ਦੋ ਮਹੀਨਿਆਂ ’ਚ ਆਮ ਆਦਮੀ ਕਲੀਨਿਕਾਂ ’ਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਤਿੰਨ ਲੱਖ ਤੋਂ ਪਾਰ : ਜੌੜਾਮਾਜਰਾ

Sunday, Oct 16, 2022 - 05:08 PM (IST)

ਦੋ ਮਹੀਨਿਆਂ ’ਚ ਆਮ ਆਦਮੀ ਕਲੀਨਿਕਾਂ ’ਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਤਿੰਨ ਲੱਖ ਤੋਂ ਪਾਰ : ਜੌੜਾਮਾਜਰਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ ‘ਆਮ ਆਦਮੀ ਕਲੀਨਿਕ’ ਨੇ ਆਪਣੀ ਸ਼ੁਰੂਆਤ ਦੇ ਦੋ ਮਹੀਨਿਆਂ ਦੌਰਾਨ ਤਿੰਨ ਲੱਖ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਇਕ ਹੋਰ ਵੱਡਾ ਕਦਮ ਪੁੱਟਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦਿੱਤੀ। ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 100 ਆਮ ਆਦਮੀ ਕਲੀਨਿਕਾਂ ‘ਤੇ ਰੋਜ਼ਾਨਾ ਸੱਤ ਹਜ਼ਾਰ ਤੋਂ ਵੱਧ ਆਮ ਲੋਕ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਮਰੀਜ਼ਾਂ, ਵਿਸ਼ੇਸ਼ ਤੌਰ ’ਤੇ ਓ.ਪੀ.ਡੀ. ਸੇਵਾਵਾਂ ਦੀ ਲੋੜ ਵਾਲੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਏ ਹਨ, ਜੋ ਹੁਣ ਤੱਕ ਲੰਬੀ ਕਤਾਰ ਵਿਚ ਖੜ੍ਹੇ ਹੋਣ ਦੇ ਡਰ ਕਾਰਨ ਸਰਕਾਰੀ ਸਿਹਤ ਸਹੂਲਤਾਂ ਦਾ ਦੌਰਾ ਨਹੀਂ ਕਰ ਰਹੇ ਸਨ। ਸਿਹਤ ਮੰਤਰੀ ਨੇ ਦੱਸਿਆ ਕਿ 15 ਅਗਸਤ ਤੋਂ 15 ਅਕਤੂਬਰ, 2022 ਤੱਕ ਮਰੀਜ਼ਾਂ ਦੀ ਗਿਣਤੀ 347193 ਤੱਕ ਜਾ ਅੱਪੜੀ ਹੈ ਅਤੇ ਹੁਣ ਤੱਕ 45570 ਕਲੀਨਿਕਲ ਟੈਸਟ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਉਪਰਾਲਾ ਸਿਹਤ ਸੰਭਾਲ ਖੇਤਰ ਵਿਚ ਕ੍ਰਾਂਤੀ ਲਿਆ ਰਿਹਾ ਹੈ। ਇਨ੍ਹਾਂ ਕਲੀਨਿਕਾਂ ਤੋਂ 90 ਫੀਸਦੀ ਮਰੀਜ਼ਾਂ ਨੂੰ ਇਲਾਜ ਦੀਆਂ ਸਹੂਲਤਾਂ ਮਿਲ ਰਹੀਆਂ ਹਨ, ਜਿਸ ਨਾਲ ਹਸਪਤਾਲਾਂ ’ਤੇ ਬੋਝ ਘਟਿਆ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ 100 ਤਰ੍ਹਾਂ ਦੀਆਂ ਦਵਾਈਆਂ ਅਤੇ 41 ਤਰ੍ਹਾਂ ਦੀਆਂ ਬੁਨਿਆਦੀ ਲੈਬ ਟੈਸਟਿੰਗ ਸਹੂਲਤਾਂ ਇਨ੍ਹਾਂ ਕਲੀਨਿਕਾਂ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਨ ਪੱਖੋਂ ਐੱਸ. ਏ. ਐੱਸ. ਨਗਰ ਸਮੂਹ ਜ਼ਿਲ੍ਹਿਆਂ ਵਿਚੋਂ ਅੱਗੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਾਜ਼ੇ ਅੰਕੜਿਆਂ ਅਨੁਸਾਰ ਐੱਸ.ਏ.ਐੱਸ. ਨਗਰ ਵਿਚ ਹੁਣ ਤੱਕ ਕੁੱਲ 51000 ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 6442 ਲੈਬ ਟੈਸਟ ਕੀਤੇ ਜਾ ਚੁੱਕੇ ਹਨ, ਜਦੋਂ ਕਿ ਜ਼ਿਲ੍ਹਾ ਲੁਧਿਆਣਾ ਨੇ 41792 ਮਰੀਜ਼ਾਂ ਅਤੇ 4435 ਕਲੀਨਿਕਲ ਟੈਸਟਾਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਨੇ 29440 ਮਰੀਜ਼ਾਂ ਅਤੇ 3622 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।

ਜੌੜਾਮਾਜਰਾ ਨੇ ਦੱਸਿਆ ਕਿ 100 ਕਲੀਨਿਕ (65 ਸ਼ਹਿਰੀ ਖੇਤਰਾਂ ਵਿਚ ਅਤੇ 35 ਪੇਂਡੂ ਖੇਤਰਾਂ ਵਿਚ) ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਸਰਕਾਰ ਸੂਬੇ ’ਚ ਛੇਤੀ ਹੀ ਅਜਿਹੇ ਹੋਰ ਕਲੀਨਿਕਾਂ ਦਾ ਨੈੱਟਵਰਕ ਸਥਾਪਤ ਕਰੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਇਹ ਅਹਿਮ ਪਹਿਲ ਕਦਮੀ ਸੂਬੇ ਦੀ ਸਮੁੱਚੀ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਫਤ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ ਕਲੀਨਿਕਾਂ ਵਿਚ ਜਾ ਕੇ ਜਾਂ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਨਾਲ ਡਾਕਟਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। 


author

Gurminder Singh

Content Editor

Related News