ਕੰਪਿਊਟਰ ਅਧਿਆਪਕਾਂ ''ਚ ਸਰਕਾਰ ਦੇ ਅੜੀਅਲ ਰਵੱਈਏ ਖਿਲਾਫ਼ ਰੋਸ

Friday, Sep 29, 2017 - 02:30 AM (IST)

ਹੁਸ਼ਿਆਰਪੁਰ, (ਘੁੰਮਣ)- ਕੰਪਿਊਟਰ ਅਧਿਆਪਕ ਯੂਨੀਅਨ (ਹੁਸ਼ਿਆਰਪੁਰ) ਦੇ ਜ਼ਿਲਾ ਪ੍ਰਧਾਨ ਅਮਨਦੀਪ ਸਿੰਘ, ਜਨਰਲ ਸਕੱਤਰ ਅਨਿਲ ਐਰੀ, ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ, ਮੀਤ ਪ੍ਰਧਾਨ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਵਿਚ ਆਪਣੀ ਮਰਜਿੰਗ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸੂਬਾ ਸਰਕਾਰ ਅਤੇ ਅਫਸਰਸ਼ਾਹੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਦਿਨੋਂ-ਦਿਨ ਉਨ੍ਹਾਂ ਦੀਆਂ ਸਮੱਸਿਆਵਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਜਿਸ ਦਾ ਯੂਨੀਅਨ ਤਿੱਖਾ ਵਿਰੋਧ ਕਰਦੀ ਹੈ ।
ਯੂਨੀਅਨ ਆਗੂਆਂ ਦੱਸਿਆ ਕਿ ਡੀ. ਜੀ. ਐੱਸ. ਈ. ਦਫ਼ਤਰ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿਚ ਦਰਜ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਨੂੰ ਲਾਗੂ ਕਰਨ ਦੀ ਬਜਾਏ ਨਿਯਮਾਂ ਨੂੰ ਛਿੱਕੇ ਟੰਗ ਕੇ ਨਿੱਤ ਨਵੇਂ ਤੁਗਲਕੀ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ। ਪਿਛਲੇ ਦਿਨੀਂ ਡੀ. ਜੀ. ਐੱਸ. ਈ. ਦਫ਼ਤਰ ਵੱਲੋਂ ਛੁੱਟੀਆਂ ਨਾਲ ਸੰਬੰਧਿਤ ਇਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਕੰਪਿਊਟਰ ਅਧਿਆਪਕਾਂ ਨੂੰ ਮਿਲਣ ਵਾਲੀਆਂ ਛੁੱਟੀਆਂ ਵਿਚ ਕਟੌਤੀ ਕਰ ਦਿੱਤੀ ਗਈ ਹੈ ਤੇ ਹੋਰ ਸਹੂਲਤਾਂ ਤੋਂ ਵੀ ਵਾਂਝੇ ਰੱਖਿਆ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਯੂਨੀਅਨ ਪੰਜਾਬ ਵੱਲੋਂ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਅਤੇ ਅਫਸਰਸ਼ਾਹੀ ਦੇ ਇਸ ਵਤੀਰੇ ਤੋਂ ਤੰਗ ਆ ਕੇ 2 ਅਕਤੂਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਦੀਨਾਨਗਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਮੌਕੇ ਨਰਿੰਦਰਪਾਲ ਸਿੰਘ ਪ੍ਰੈੱਸ ਸਕੱਤਰ, ਗੌਰਵ ਕਾਲੀਆ ਸਟੇਜ ਸਕੱਤਰ, ਤਜਿੰਦਰ ਸਿੰਘ ਵਿੱਤ ਸਕੱਤਰ, ਹਰਪ੍ਰੀਤ ਸਿੰਘ ਜੁਆਇੰਟ ਸਕੱਤਰ, ਸੰਦੀਪ ਸਿੰਘ ਬਲਾਕ ਪ੍ਰਧਾਨ ਮਾਹਿਲਪੁਰ, ਗੁਰਿੰਦਰ ਸਿੰਘ ਬਲਾਕ ਪ੍ਰਧਾਨ ਹੁਸ਼ਿਆਰਪੁਰ, ਰਣਦੀਪ ਕੁਮਾਰ ਬਲਾਕ ਪ੍ਰਧਾਨ ਬੁੱਲ੍ਹੋਵਾਲ, ਪ੍ਰਭਜੀਤ ਸਿੰਘ, ਪ੍ਰਦੀਪ ਰਤਨ, ਰਵਿੰਦਰਜੀਤ ਸਿੰਘ, ਸੁਰਿੰਦਰ ਪਰਮਾਰ, ਰਾਜੀਵ ਕੁਮਾਰ ਆਦਿ ਵੀ ਹਾਜ਼ਰ ਸਨ।


Related News