ਜੇਲ੍ਹ ਮੰਤਰੀ ਖ਼ਿਲਾਫ ਕਤਲ ਦਾ ਮੁਕੱਦਮਾ ਦਰਜ ਹੋਵੇ : ਸੁਖਬੀਰ
Friday, Jun 28, 2019 - 07:27 PM (IST)

ਚੰਡੀਗੜ੍ਹ (ਅਸ਼ਵਨੀ)— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਰੰਧਾਵਾ ਕੱਲ੍ਹ ਲੁਧਿਆਣਾ ਕੇਂਦਰੀ ਜੇਲ੍ਹ 'ਚ ਹੋਈ ਪੁਲਸ ਗੋਲੀਬਾਰੀ ਦੌਰਾਨ ਹੋਈ ਇਕ ਕੈਦੀ ਦੀ ਮੌਤ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ। ਇੱਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਪੁਲਸ ਗੋਲੀਬਾਰੀ 'ਚ ਕੈਦੀ ਅਜੀਤ ਬਾਬਾ ਅਤੇ ਚਾਰ ਹੋਰ ਕੈਦੀਆਂ ਦੇ ਜ਼ਖ਼ਮੀ ਹੋਣ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਜੇਲ੍ਹ ਮੰਤਰੀ ਤੋਂ ਇਲਾਵਾ ਬਾਕੀ ਸੀਨੀਅਰ ਪੁਲਸ ਅਧਿਕਾਰੀਆਂ ਅਤੇ ਜੇਲ੍ਹ ਸੁਪਰਡੈਂਟ ਦੀ ਭੂਮਿਕਾ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਇਸ ਘਟਨਾ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਜਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਕਿਸੇ ਮੌਜ਼ੂਦਾ ਜੱਜ ਤੋਂ ਕਰਵਾਉਣ ਦਾ ਹੁਕਮ ਨਾ ਦਿੱਤਾ ਤਾਂ ਸੱਤਾ 'ਚ ਆਉਣ ਮਗਰੋਂ ਅਕਾਲੀ ਦਲ ਵੱਲੋਂ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਦਾ ਹੁਕਮ ਜਾਰੀ ਕੀਤਾ ਜਾਵੇਗਾ।
ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਕਾਰਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲਦੀ ਜੁਲਦੀ ਹੀ ਹੋਵੇਗੀ, ਜਿਸ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈ ਪੁਲਸ ਗੋਲੀਬਾਰੀ ਇਹ ਦਲੀਲ ਦਿੱਤੀ ਸੀ ਕਿ ਕੋਈ ਵੀ ਪੁਲਸ ਅਧਿਕਾਰੀ ਉੱਪਰੋਂ ਮਿਲੇ ਹੁਕਮਾਂ ਤੋਂ ਬਗੈਰ ਗੋਲੀ ਨਹੀਂ ਚਲਾ ਸਕਦਾ ਸੀ। ਉਹਨਾਂ ਕਿਹਾ ਕਿ ਇਸ ਦਲੀਲ ਮੁਤਾਬਿਕ ਵੇਖੀਏ ਤਾਂ ਇਹ ਬਿਲਕੁੱਲ ਸਪੱਸ਼ਟ ਹੈ ਕਿ ਕੱਲ੍ਹ ਲੁਧਿਆਣਾ ਜੇਲ੍ਹ ਦੇ ਕੈਦੀਆਂ ਉੱਤੇ ਗੋਲੀ ਚਲਾਉਣ ਦੇ ਹੁਕਮ ਜੇਲ੍ਹ ਮੰਤਰੀ ਨੇ ਦਿੱਤੇ ਸਨ। ਉਹਨਾਂ ਕਿਹਾ ਕਿ ਅਸੀਂ ਇਸ ਦੀ ਜਾਂਚ ਕਰਾਵਾਂਗੇ ਅਤੇ ਜ਼ਿੰਮੇਵਾਰੀ ਤੈਅ ਕਰਾਂਗੇ। ਇਹ ਫੈਸਲਾ ਲੈਣ ਲਈ ਕਿ ਪੁਲਸਗੋਲੀਬਾਰੀ ਦੇ ਹੁਕਮ ਕਿਸਨੇ ਦਿੱਤੇ ਸਨ, ਜੇਲ੍ਹ ਮੰਤਰੀ ਦੀਆਂ ਸਾਰੀਆਂ ਫੋਨ ਕਾਲਾਂ ਦੀ ਜਾਂਚ ਕੀਤੀ ਜਾਵੇਗੀ ਤਾਂ ਕਿ ਇਹ ਸੱਚ ਸਾਹਮਣੇ ਲਿਆਂਦਾ ਜਾ ਸਕੇ ਕਿ ਪੁਲਸ ਗੋਲੀਬਾਰੀ ਕਿਸੇ ਨੇ ਕਰਵਾਈ ਸੀ।