ਮੰਨਣ ਵਿਖੇ ਅਣਪਛਾਤਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ, ਸੰਗਤਾਂ ’ਚ ਭਾਰੀ ਰੋਸ
Sunday, Mar 19, 2023 - 12:39 PM (IST)
ਝਬਾਲ (ਨਰਿੰਦਰ)- ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਅਜੇ ਤੱਕ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਜਿਸ ਕਰਕੇ ਸਿੱਖ ਸੰਗਤਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਿੰਡ ਮੰਨਣ ਵਿਖੇ ਗੁਰਦੁਆਰਾ ਸ੍ਰੀ ਨਾਨਕਸਰ ਵਿਖੇ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਪਤਾ ਲੱਗਣ ਤੋਂ ਬਾਅਦ ਸਿੱਖ ਸੰਗਤਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਪਤਾ ਉਸ ਵੇਲੇ ਲੱਗਾ ਜਦੋਂ ਪਿੰਡ ਦੇ ਗੁਰਭੇਜ ਸਿੰਘ ਪੁੱਤਰ ਕਰੈਨਲ ਸਿੰਘ ਦੇ ਘਰ ਮਰਗ ਦਾ ਆਖੰਡ ਪਾਠ ਰੱਖਿਆ ਹੋਇਆ ਸੀ ਤਾਂ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਨੇ ਵੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵੱਖ-ਵੱਖ ਥਾਵਾਂ ਤੋਂ ਕੁਝ ਅੰਗਾਂ ਦੀ ਬੇਅਦਬੀ ਕੀਤੀ ਹੋਈ ਸੀ, ਜਿਸ ਸਬੰਧੀ ਉਨ੍ਹਾਂ ਸਾਰਾ ਮਾਮਲਾ ਤੁਰੰਤ ਸਿੱਖ ਜਥੇਬੰਦੀਆਂ ਦੇ ਧਿਆਨ ’ਚ ਲਿਆਂਦਾ। ਘਟਨਾ ਮੌਕੇ ਦਮਦਮੀ ਟਕਸਾਲ ਦੇ ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਸੂਬਾ ਸਿੰਘ ਰਾਮਰੌਣੀ, ਸਤਿਕਾਰ ਕਮੇਟੀ ਭਾਈ ਮਨਜੀਤ ਸਿੰਘ ਝਬਾਲ, ਭਾਈ ਕੁਲਦੀਪ ਸਿੰਘ, ਭਾਈ ਪ੍ਰਗਟ ਸਿੰਘ ਪੰਡੋਰੀ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਗੁਰਦੁਆਰਾ ਸਾਹਿਬ ਪਹੁੰਚ ਗਈਆਂ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
ਇਸ ਮੌਕੇ ਡੀ.ਐੱਸ.ਪੀ ਜਸਪਾਲ ਸਿੰਘ ਢਿੱਲੋਂ ਅਤੇ ਥਾਣਾ ਮੁਖੀ ਕੇਵਲ ਸਿੰਘ ਵੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀ. ਐੱਸ. ਪੀ ਨੇ ਕਿਹਾ ਕਿ ਇਸ ਵਿਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਇਸ ਲਈ ਸੀ.ਸੀ.ਟੀ.ਵੀ ਖੰਗਾਲੇ ਜਾ ਰਹੇ ਹਨ ਅਤੇ ਹਾਲ ਦੀ ਘੜੀ ਅਣਪਛਾਤਿਆਂ ਵਿਰੁੱਧ ਮੁਕੱਦਮਾ ਨੰਬਰ 33/23 ਧਾਰਾ 295-ਏ, ਦੇ ਅਧੀਨ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਕਸ਼ਨ: ਪੈਰਾ ਮਿਲਟਰੀ ਫੋਰਸ ਨੇ ਘੇਰਿਆ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲੂਪੁਰ ਖੇੜਾ
ਇਸ ਮੌਕੇ ਭਾਈ ਅਜਨਾਲਾ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨਿਖੇਧੀ ਕਰਦਿਆਂ ਕਿਹਾ ਕਿ ਮੁਲਜ਼ਮਾਂ ਨੂੰ ਸਿੱਖ ਰਵਾਇਤੀ ਢੰਗ ਨਾਲ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਕਿਸੇ ਨੂੰ ਬਖਸ਼ਿਆ ਨਾ ਜਾਵੇ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸਾਰੀ ਘਟਨਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਠੀ ਸਿੰਘਾਂ ਅਤੇ ਗ੍ਰੰਥੀ ਸਿੰਘ ਤੋਂ ਸਖ਼ਤੀ ਨਾਲ ਪੁੱਛਗਿੱਛ ਕਰਕੇ ਮੁਲਜ਼ਮਾਂ ਦਾ ਪਤਾ ਲਗਾ ਕੇ ਸਜ਼ਾ ਦਿੱਤੀ ਜਾਵੇ। ਘਟਨਾ ਦਾ ਪਤਾ ਲੱਗਣ ’ਤੇ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਕੁਲਦੀਪ ਸਿਘ ਰੰਧਾਵਾ, ਸਰਪੰਚ ਮਨਜਿੰਦਰ ਸਿੰਘ ਐਮਾ, ਸੁਖਦੇਵ ਸਿੰਘ ਖਾਲਸਾ ਐਮਾ ਅਤੇ ਸਿੱਖ ਆਗੂ ਪਹੁੰਚੇ ਹੋਏ ਸਨ ਅਤੇ ਸਿੱਖ ਸੰਗਤਾਂ ’ਚ ਭਾਈ ਰੋਸ ਸੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।