ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ

Friday, Aug 07, 2026 - 10:16 AM (IST)

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੀ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਅੰਦਰ ਪ੍ਰਸ਼ਨਕਾਲ ਚੱਲ ਰਿਹਾ ਹੈ, ਜਿਸ ਦੇ ਜਵਾਬ ਮੰਤਰੀਆਂ ਵਲੋਂ ਦਿੱਤੇ ਜਾ ਰਹੇ ਹਨ। ਹਾਲਾਂਕਿ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਾਂਗਰਸ ਵਲੋਂ ਰੁਜ਼ਗਾਰ ਦੇ ਮੁੱਦੇ 'ਤੇ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ 'ਚ ਕਾਂਗਰਸੀ ਵਿਧਾਇਕਾਂ ਨੇ ਕਾਲੇ ਪਰਨੇ ਪਾ ਕੇ ਅਤੇ ਹੱਥਾਂ 'ਚ ਪੋਸਟਰ ਫੜ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਸਰਕਾਰ ਤੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਗਈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਹਰ ਵਿਧਾਨ ਸਭਾ ਸੈਸ਼ਨ ਦੌਰਾਨ ਸਰਕਾਰ ਤੋਂ ਰੁਜ਼ਗਾਰ ਦੇ ਅੰਕੜਿਆਂ ਬਾਰੇ ਵਾਈਟ ਪੇਪਰ ਲਿਆਉਣ ਦੀ ਮੰਗ ਕਰਦੀ ਆ ਰਹੀ ਹੈ, ਪਰ ਸਰਕਾਰ ਇਸ ਤੋਂ ਬਚ ਰਹੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਹਰ ਹਫ਼ਤੇ ਅਤੇ ਹਰ ਮਹੀਨੇ ਹਜ਼ਾਰਾਂ ਨਵੀਆਂ ਨੌਕਰੀਆਂ ਦੇਣ ਦੇ ਦਾਅਵੇ ਕਰਦੀ ਹੈ, ਪਰ ਇਸ ਦੀ ਕੋਈ ਪਾਰਦਰਸ਼ੀ ਜਾਣਕਾਰੀ ਜਨਤਕ ਨਹੀਂ ਕੀਤੀ ਜਾਂਦੀ। ਬਾਜਵਾ ਨੇ ਕਿਹਾ ਕਿ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਨੌਕਰੀ ਕਿਸ ਨੂੰ ਮਿਲੀ, ਉਸ ਦਾ ਨਾਮ, ਮਾਪਿਆਂ ਦਾ ਨਾਮ, ਕਿਹੜੇ ਵਿਭਾਗ ਵਿੱਚ ਨਿਯੁਕਤੀ ਹੋਈ ਅਤੇ ਕਿਹੜੇ ਅਹੁਦੇ 'ਤੇ ਭਰਤੀ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਾਈਟ ਪੇਪਰ ਇਸ ਲਈ ਜਾਰੀ ਨਹੀਂ ਕਰ ਰਹੀ ਕਿਉਂਕਿ ਨੌਕਰੀਆਂ ਦੇਣ ਦੇ ਦਾਅਵਿਆਂ ਵਿੱਚ ਕਈ ਗੜਬੜਾਂ ਸਾਹਮਣੇ ਆ ਸਕਦੀਆਂ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਵੱਡੀ ਗਿਣਤੀ ਵਿੱਚ ਗੈਰ-ਪੰਜਾਬੀਆਂ ਨੂੰ ਪੰਜਾਬੀਆਂ ਦਾ ਹੱਕ ਮਾਰ ਕੇ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਵੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨਵੀਆਂ ਨੌਕਰੀਆਂ ਦੇਣ ਦੀ ਬਜਾਏ ਪੁਰਾਣੀਆਂ ਨਿਯੁਕਤੀਆਂ ਨੂੰ ਹੀ ਨਵੇਂ ਅੰਕੜਿਆਂ ਵਜੋਂ ਪੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਪੁਲਿਸ, ਸਿੱਖਿਆ, ਮਾਲ ਵਿਭਾਗ ਅਤੇ ਹੋਰ ਸਰਕਾਰੀ ਮਹਿਕਮਿਆਂ ਵਿੱਚ ਕਿੰਨੀਆਂ ਅਸਾਮੀਆਂ ਖਾਲੀ ਹਨ ਅਤੇ ਕਿੰਨੀਆਂ ਭਰੀਆਂ ਗਈਆਂ ਹਨ। ਉਨ੍ਹਾਂ ਅਧਿਆਪਕਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਨੂੰ ਪਹਿਲਾਂ ਵਾਲੇ ਸਾਰੇ ਲਾਭ ਦੇਣ ਦੇ ਮੁੱਦੇ 'ਤੇ ਵੀ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ। ਕਾਂਗਰਸ ਨੇ ਕਿਹਾ ਕਿ ਜਦ ਤੱਕ ਸਰਕਾਰ ਰੁਜ਼ਗਾਰ ਸਬੰਧੀ ਪੂਰਾ ਵਾਈਟ ਪੇਪਰ ਜਾਰੀ ਨਹੀਂ ਕਰਦੀ, ਉਹ ਇਹ ਮੁੱਦਾ ਲਗਾਤਾਰ ਵਿਧਾਨ ਸਭਾ ਅਤੇ ਸੜਕਾਂ 'ਤੇ ਉਠਾਉਂਦੀ ਰਹੇਗੀ।


author

Babita

Content Editor

Related News