ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਜਲਦ ਹੋਵੇਗਾ ਐਲਾਨ! ਇਸ ਆਗੂ ਦਾ ਨਾਂ ਸਭ ਤੋਂ ਅੱਗੇ

Wednesday, Feb 19, 2025 - 03:04 PM (IST)

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਜਲਦ ਹੋਵੇਗਾ ਐਲਾਨ! ਇਸ ਆਗੂ ਦਾ ਨਾਂ ਸਭ ਤੋਂ ਅੱਗੇ

ਚੰਡੀਗੜ੍ਹ (ਅੰਕੁਰ) : ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੂੰ ਪੰਜਾਬ ਦਾ ਇੰਚਾਰਜ ਲਾਉਣ ਮਗਰੋਂ ਪੰਜਾਬ ਕਾਂਗਰਸ 'ਚ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਇੰਚਾਰਜ ਬਦਲਣ ਤੋਂ ਬਾਅਦ ਹੁਣ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਛੇਤੀ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ। ਇਸ ਦੇ ਸੰਕੇਤ ਪਿਛਲੇ ਦਿਨੀਂ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਦਿੱਤੇ ਸਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪ੍ਰਧਾਨ ਬਣਨਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਨੇ ਪ੍ਰਧਾਨਗੀ ਦੇ ਦਾਅਵੇਦਾਰਾਂ ਨੂੰ ਨਸੀਹਤ ਦਿੰਦਿਆ ਕਿਹਾ ਕਿ ਪਾਰਟੀ ਹਾਈਕਮਾਨ ਕੋਲ ਜਾਓ ਅਤੇ ਆਪਣਾ ਦਾਅਵਾ ਪੇਸ਼ ਕਰੋ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਇਸ ਤੋਂ ਬਾਅਦ ਪੰਜਾਬ ਦੇ ਕਈ ਸੀਨੀਅਰ ਆਗੂ ਦਿੱਲੀ 'ਚ ਡੇਰੇ ਲਾ ਰਹੇ ਹਨ ਅਤੇ ਪਾਰਟੀ ਹਾਈਕਮਾਨ ਦੇ ਨੇਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨਗੀ ਦੇ ਦਾਅਵੇਦਾਰ ਆਪਣਾ ਸ਼ਕਤੀ ਪ੍ਰਦਰਸ਼ਨ ਦਿੱਲੀ ਜਾ ਕੇ ਕਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਮੰਗਲਵਾਰ ਨੂੰ ਨਵੀਂ ਦਿੱਲੀ 'ਚ ਨਵੇਂ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲੇ। ਇਸ ਤੋਂ ਇਲਾਵਾ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਵਿਧਾਇਕ ਪਰਗਟ ਸਿੰਘ ਵੀ ਉਨ੍ਹਾਂ ਨੂੰ ਮਿਲੇ। ਪਰਗਟ ਸਿੰਘ ਨੇ ਸੋਸ਼ਲ ਮੀਡੀਆ 'ਤੇ ਇਕ ਤਸਵੀਰ ਵੀ ਸਾਂਝੀ ਕੀਤੀ, ਜਿਸ ਨਾਲ ਉਨ੍ਹਾਂ ਨੇ ਲਿਖਿਆ ਕਿ ਭੂਪੇਸ਼ ਬਘੇਲ ਦੀ ਅਗਵਾਈ ਨਾਲ ਸਾਨੂੰ ਉਮੀਦ ਹੈ ਕਿ ਪੰਜਾਬ ਕਾਂਗਰਸ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਕੱਠੇ 2027 'ਚ ਜਿੱਤ ਦਾ ਰਾਹ ਪੱਧਰਾ ਕਰਨ ਲਈ ਵਚਨਬੱਧ ਹਾਂ। ਪਿਛਲੇ ਦਿਨੀਂ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਜੇਕਰ ਕਾਂਗਰਸ ਦੇ ਆਗੂ ਇਕੱਠੇ ਨਾ ਚੱਲੇ ਤਾਂ ਉਨ੍ਹਾਂ ਦਾ ਹਾਲ ਵੀ ਸ਼੍ਰੋਮਣੀ ਅਕਾਲੀ ਦਲ ਵਾਂਗ ਹੋ ਜਾਵੇਗਾ। ਆਗੂ ਇਕੱਠੇ ਹੋ ਕੇ ਹਾਈਕਮਾਨ ਨੂੰ ਨਹੀਂ ਮਿਲ ਰਹੇ, ਸਗੋਂ ਆਪਣਾ ਸ਼ਕਤੀ ਪ੍ਰਦਰਸ਼ਨ ਵੱਖ-ਵੱਖ ਧੜਿਆਂ 'ਚ ਜਾ ਕੇ ਕਰ ਰਹੇ ਹਨ।

ਇਹ ਵੀ ਪੜ੍ਹੋ : ਜ਼ਮੀਨਾਂ ਦੇ ਕੁਲੈਕਟਰ ਰੇਟਾਂ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਦੋਂ ਤੋਂ ਹੋਣਗੇ ਲਾਗੂ
ਪ੍ਰਧਾਨਗੀ ਨੂੰ ਲੈ ਕੇ ਚੰਨੀ ਦਾ ਨਾਂ ਸਭ ਤੋਂ ਅੱਗੇ
ਪ੍ਰਧਾਨਗੀ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ, ਰਾਣਾ ਗੁਰਜੀਤ ਸਿੰਘ, ਵਿਜੈਇੰਦਰ ਸਿੰਗਲਾ, ਪਰਗਟ ਸਿੰਘ ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਵੀ ਚਰਚਾ 'ਚ ਹੈ।
ਇਕ-ਦੂਜੇ ਖ਼ਿਲਾਫ਼ ਟਿੱਪਣੀਆਂ ਕਰਨ ਤੋਂ ਬਾਜ਼ ਨਹੀਂ ਆ ਰਹੇ ਆਗੂ
ਪਿਛਲੇ ਦਿਨੀਂ ਕਾਂਗਰਸ ਦੇ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਨੇ ਆਪਣੇ ਹੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੈਲਫਿਸ਼ ਤੇ ਆਰਟੀਫੀਸ਼ੀਅਲ ਪ੍ਰਧਾਨ ਕਹਿ ਦਿੱਤਾ ਸੀ। ਇਸ ਤੋਂ ਬਾਅਦ ਰਾਜਾ ਵੜਿੰਗ ਨੇ ਵੀ ਕਿਸੇ ਦਾ ਨਾਂ ਲਏ ਬਗੈਰ ਕਿਹਾ ਕਿ ਜੇ ਕੋਈ ਮੁੱਦਾ ਹੈ ਤਾਂ ਇਸ ਨੂੰ ਪਾਰਟੀ ਪਲੇਟਫਾਰਮ 'ਤੇ ਚੁੱਕਿਆ ਜਾ ਸਕਦਾ ਹੈ, ਜਨਤਕ ਮੰਚ 'ਤੇ ਨਹੀਂ। ਉਨ੍ਹਾਂ ਕਿਹਾ ਕਿ ਹਰੇਕ ਨੇਤਾ ਨੂੰ, ਭਾਵੇਂ ਕਿਸੇ ਵੀ ਅਹੁਦੇ 'ਤੇ ਹੋਵੇ, ਜਨਤਕ ਬਿਆਨ ਦਿੰਦੇ ਸਮੇਂ ਅਨੁਸ਼ਾਸਨ ਤੇ ਸ਼ਿਸ਼ਟਾਚਾਰ ਬਣਾਈ ਰੱਖਣਾ ਚਾਹੀਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 


author

Babita

Content Editor

Related News