ਪੁਲਸ ਯਾਦਗਾਰੀ ਦਿਵਸ ਮੌਕੇ ਸ਼ਹੀਦ ਜਵਾਨਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ

10/22/2017 3:11:08 PM

ਕਪੂਰਥਲਾ(ਭੂਸ਼ਣ, ਮਲਹੋਤਰਾ)— ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬ ਪੁਲਸ ਅਤੇ ਨੀਮ ਫੌਜੀ ਬਲਾਂ ਦੇ ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲਾ ਪੁਲਸ ਵੱਲੋਂ ਸ਼ਨੀਵਾਰ ਜ਼ਿਲਾ ਪੁਲਸ ਲਾਈਨ ਵਿਖੇ ਪੁਲਸ ਯਾਦਗਾਰੀ ਦਿਵਸ ਮਨਾਇਆ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਤਈਅਬ, ਜ਼ਿਲਾ ਅਤੇ ਸੈਸ਼ਨ ਜੱਜ ਸ. ਆਰ. ਐੱਸ. ਰਾਏ, ਐੱਸ. ਐੱਸ. ਪੀ ਸ਼੍ਰੀ ਸੰਦੀਪ ਕੁਮਾਰ ਸ਼ਰਮਾ ਤੇ ਹੋਰਨਾਂ ਸ਼ਖਸੀਅਤਾਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। 
ਡੀ. ਸੀ. ਨੇ ਇਸ ਮੌਕੇ ਸ਼ਹੀਦ ਜਵਾਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਪੁਲਸ ਦਾ ਇਤਿਹਾਸ ਲਾਮਿਸਾਲ ਬਹਾਦਰੀ ਅਤੇ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਅਤੇ ਇਸ ਨੇ ਸਮੇਂ-ਸਮੇਂ ਚੁਣੌਤੀਆਂ ਦਾ ਸਾਹਮਣਾ ਬਹੁਤ ਦਲੇਰੀ ਨਾਲ ਕੀਤਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਅੱਤਵਾਦ ਅਤੇ ਵੱਖਵਾਦ ਨੂੰ ਜੜ੍ਹੋਂ ਖਤਮ ਕਰਕੇ ਨਾ-ਸਿਰਫ ਭਾਰਤ, ਸਗੋਂ ਪੂਰੇ ਸੰਸਾਰ 'ਚ ਮਿਸਾਲ ਕਾਇਮ ਕੀਤੀ ਹੈ । ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਪੁਲਸ ਜਵਾਨਾਂ ਦੀਆਂ ਸ਼ਹੀਦੀਆਂ ਨਾਲ ਹੀ ਮਿਲੀ ਹੈ, ਜਿਨ੍ਹਾਂ ਦੀਆਂ ਸ਼ਹਾਦਤਾਂ ਸਦਕਾ ਅੱਜ ਰਾਜ ਅਤੇ ਦੇਸ਼ 'ਚ ਅਮਨ, ਸੁਰੱਖਿਆ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਦਾ ਮਾਹੌਲ ਹੈ ।ਐੱਸ. ਐੱਸ. ਪੀ. ਸੰਦੀਪ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਪੁਲਸ ਅਤੇ ਨੀਮ ਫ਼ੌਜੀ ਬਲਾਂ ਦੇ ਜਵਾਨਾਂ ਦੀ ਸ਼ਹਾਦਤ ਸਾਡੇ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਪਿਛਲੇ ਸਾਲ ਦੌਰਾਨ ਸ਼ਹੀਦ ਹੋਏ ਦੇਸ਼ ਦੇ 383 ਪੁਲਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਅਤੇ ਅੱਤਵਾਦ ਦੌਰਾਨ ਸ਼ਹੀਦ ਹੋਏ ਜ਼ਿਲੇ ਦੇ 39 ਪੁਲਸ ਤੇ ਹੋਮਗਾਰਡ ਦੇ ਜਵਾਨਾਂ ਦੀ ਕੁਰਬਾਨੀ ਨੂੰ ਨਤਮਸਤਕ ਹੁੰਦਿਆਂ ਆਖਿਆ ਕਿ ਪੰਜਾਬ ਵਿਚ ਅੱਤਵਾਦ ਦੇ ਦੌਰ ਦੌਰਾਨ 1800 ਪੁਲਸ ਤੇ ਹੋਮ ਗਾਰਡ ਜਵਾਨਾਂ ਅਤੇ 250 ਪਰਿਵਾਰਿਕ ਮੈਂਬਰਾਂ ਨੂੰ ਏਕਤਾ ਤੇ ਅਖੰਡਤਾ ਦੀ ਲੜਾਈ ਦੌਰਾਨ ਆਪਣੀਆਂ ਜਾਨਾਂ ਦੀ ਆਹੂਤੀ ਦੇਣੀ ਪਈ । 

PunjabKesari

ਉਨ੍ਹਾਂ ਕਿਹਾ ਕਿ 21 ਅਕਤੂਬਰ 1959 ਨੂੰ ਸੀ. ਆਰ. ਪੀ. ਐੱਫ. ਦੇ ਐੱਸ. ਆਈ. ਸ. ਕਰਮ ਸਿੰਘ ਦੀ ਅਗਵਾਈ ਵਾਲੇ ਗਸ਼ਤੀ ਦਲ ਦੀ ਹਾਟ ਸਪਰਿੰਗ ਲੱਦਾਖ ਵਿਖੇ ਚੀਨੀ ਬਲਾਂ ਨਾਲ ਮੁਕਾਬਲੇ ਦੌਰਾਨ, 10 ਜਵਾਨਾਂ ਦੀ ਸ਼ਹੀਦੀ ਨੂੰ ਨਮਨ ਕਰਨ ਲਈ ਇਹ ਦਿਨ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਸ ਦਿਨ ਦੇਸ਼ ਲਈ ਕੁਰਬਾਨ ਹੋਣ ਵਾਲੇ ਸਮੂਹ ਨੀਮ ਫੌਜੀ ਬਲਾਂ ਅਤੇ ਪੁਲਸ ਜਵਾਨਾਂ ਦੀ ਦੇਸ਼ ਪ੍ਰਤੀ ਸ਼ਹਾਦਤ ਨੂੰ ਯਾਦ ਕੀਤਾ ਜਾਂਦਾ ਹੈ । ਇਸ ਤੋਂ ਪਹਿਲਾਂ ਏ. ਐੱਸ. ਪੀ. ਸਬ-ਡਵੀਜ਼ਨ (ਫਗਵਾੜਾ) ਹਰੀਸ਼ ਕੁਮਾਰ, ਓਮ ਪ੍ਰਕਾਸ਼ ਦੀ ਅਗਵਾਈ ਵਿਚ ਪੁਲਸ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਸਾਰੇ ਅਧਿਕਾਰੀਆਂ ਅਤੇ ਮਹਿਮਾਨਾਂ ਵਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ । ਐੱਸ. ਪੀ. ਹੈੱਡਕੁਆਰਟਰ ਜਸਕਿਰਨਜੀਤ ਸਿੰਘ ਨੇ ਦੇਸ਼ ਵਿਚ ਬੀਤੀ 21 ਅਕਤੂਬਰ ਤੋਂ ਹੁਣ ਤਕ ਡਿਊਟੀ ਦੌਰਾਨ ਸ਼ਹੀਦ ਹੋਏ 383 ਅਰਧ ਸੈਨਿਕ ਬਲਾਂ ਤੇ ਪੁਲਸ ਜਵਾਨਾਂ ਦੇ ਨਾਵਾਂ ਦੀ ਰਾਜਵਾਰ ਸੂਚੀ ਪੜ੍ਹੀ । ਸਮਾਗਮ ਦੇ ਅਖ਼ੀਰ 'ਚ ਜ਼ਿਲੇ ਦੇ ਸ਼ਹੀਦ ਹੋਏ ਅਧਿਕਾਰੀਆਂ ਤੇ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਐੱਸ. ਪੀ. (ਜਾਂਚ) ਜਗਜੀਤ ਸਿੰਘ ਸਰੋਆ, ਡੀ. ਐੱਸ. ਪੀ. ਹੈੱਡਕੁਆਰਟਰ ਅਮਰੀਕ ਸਿੰਘ ਚਾਹਲ, ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਵਰਿਆਮ ਸਿੰਘ, ਐੱਸ. ਡੀ. ਐੱਮ. ਨਕੋਦਰ ਅੰਮ੍ਰਿਤ ਸਿੰਘ, ਏ. ਐੱਸ. ਪੀ. ਭੁਲੱਥ ਗੌਰਵ ਤੂਰਾ, ਡੀ. ਐੱਸ. ਪੀ. ਸੰਦੀਪ ਸਿੰਘ ਮੰਡ ਤੋਂ ਇਲਾਵਾ ਹੋਰ ਪੁਲਸ ਅਧਿਕਾਰੀ, ਪੁਲਸ ਜਵਾਨ, ਸੇਵਾਮੁਕਤ ਪੁਲਸ ਅਧਿਕਾਰੀ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਜ਼ਿਲੇ ਦੇ ਸ਼ਹੀਦ ਪੁਲਸ ਜਵਾਨਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ ।


Related News