ਸੰਗਰੂਰ ’ਚ ਬੋਲੇ ਮੁੱਖ ਮੰਤਰੀ ਮਾਨ, ਵਿਦੇਸ਼ਾਂ ’ਚੋਂ ਨੌਜਵਾਨਾਂ ਦੀ ਵਤਨ ਵਾਪਸੀ ਦਾ ਦੌਰ ਹੋਇਆ ਸ਼ੁਰੂ

Thursday, Mar 07, 2024 - 06:47 PM (IST)

ਸੰਗਰੂਰ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਪਿਛਲੇ ਦੋ ਸਾਲਾਂ ’ਚ ਲਗਭਗ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸੰਗਰੂਰ ’ਚ ਲੱਡਾ ਕੋਠੀ ਵਿਖੇ 2487 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ’ਚੋਂ 1750 ਨੌਜਵਾਨਾਂ ਨੂੰ ਗ੍ਰਹਿ ਵਿਭਾਗ, 205 ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, 39 ਨੂੰ ਮਾਲ ਵਿਭਾਗ, 60 ਨੂੰ ਆਬਕਾਰੀ ਵਿਭਾਗ, 421 ਨੂੰ ਸਥਾਨਕ ਸਰਕਾਰਾਂ ਵਿਭਾਗ, ਚਾਰ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ’ਚ ਅਤੇ ਅੱਠ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿਭਾਗ ’ਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਦਾ ਮਤਲਬ ਪੂਰੇ ਪਰਿਵਾਰ ਦੇ ਜੀਵਨ ਜਿਉਣ ਦੇ ਸਲੀਕੇ ’ਚ ਗੁਣਾਤਮਕ ਤਬਦੀਲੀ ਆ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 16 ਮਾਰਚ, 2022 ਨੂੰ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਉਦੋਂ ਤੋਂ ਹੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਰਾਹੀਂ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ ਪਰ ਹੁਣ ਨੌਕਰੀਆਂ ਸਿਰਫ਼ ਅਤੇ ਸਿਰਫ਼ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾਂਦੀਆਂ ਹਨ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ‘ਮਿਸ਼ਨ ਰੋਜ਼ਗਾਰ’ ਨਾਲ ਨੌਜਵਾਨਾਂ ਦੇ ਮਨਾਂ ’ਚ ਪੈਦਾ ਹੋਈ ਨਕਾਰਾਤਮਕ ਭਾਵਨਾ ਦੂਰ ਕਰਨ ’ਚ ਮਦਦ ਮਿਲੀ ਹੈ ਜਿਸ ਕਾਰਨ ਉਨ੍ਹਾਂ ਨੇ ਹੁਣ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਉਲਟਾ ਵਿਦੇਸ਼ ਗਏ ਪੰਜਾਬ ਦੇ ਨੌਜਵਾਨਾਂ ’ਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਹੈ,‘‘ਜੇਕਰ ਦੋ ਸਾਲਾਂ ’ਚ 43,000 ਦੇ ਕਰੀਬ ਨੌਕਰੀਆਂ ਦਿੱਤੀਆਂ ਜਾ ਸਕਦੀਆਂ ਹਨ ਤਾਂ ਸਵਾਲ ਪੈਦਾ ਹੁੰਦਾ ਹੈ ਕਿ ਨੌਜਵਾਨਾਂ ਦੀ ਭਲਾਈ ਲਈ ਪਿਛਲੇ 75 ਸਾਲਾਂ ’ਚ ਅਜਿਹਾ ਕਿਉਂ ਨਹੀਂ ਕੀਤਾ ਗਿਆ। ਮੈਂ ਸਿਸਟਮ ਨੂੰ ਸੁਧਾਰਨ ਅਤੇ ਸੂਬੇ ਦੇ ਵਿਕਾਸ ’ਚ ਨੌਜਵਾਨ ਵਰਗ ਨੂੰ ਸਰਗਰਮ ਭਾਈਵਾਲ ਬਣਾਉਣ ਦੇ ਰਾਹ ’ਤੇ ਤੁਰਿਆ ਹੋਇਆ ਹਾਂ।” 

ਇਹ ਵੀ ਪੜ੍ਹੋ : ਭਾਰਤੀਆਂ ’ਚ ਬਰਤਾਨੀਆਂ ਜਾਣ ਦੀ ਦੀਵਾਨਗੀ, ਗੈਰ-ਕਾਨੂੰਨੀ ਮਾਮਲਿਆਂ ’ਚ ਵੱਡੇ ਪੱਧਰ ’ਤੇ ਵਾਧਾ 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ’ਚ ਖ਼ਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 43,000 ਦੇ ਕਰੀਬ ਨੌਕਰੀਆਂ ’ਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ’ਚ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਲਈ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੰਮਕਾਜ ਲਈ ਆਉਂਦੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ਼ ਦਿਵਾਉਣ ਦੀ ਭਾਵਨਾ ਨਾਲ ਕੰਮ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਭਰ ’ਚ ਬਣਾਈਆਂ ਜਾ ਰਹੀਆਂ ਸਾਰੀਆਂ ਲਾਇਬ੍ਰੇਰੀਆਂ ’ਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਲੋੜੀਂਦੀਆਂ ਪੁਸਤਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

PunjabKesari

ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਗਿਆਨ ਅਤੇ ਸ਼ਕਤੀ ਨਾਲ ਲੈਸ ਕਰਨਾ ਹੈ ਤਾਂ ਜੋ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਸ਼ਾਮਲ ਹੋ ਕੇ ਸਾਨਦਾਰ ਪ੍ਰਦਰਸ਼ਨ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਤਾਂ ਜੋ ਨੌਜਵਾਨ ਉੱਚ ਅਹੁਦਿਆਂ ’ਤੇ ਬੈਠ ਕੇ ਦੇਸ਼ ਦੀ ਤਨਦੇਹੀ ਨਾਲ ਸੇਵਾ ਕਰ ਸਕਣ। ਨੌਜਵਾਨਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਹੈ,‘‘ਤੁਸੀਂ ਆਪਣੀ ਜਿੱਤ ’ਤੇ ਰਸ਼ਕ ਨਾ ਕਰੋ ਸਗੋਂ ਹੋਰ ਵੀ ਨਿਮਰਤਾ ਨਾਲ ਕੰਮ ਕਰੋ ਅਤੇ ਵੱਡੀ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰੋ। ਸਵੈ-ਵਿਸ਼ਵਾਸ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ’ਚ ਕਿਸੇ ਤਰ੍ਹਾਂ ਦਾ ਹੰਕਾਰ ਨਹੀਂ ਹੋਣਾ ਚਾਹੀਦਾ। ਹਰ ਖ਼ੇਤਰ ’ਚ ਸਫ਼ਲਤਾ ਦੀ ਕਹਾਣੀ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।’’

ਇਹ ਵੀ ਪੜ੍ਹੋ : ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, ਪੰਜਾਬ ਦੇ 7 ਉਮੀਦਵਾਰ ਅਯੋਗ ਕਰਾਰ, ਅਗਲੇ 3 ਸਾਲ ਨਹੀਂ ਲੜ ਸਕਦੇ ਚੋਣ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬਰਕਤ ਵਾਲੀ ਧਰਤੀ ਹੈ ਕਿਉਂਕਿ ਸੂਬੇ ਦੇ ਹਰ ਦੂਜੇ ਪਿੰਡ ਨੂੰ ਮਹਾਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਇਸ ਸੂਬੇ ਨੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰ ਪੁੱਤ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਅਗਵਾਈ ਕਰਨ ਵਾਲੇ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ’ਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਸਖ਼ਤ ਮਿਹਨਤ ਸਦਕਾ ਹਰ ਖੇਤਰ ’ਚ ਮੱਲਾਂ ਮਾਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤਰੱਕੀ ਦੀਆਂ ਸਿਖਰਾਂ ਉਤੇ ਲਿਜਾਣ ਲਈ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਵਰਤਿਆ ਜਾ ਸਕਦਾ ਹੈ ਅਤੇ ਸੂਬਾ ਸਰਕਾਰ ਇਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਲੜਕੀਆਂ ਹਰ ਖੇਤਰ ’ਚ ਲੜਕਿਆਂ ਨਾਲੋਂ ਅੱਗੇ ਹਨ ਅਤੇ ਅੱਜ ਵੀ ਜ਼ਿਆਦਾਤਰ ਨੌਕਰੀਆਂ ਲੜਕੀਆਂ ਨੇ ਹੀ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਨੂੰ ਹਰ ਖੇਤਰ ’ਚ ਮੱਲਾਂ ਮਾਰਨ ਲਈ ਵੱਧ ਤੋਂ ਵੱਧ ਮੌਕੇ ਦਿੱਤੇ ਜਾਣ ਤਾਂ ਕਿ ਉਹ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਐੱਸ. ਐੱਸ. ਪੀ. ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ’ਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ’ਚ ਕੁੜੀਆਂ ਦੀ ਭਲਾਈ ਲਈ ਹੋਰ ਵੀ ਅਹਿਮ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਯਤਨਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ। ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਨੌਜਵਾਨਾਂ ਲਈ ਮਾਣ ਵਾਲੀ ਗੱਲ ਹੈ, ਜੋ ਅੱਜ ਇਸ ਸਮਾਗਮ ’ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਜਦੋਂ ਸੂਬੇ ਦਾ ਇਤਿਹਾਸ ਪੜ੍ਹਿਆ ਜਾਵੇਗਾ ਤਾਂ ‘ਰੰਗਲਾ ਪੰਜਾਬ’ ਸਿਰਜਣ ’ਚ ਇਨ੍ਹਾਂ ਨੌਜਵਾਨਾਂ ਦੀ ਸ਼ਾਨਦਾਰ ਭੂਮਿਕਾ ਨੂੰ ਸੁਨਹਿਰੀ ਅੱਖਰਾਂ ’ਚ ਲਿਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਹਲਕਾ ਸੰਗਰੂਰ  ’ਚ ਸਾਢੂ-ਸਾਢੂ ਵਿਚਾਲੇ ਹੋ ਸਕਦਾ ਹੈ ਦਿਲਚਸਪ ਮੁਕਾਬਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e
 


Anuradha

Content Editor

Related News