ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

Monday, Jun 19, 2023 - 10:18 AM (IST)

ਜਲੰਧਰ/ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਕੈਬਨਿਟ ਦੀ ਇਹ ਮੀਟਿੰਗ ਸਵੇਰੇ 11 ਵਜੇ ਦੇ ਕਰੀਬ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ 'ਤੇ ਸ਼ੁਰੂ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੌਰਾਨ ਸਾਰੇ ਚੈਨਲਾਂ 'ਤੇ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ਕਰਨ ਦੀ ਤਜਵੀਜ਼ 'ਤੇ ਚਰਚਾ ਕੀਤੀ ਜਾਵੇਗੀ। ਇਥੇ ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦੇ ਚੁੱਕੇ ਹਨ। ਪੰਜਾਬ ਮੰਤਰੀ ਮੰਡਲ ਵੱਲੋਂ ਗੁਰਦੁਆਰਾ ਐਕਟ 1925 ਵਿੱਚ ਇਕ ਨਵੀਂ ਧਾਰਾ ਜੋੜਨ 'ਤੇ ਵਿਚਾਰ ਕੀਤਾ ਜਾਵੇਗਾ। ਫਿਰ 20 ਜੂਨ ਨੂੰ ਪੰਜਾਬ ਵਿਧਾਨ ਸਭਾ ਵਿੱਚ ਇਸ ਸਬੰਧੀ ਪ੍ਰਸਤਾਵ ਪਾਸ ਕੀਤਾ ਜਾਵੇਗਾ। ਇਸ ਤਰ੍ਹਾਂ ਕਰਨ ਨਾਲ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਪ੍ਰਸਾਰਣ ਸਾਰੇ ਚੈਨਲਾਂ 'ਤੇ ਮੁਫ਼ਤ ਹੋ ਜਾਵੇਗਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ "ਵਾਹਿਗੁਰੂ ਜੀ ਦੀ ਕ੍ਰਿਪਾ ਨਾਲ 19 ਜੂਨ ਇਕ ਇਤਿਹਾਸਕ ਫ਼ੈਸਲਾ ਲੈਣ ਜਾ ਰਹੇ ਹਾਂ। ਸਮੂਹ ਸੰਗਤ ਦੀ ਮੰਗ ਅਨੁਸਾਰ ਸਿੱਖ ਗੁਰਦੁਆਰਾ ਐਕਟ 1925 ਵਿੱਚ ਇਕ ਨਵਾਂ ਸੈਕਸ਼ਨ ਜੋੜ ਕੇ ਹਰਿਮੰਦਰ ਸਾਹਿਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫ਼ਤ ਹੋਵੇਗਾ। ਇਸ ਦੇ ਲਈ ਕੋਈ ਟੈਂਡਰ ਨਹੀਂ ਲੱਗੇਗਾ।"

ਇਹ ਵੀ ਪੜ੍ਹੋ:600 ਕਰੋੜ ਨਾਲ ਬੁੱਢੇ ਨਾਲੇ ਦਾ ਪਾਣੀ ਹੋਵੇਗਾ ਸਾਫ਼, ਰਾਜਸਥਾਨ ਨੂੰ ਵੀ ਮਿਲੇਗਾ ਸਾਫ਼ ਸੁਥਰਾ ਪਾਣੀ: ਭਗਵੰਤ ਮਾਨ

ਉਨ੍ਹਾਂ ਕਿਹਾ ਕਿ ਸਰਬੱਤ ਦੇ ਭਲੇ ਦੇ ਸਰਬ-ਵਿਆਪਕ ਸੰਦੇਸ਼ ਫੈਲਾਉਣ ਦੇ ਮਕਸਦ ਨਾਲ ਵਿਸ਼ਵ ਭਰ ’ਚ ਸਰਬ ਸਾਂਝੀ ਗੁਰਬਾਣੀ ਦਾ ਪ੍ਰਚਾਰ ਕਰਨਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਕਿਸੇ ਇਕ ਚੈਨਲ ਨੂੰ ਦੇਣ ਦੀ ਬਜਾਏ ਇਸ ਦਾ ਪ੍ਰਸਾਰਣ ਬਿਲਕੁਲ ਮੁਫ਼ਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਗੁਰਬਾਣੀ ਸਰਵਣ ਕਰਵਾਉਣ ਲਈ ਬਹੁਤ ਸਹਾਈ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੰਗਤਾਂ ਨੂੰ ਆਪਣੇ ਟੀ. ਵੀ. ਸੈੱਟਾਂ ਜਾਂ ਹੋਰ ਯੰਤਰਾਂ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ’ਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਦੁਨੀਆ ਦੇ ਕੋਨੇ-ਕੋਨੇ ’ਚ ਪਵਿੱਤਰ ਗੁਰਬਾਣੀ ਦਾ ਸੰਦੇਸ਼ ਫੈਲਾਉਣ ’ਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸੇ ਇਕ ਮਾਧਿਅਮ ਰਾਹੀਂ ਗੁਰਬਾਣੀ ਦੀ ਪਹੁੰਚ ਸੀਮਤ ਕਰਨ ਦੀ ਬਜਾਏ ਸਭ ਦੇ ਕਲਿਆਣ ਅਤੇ ਭਾਈਚਾਰੇ ਦਾ ਸੰਦੇਸ਼ ਲੋਕਾਂ ਤੱਕ ਮੁਫ਼ਤ ਪ੍ਰਸਾਰਿਤ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ:ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਇਜਲਾਸ ਅੱਜ ਤੋਂ ਸ਼ੁਰੂ, ਕਈ ਅਹਿਮ ਮੁੱਦਿਆਂ 'ਤੇ ਲਿਆਂਦੇ ਜਾਣਗੇ ਪ੍ਰਸਤਾਵ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News