ਭ੍ਰਿਸ਼ਟਾਚਾਰੀਆਂ 'ਤੇ ਨਕੇਲ ਕੱਸਣ ਲਈ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

Saturday, Apr 29, 2023 - 05:19 PM (IST)

ਭ੍ਰਿਸ਼ਟਾਚਾਰੀਆਂ 'ਤੇ ਨਕੇਲ ਕੱਸਣ ਲਈ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਜਲੰਧਰ (ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਵਿਚ ਭ੍ਰਿਸ਼ਟਾਚਾਰੀਆਂ ਦੀਆਂ ਜਾਇਦਾਦਾਂ ਨੂੰ ਸਰਕਾਰ ਜ਼ਬਤ ਕਰੇਗੀ ਅਤੇ ਉਨ੍ਹਾਂ ਜਾਇਦਾਦਾਂ ਨੂੰ ਵੇਚ ਕੇ ਸਾਰਾ ਪੈਸਾ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾਇਆ ਜਾਵੇਗਾ। ਉਹ ਸ਼ੁੱਕਰਵਾਰ ਵਿਧਾਨ ਸਭਾ ਹਲਕਾ ਸ਼ਾਹਕੋਟ ਵਿੱਚ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਭ੍ਰਿਸ਼ਟਾਚਾਰੀਆਂ ਵੱਲੋਂ ਬਣਾਈਆਂ ਜਾਇਦਾਦਾਂ ਨੂੰ ਮਾਪ ਰਹੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੇ ਕਿੰਨੀਆਂ ਜਾਇਦਾਦਾਂ ਬਣਾਈਆਂ ਹਨ। ਜਾਇਦਾਦਾਂ ਦੀ ਵਿਕਰੀ ਤੋਂ ਮਿਲਣ ਵਾਲਾ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ’ਤੇ ਖ਼ਰਚ ਕੀਤਾ ਜਾਵੇਗਾ। ਪਿਛਲੀਆਂ ਸਰਕਾਰਾਂ ਦੌਰਾਨ ਇੰਨਾ ਭ੍ਰਿਸ਼ਟਾਚਾਰ ਹੋਇਆ ਕਿ ਇਸ ਦਾ ਜ਼ਿਕਰ ਨਹੀਂ ਕੀਤਾ ਜਾ ਸਕਦਾ।

ਮਾਨ ਨੇ ਕਿਹਾ ਕਿ ਇਸ ਵਾਰ ਦੋਆਬੇ ਦੇ ਲੋਕ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦਾ ਸਾਥ ਦੇਣਗੇ। ਨੌਜਵਾਨਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਲੰਮੇ ਸਮੇਂ ਤੋਂ ਕਾਂਗਰਸ ਨੂੰ ਵੋਟਾਂ ਪਾਉਂਦੇ ਆ ਰਹੇ ਹਨ ਪਰ ਕਾਂਗਰਸ ਨੇ ਕਿਸੇ ਲਈ ਕੁਝ ਨਹੀਂ ਕੀਤਾ। ਕਾਂਗਰਸ ਨੇ ਦੋਆਬੇ ਦੇ ਵੋਟਰਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ। ਨਾ ਤਾਂ ਪਾਰਲੀਮੈਂਟ ਵਿੱਚ ਕੋਈ ਆਵਾਜ਼ ਉਠਾਈ ਅਤੇ ਨਾ ਹੀ ਉਨ੍ਹਾਂ ਦੇ ਹਿੱਤਾਂ ਲਈ ਕੋਈ ਹੋਰ ਲੋਕ ਭਲਾਈ ਦਾ ਕੰਮ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣਾਂ ਸਮੇਂ ਲੋਕਾਂ ਨੂੰ ਕਹਿੰਦੇ ਹਨ ਕਿ ਜੇ ਉਨ੍ਹਾਂ ਨੂੰ ਉਨ੍ਹਾਂ ਦਾ ਕੰਮ ਪਸੰਦ ਹੈ ਤਾਂ ਉਨ੍ਹਾਂ ਨੂੰ ਵੋਟ ਦਿਓ, ਨਹੀਂ ਤਾਂ ਨਾ ਦਿਓ। ਇੰਨੀ ਵੱਡੀ ਗੱਲ ਕਹਿਣ ਲਈ ਦਿਲ ਵੱਡਾ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੀ. ਐੱਮ. ਦੀ ਕੁਰਸੀ ’ਤੇ ਬੈਠ ਕੇ ਵੱਡੇ-ਵੱਡੇ ਲੋਕਾਂ ਦੇ ਮਨ ਭਟਕਦੇ ਹਨ ਪਰ ਉਹ ਸੱਤਾ ਨੂੰ ਆਪਣੇ ’ਤੇ ਹਾਵੀ ਨਹੀਂ ਹੋਣ ਦੇਣਗੇ।

ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਗੈਰ-ਹਾਜ਼ਰੀ ਪੰਜਾਬ ਤੇ ਅਕਾਲੀ ਦਲ ਦੇ ਭਵਿੱਖ ਨੂੰ ਕਰੇਗੀ ਪ੍ਰਭਾਵਿਤ

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵਿੱਚ ਪਰਿਵਾਰਵਾਦ ਹਾਵੀ ਰਿਹਾ ਹੈ। ਜੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੁਝ ਗਲਤ ਹੋਇਆ ਤਾਂ ਲੋਕ ਉਨ੍ਹਾਂ ਤੋਂ ਜਵਾਬ ਮੰਗ ਸਕਦੇ ਹਨ। ਜੇ ਲੋਕ ਸੁਸ਼ੀਲ ਰਿੰਕੂ ਨੂੰ ਜਿਤਾ ਕੇ ਸੰਸਦ ’ਚ ਭੇਜਦੇ ਹਨ ਤਾਂ ਉਸ ਸਥਿਤੀ ’ਚ ਰਿੰਕੂ ਲੋਕਾਂ ਦੀ ਆਵਾਜ਼ ਬਣ ਕੇ ਉਭਰਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਪੂਰੇ ਦੇਸ਼ ਵਿੱਚ ਗੂੰਜ ਰਹੀ ਹੈ। ਆਮ ਆਦਮੀ ਪਾਰਟੀ ਦੇ ਰੋਡ ਸ਼ੋਅ ਵਿੱਚ ਜੋ ਜ਼ੋਰਦਾਰ ਅਤੇ ਜੋਸ਼ ਭਰੇ ਨਾਅਰੇ ਲਾਏ ਜਾ ਰਹੇ ਹਨ, ਉਹ ਇਸ ਗੱਲ ਦਾ ਸੰਕੇਤ ਹਨ ਕਿ ਆਮ ਆਦਮੀ ਪਾਰਟੀ ਇਹ ਸੀਟ ਭਾਰੀ ਬਹੁਮਤ ਨਾਲ ਜਿੱਤੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਭਰਤੀ ਹੁਣ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਤਰੀਕੇ ਨਾਲ ਕੀਤੀ ਜਾ ਰਹੀ ਹੈ। ਉਹ ਨੌਜਵਾਨਾਂ ਨਾਲ ਇਨਸਾਫ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਵ੍ਹੀਲ ਚੇਅਰ 'ਤੇ ਰਹਿਦੀ ਹੈ ਦਿਵਿਆਂਗ ਦਿਵਿਆ, ਮੁਸ਼ਕਿਲ ਨਾਲ ਫੜਦੀ ਹੈ ਪੈੱਨ, ਹਾਸਲ ਕੀਤਾ ਵੱਡਾ ਮੁਕਾਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


author

shivani attri

Content Editor

Related News