ਪੰਜਾਬ ਕੈਬਨਿਟ 'ਚ ਖੇਤੀਬਾੜੀ ਵਿਭਾਗ ਦੀਆਂ ਆਸਾਮੀਆਂ ਭਰਨ ਸਣੇ ਲਏ ਗਏ ਅਹਿਮ ਫ਼ੈਸਲੇ
Friday, Aug 26, 2022 - 04:47 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਤਕਨੀਕੀ ਵਿੰਗ ’ਚ ਵੱਖ-ਵੱਖ ਕਾਡਰ ਦੀਆਂ 359 ਆਸਾਮੀਆਂ ਸਿੱਧੀ ਭਰਤੀ ਰਾਹੀਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫ਼ੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ’ਚ ਲਿਆ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ’ਚ ਅਧਿਕਾਰੀਆਂ/ਮੁਲਾਜ਼ਮਾਂ ਦੀ ਬੇਹੱਦ ਘਾਟ ਹੈ, ਜਿਸ ਕਾਰਨ ਕਾਰਜ ਪ੍ਰਣਾਲੀ ਉੱਤੇ ਮਾੜਾ ਅਸਰ ਪੈ ਰਿਹਾ ਸੀ। ਇਨ੍ਹਾਂ ਆਸਾਮੀਆਂ ’ਚ ਖੇਤੀਬਾੜੀ ਵਿਕਾਸ ਅਫ਼ਸਰ ਦੀਆਂ 200, ਖੇਤੀਬਾੜੀ ਸਬ-ਇੰਸਪੈਕਟਰਾਂ ਦੀਆਂ 150 ਅਤੇ ਲੈਬਾਰਟਰੀ ਸਹਾਇਕਾਂ ਦੀਆਂ 9 ਆਸਾਮੀਆਂ ਸ਼ਾਮਲ ਹਨ, ਜਿਹੜੀਆਂ ਆਸਾਮੀਆਂ ਦੇ ਕਿਸੇ ਵੀ ਤਰ੍ਹਾਂ ਦੇ ਪੁਨਰਗਠਨ ਤੋਂ ਬਿਨਾਂ ਭਰੀਆਂ ਜਾਣਗੀਆਂ। ਇਹ ਆਸਾਮੀਆਂ ਭਰਨ ਨਾਲ ਖੇਤੀਬਾੜੀ ਵਿਕਾਸ ਸਕੀਮਾਂ ਨੂੰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਅਤੇ ਕਿਸਾਨਾਂ ਨੂੰ ਸਹੂਲਤਾਂ ਬਿਨਾਂ ਕਿਸੇ ਰੁਕਾਵਟ ਤੋਂ ਮੁਹੱਈਆ ਕਰਨ ’ਚ ਮਦਦ ਮਿਲੇਗੀ।
ਇਹ ਖ਼ਬਰ ਵੀ ਪੜ੍ਹੋ : SKM ਦੀ ਮੀਟਿੰਗ ’ਚ ਲਏ ਅਹਿਮ ਫ਼ੈਸਲੇ, 5 ਸਤੰਬਰ ਤੋਂ ਕੈਬਨਿਟ ਮੰਤਰੀਆਂ ਦੀ ਰਿਹਾਇਸ਼ ਅੱਗੇ ਦੇਣਗੇ ਧਰਨਾ
ਸਿਵਲ ਜੱਜਾਂ ਦੀਆਂ 80 ਆਸਾਮੀਆਂ ਭਰਨ ਦੀ ਮਨਜ਼ੂਰੀ
ਕੈਬਨਿਟ ਨੇ ਸਿਵਲ ਜੱਜ (ਜੂਨੀਅਰ ਡਵੀਜ਼ਨ) ਦੀਆਂ 80 ਆਸਾਮੀਆਂ ਨੂੰ ਪੰਜਾਬ ਸਿਵਲ ਸਰਵਿਸ ਕਮਿਸ਼ਨ, ਪਟਿਆਲਾ ਦੇ ਦਾਇਰੇ ’ਚੋਂ ਕੱਢ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਰਾਹੀਂ ਭਰਨ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਨਾਲ ਹੇਠਲੀਆਂ ਅਦਾਲਤਾਂ ਦੇ ਕੰਮਕਾਜ ’ਚ ਮੁਸਤੈਦੀ ਯਕੀਨੀ ਬਣਾਉਣ ਲਈ ਨਵੇਂ ਜੁਡੀਸ਼ੀਅਲ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ’ਚ ਮਦਦ ਮਿਲੇਗੀ।
497 ਵੈਟਰਨਰੀ ਫਾਰਮਾਸਿਸਟਾਂ ਅਤੇ 498 ਕਲਾਸ-4/ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ’ਚ ਵਾਧੇ ਦਾ ਫ਼ੈਸਲਾ
ਇਸ ਦੌਰਾਨ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਪਹਿਲਾਂ ਹੀ ਠੇਕੇ ਦੇ ਆਧਾਰ ਉੱਤੇ ਕੰਮ ਕਰਦੇ 497 ਵੈਟਰਨਰੀ ਫਾਰਮਾਸਿਸਟਾਂ ਅਤੇ 498 ਕਲਾਸ-4/ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਨੂੰ ਪਹਿਲੀ ਅਪ੍ਰੈਲ 2022 ਤੋਂ 31 ਮਾਰਚ 2023 ਤੱਕ ਇਕ ਸਾਲ ਲਈ ਹੋਰ ਵਧਾਉਣ ਵਾਸਤੇ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫ਼ੈਸਲਾ ਇਨ੍ਹਾਂ ਵੈਟਰਨਰੀ ਹਸਪਤਾਲਾਂ ਦੇ ਕੰਮਕਾਜ ਨੂੰ ਸੁਚਾਰੂ ਕਰਨਾ ਯਕੀਨੀ ਬਣਾਉਣ ਲਈ ਕੀਤਾ ਗਿਆ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਿਹਤ ਸੰਭਾਲ ਲਈ ਬਿਹਤਰੀਨ ਸੇਵਾਵਾਂ ਮੁਹੱਈਆ ਹੋਣਗੀਆਂ। ਸੂਬਾ ਸਰਕਾਰ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਨੂੰ ਪਹਿਲਾਂ ਹੀ ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਪ੍ਰਵਾਨਿਤ 582 ਆਸਾਮੀਆਂ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਪਸ਼ੂ ਪਾਲਣ ਵਿਭਾਗ ਨੂੰ ਵਾਪਸ ਤਬਦੀਲ ਕਰ ਦਿੱਤਾ ਹੈ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ ਬਣੇਗਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਸਬ-ਡਵੀਜ਼ਨ ਦਫ਼ਤਰ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਕਾਰਜ ਪ੍ਰਣਾਲੀ ਨੂੰ ਸੁਚਾਰੂ ਕਰਨ ਲਈ ਪੰਜਾਬ ਕੈਬਨਿਟ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ ਵਿਭਾਗ ਦੇ ਤਕਨੀਕੀ ਵਿੰਗ ਦਾ ਨਵਾਂ ਸਬ-ਡਵੀਜ਼ਨ ਦਫ਼ਤਰ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਲਈ ਇਕ ਸਬ-ਡਵੀਜ਼ਨਲ ਅਫ਼ਸਰ, ਦੋ ਜੂਨੀਅਰ ਇੰਜੀਨੀਅਰ, ਇਕ ਜੂਨੀਅਰ ਡਰਾਫਟਸਮੈਨ ਅਤੇ ਇਕ ਸੇਵਾਦਾਰ ਸਣੇ ਕੁੱਲ ਛੇ ਆਸਾਮੀਆਂ ਸਿਰਜੀਆਂ ਗਈਆਂ ਹਨ।
PSPCL ਦੀ ਰਿਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ ਪ੍ਰਵਾਨ
ਕੈਬਨਿਟ ਨੇ ਬਿਜਲੀ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰ ਕੇ ਖਪਤਕਾਰਾਂ ਨੂੰ ਸੁਚਾਰੂ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀ. ਐੱਸ. ਪੀ. ਸੀ. ਐੱਲ. ਵੱਲੋਂ ਪ੍ਰਸਤਾਵਿਤ ਰਿਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ. ਡੀ. ਐੱਸ. ਐੱਸ.) ਨੂੰ ਪ੍ਰਵਾਨ ਕਰ ਲਿਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਲਈ ਭਾਰਤ ਸਰਕਾਰ ਤੋਂ 97,631 ਕਰੋੜ ਰੁਪਏ ਦੀ ਅਨੁਮਾਨਿਤ ਕੁੱਲ ਬਜਟ ਸਹਾਇਤਾ ਪ੍ਰਾਪਤ ਹੋਵੇਗੀ ਅਤੇ ਇਸ ਉੱਤੇ ਕੁੱਲ 3,03,758 ਕਰੋੜ ਰੁਪਏ ਖਰਚ ਹੋਣਗੇ।