ਵਰਿਆਣਾ ਦੇ ਲੋਕਾਂ ਪੰਚਾਇਤ ਖਿਲਾਫ ਕੀਤਾ ਰੋਸ ਪ੍ਰਦਰਸ਼ਨ

Wednesday, Dec 27, 2017 - 07:01 AM (IST)

ਵਰਿਆਣਾ ਦੇ ਲੋਕਾਂ ਪੰਚਾਇਤ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਜਲੰਧਰ, (ਵਰਿਆਣਾ)- ਅੱਜ ਪਿੰਡ ਵਰਿਆਣਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧਾਂ ਸਦਕਾ ਪਿੰਡ ਦੇ ਲੋਕਾਂ ਨੇ ਪੰਚਾਇਤ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਜਸਬੀਰ ਸਿੰਘ ਹੁੰਦਲ, ਦਲਜੀਤ ਸਿੰਘ ਢਿੱਲੋਂ, ਸਤਨਾਮ ਸਿੰਘ, ਇੰਦਰਜੀਤ ਸਿੰਘ, ਲਵਪ੍ਰੀਤ ਸਿੰਘ, ਮੋਹਨਦੀਪ ਸਿੰਘ ਤੇ ਗੁਰਸ਼ਰਨ ਸਿੰਘ ਆਦਿ ਨੇ ਦੱਸਿਆ ਕਿ ਪਿਛਲੇ ਕਾਫੀ ਸਾਲਾਂ ਤੋਂ ਉਹ ਨਰਕ ਵਰਗੀ ਜ਼ਿੰਦਗੀ ਜੀਅ ਰਹੇ ਹਨ। ਗੰਦੇ ਪਾਣੀ ਦੀ ਨਿਕਾਸੀ ਦਾ ਇੰਨਾ ਬੁਰਾ ਹਾਲ ਹੈ ਕਿ ਉਕਤ ਪਾਣੀ ਹੁਣ ਘਰਾਂ 'ਚ ਵੜ ਜਾਂਦਾ ਹੈ, ਇਸ ਕਾਰਨ ਕਈ ਜਾਨਲੇਵਾ ਬੀਮਾਰੀਆਂ ਫੈਲਣ ਦਾ ਡਰ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਾਡੇ ਮੁਹੱਲੇ 'ਚ ਗੁਰਦੁਆਰਾ ਸਾਹਿਬ ਹੈ, ਜਿਥੇ ਰੋਜ਼ਾਨਾ ਸੰਗਤਾਂ ਨਤਮਸਤਕ ਹੋਣ ਜਾਂਦੀਆਂ ਹਨ। ਗਲੀ ਵਿਚ ਖੜ੍ਹੇ ਗੰਦੇ ਪਾਣੀ ਕਾਰਨ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਜਾਣ ਵਿਚ ਕਾਫੀ ਪ੍ਰੇਸ਼ਾਨੀ ਪੇਸ਼ ਆਉਂਦੀ ਹੈ। ਉਨ੍ਹਾਂ ਦੱਸਿਆ ਕਿ 31 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਪਿੰਡ ਵਿਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਗਲੀ ਅਤੇ ਸੜਕ ਵਿਚ ਖੜ੍ਹੇ ਗੰਦੇ ਪਾਣੀ ਕਾਰਨ ਨਗਰ ਕੀਰਤਨ ਸਮੇਂ ਸੰਗਤਾਂ ਨੂੰ ਕਾਫੀ ਪ੍ਰੇਸ਼ਾਨੀ ਆ ਸਕਦੀ ਹੈ। 
ਉਨ੍ਹਾਂ ਦੱਸਿਆ ਕਿ ਪਿੰਡ ਦੇ ਜਿਥੇ ਗੰਦੇ ਨਾਲੇ ਦਾ ਬੁਰਾ ਹਾਲ ਹੈ, ਉਥੇ ਸੜਕ ਵਿਚ ਖੜ੍ਹਾ ਗੰਦਾ ਪਾਣੀ ਵੀ ਕਈ ਸਮੱਸਿਆਵਾਂ ਪੈਦਾ ਕਰ ਰਿਹਾ ਹੈ। ਉਨ੍ਹਾਂ ਨੇ ਪੰਚਾਇਤ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਖੁਦ ਪਿੰਡ ਦੀ ਪੰਚਾਇਤ ਬਣਾ ਕੇ ਨਰਕ ਵਰਗੀ ਜ਼ਿੰਦਗੀ ਜੀਅ ਰਹੇ ਹਨ, ਪੰਚਾਇਤ ਵਲੋਂ ਪਿਛਲੇ ਕਾਫੀ ਸਮੇਂ ਤੋਂ ਇਸ ਪਾਸੇ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦਾ ਕਹਿਣਾ ਸੀ ਕਿ ਪਿੰਡ ਵਿਚ ਕਾਫੀ ਗੰਦਗੀ ਪਈ ਹੋਈ ਹੈ। ਸਫਾਈ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਜੇਕਰ ਜਲਦ ਪੰਚਾਇਤ ਵੱਲੋਂ ਇਸ ਪਾਸੇ ਧਿਆਨ ਨਾ ਦਿੱਤਾ ਗਿਆ ਤਾਂ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।
ਪੰਚਾਇਤ ਵਿਕਾਸ ਕੰਮ ਕਰਵਾਉਣ 'ਚ ਕੋਈ ਕਸਰ ਨਹੀਂ ਛੱਡ ਰਹੀ : ਪੰਚਾਇਤ ਮੈਂਬਰ
ਉਧਰ ਜਦੋਂ ਇਸ ਸਬੰਧੀ ਪੰਚਾਇਤ ਮੈਂਬਰ ਸਤਨਾਮ ਕੁਮਾਰ ਅਤੇ ਕ੍ਰਿਸ਼ਨ ਦੀਵਾਨਾ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੰਚਾਇਤ 'ਤੇ ਲਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ, ਸਾਡੀ ਪੰਚਾਇਤ ਵੱਲੋਂ ਪਿੰਡ ਦੇ ਵਿਕਾਸ ਕੰਮਾਂ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਲਈ ਸੀਵਰੇਜ ਪਾਈਪ ਵਿਛਾਏ ਜਾ ਰਹੇ ਹਨ। ਇਕ ਪਾਸੇ ਦਾ ਕੰਮ ਮੁਕੰਮਲ ਹੋ ਗਿਆ ਹੈ। ਜਿਨ੍ਹਾਂ ਲੋਕਾਂ ਰੋਸ ਪ੍ਰਦਰਸ਼ਨ ਕੀਤਾ ਹੈ, ਉਸ ਪਾਸੇ ਜਲਦ ਹੀ ਪਾਈਪ ਵਿਛਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ । 
ਉਨ੍ਹਾਂ ਦਾ ਕਹਿਣਾ ਸੀ ਕਿ 31 ਦਸੰਬਰ ਨੂੰ ਪਿੰਡ ਵਿਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਇਸ ਲਈ ਕੰਮ ਸ਼ੁਰੂ ਨਹੀਂ ਕੀਤਾ ਗਿਆ ਕਿਉਂਕਿ ਪਾਈਪ ਵਿਛਾਉਣ ਲਈ ਕਾਫੀ ਪੁਟ-ਪੁਟਾਈ ਕੀਤੀ ਜਾਣੀ ਹੈ, ਜਿਸ ਕਰਕੇ ਸੰਗਤਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਸਕਦੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਨਗਰ ਕੀਰਤਨ ਤੋਂ ਬਾਅਦ ਤੁਰੰਤ ਪਾਈਪ ਵਿਛਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ ਅਤੇ ਗੰਦੇ ਪਾਣੀ ਦੀ ਸਮੱਸਿਆ ਦੂਰ ਹੋ ਜਾਵੇਗੀ। ਉਨ੍ਹਾਂ ਦਾ ਕਿਹਾ ਕਿ ਪਹਿਲਾਂ ਪੰਚਾਇਤ ਵਲੋਂ ਪੰਪ ਰਾਹੀਂ ਗੰਦੇ ਪਾਣੀ ਨੂੰ ਬਾਹਰ ਕੱਢਿਆ ਗਿਆ ਸੀ, ਹੁਣ ਵੀ ਕੱਢ ਦਿੱਤਾ ਜਾਵੇਗਾ। ਪੰਚਾਇਤ ਮਿਲੀਆਂ ਗ੍ਰਾਂਟਾਂ ਦੀ ਸੁਚੱਜੇ ਢੰਗ ਨਾਲ ਵਰਤੋਂ ਕਰ ਰਹੀ ਹੈ । ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੀਣ ਵਾਲੇ ਪਾਣੀ ਦੀ ਸਪਲਾਈ ਸਮੇਂ ਇਸ ਦੀ ਬੇਲੋੜੀ ਵਰਤੋਂ ਨਾ ਕਰਨ ਤਾਂ ਅਜਿਹੀ ਸਥਿਤੀ 'ਤੇ ਕਾਫੀ ਹੱਦ ਤੱਕ ਕਾਬੂ ਪਾਇਆ ਜਾ ਸਕਦਾ ਹੈ। ਲੋਕ ਪ੍ਰਦਰਸ਼ਨ ਕਰਨ ਦੀ ਬਜਾਏ ਪੰਚਾਇਤ ਦੇ ਮੋਢੇ ਨਾਲ ਮੋਢਾ ਜੋੜ ਕੇ ਵਿਕਾਸ ਕੰਮ ਕਰਵਾਉਣ ਵਿਚ ਸਾਥ ਦੇਣ।


Related News