਚ ਕਾਇਮ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ :ਪੁਲਸ ਮੁਕਾਬਲੇ ’ਚ ਮਰਿਆ ਗੋਰਾਇਆ ਦਾ ਨਿਕਲਿਆ ਤੀਜਾ ਗੈਂਗਸਟਰ, ਪਰਿਵਾਰ ਨੇ ਪੁਲਸ 'ਤੇ ਚੁੱਕੇ ਸਵਾਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

shivani attri

This news is Content Editor shivani attri