ਕੈਪਟਨ ਸਰਕਾਰ ਪੰਜਾਬ ਨੂੰ ਪਸ਼ੂ-ਧਨ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਏਗੀ : ਧਰਮਸੌਤ
Monday, Dec 04, 2017 - 04:37 PM (IST)
ਪਟਿਆਲਾ (ਰਾਜੇਸ਼)-ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਫੈੱਡਰੇਸ਼ਨ ਆਫ਼ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਫਿੱਕੀ) ਦੇ ਸਹਿਯੋਗ ਨਾਲ ਕਰਵਾਈ ਜਾ ਰਹੀ 10ਵੀਂ ਕੌਮੀ ਪਸ਼ੂ-ਧਨ ਚੈਂਪੀਅਨਸ਼ਿਪ ਅਤੇ ਐਕਸਪੋ-2017 ਦੇ ਤੀਜੇ ਦਿਨ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੌਤ ਅਤੇ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਸ਼ਿਰਕਤ ਕੀਤੀ। ਇਸ ਮੌਕੇ ਪਸ਼ੂ ਪਾਲਕਾਂ ਅਤੇ ਆਮ ਲੋਕਾਂ ਦੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ. ਧਰਮਸੌਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਪੰਜਾਬ ਨੂੰ ਪਸ਼ੂ-ਧਨ ਦੀ ਹਰ ਸ਼੍ਰੇਣੀ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਏਗੀ।
ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਮਸ਼ੀਨੀ ਯੁੱਗ 'ਚ ਆਪਣੇ ਵਿਹਲੇ ਸਮੇਂ ਦੀ ਸਦਵਰਤੋਂ ਸਹਾਇਕ ਧੰਦੇ ਅਪਣਾ ਕੇ ਵਾਧੂ ਮੁਨਾਫ਼ਾ ਕਮਾਉਣ ਲਈ ਕਰਨ। ਡੇਅਰੀ ਧੰਦੇ ਸਮੇਤ ਸੂਰ, ਮਧੂ-ਮੱਖੀ, ਬੱਕਰੀ ਤੇ ਮੱਛੀ ਪਾਲਣ ਨਾਲ ਜਿਥੇ ਬੇਰੁਜ਼ਗਾਰੀ ਦੂਰ ਹੋਵੇਗੀ, ਉਥੇ ਦੇਸ਼ ਅੰਦਰ ਭੋਜਨ ਸੁਰੱਖਿਆ ਵੀ ਯਕੀਨੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਖੇਤੀਬਾੜੀ ਵਿਭਿੰਨਤਾ ਪ੍ਰੋਗਰਾਮ ਜ਼ਰੀਏ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਉਪਰਾਲਿਆਂ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ ਹੈ। ਇਸ ਮੌਕੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਆਪਣੇ ਸੰਬੋਧਨ 'ਚ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਸ਼ੂ ਪਾਲਕਾਂ ਦਾ ਹੌਸਲਾ ਵਧੇਗਾ।
ਇਸ ਤੋਂ ਬਾਅਦ ਸ. ਧਰਮਸੌਤ ਨੇ ਇਸ ਚੈਂਪੀਅਨਸ਼ਿਪ ਦੌਰਾਨ ਪਸ਼ੂਆਂ ਦੇ ਹੋ ਰਹੇ ਵੱਖ-ਵੱਖ ਮੁਕਾਬਲਿਆਂ ਵਾਲੇ ਸਥਾਨਾਂ ਦਾ ਦੌਰਾ ਕਰ ਕੇ ਪਸ਼ੂ ਪਾਲਕਾਂ ਨਾਲ ਮੁਲਾਕਾਤ ਕੀਤੀ ਅਤੇ ਐਕਸਪੋ-2017 'ਚ ਲਾਈ ਪ੍ਰਦਰਸ਼ਨੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਪਸ਼ੂ ਮੁਕਾਬਲਿਆਂ ਲਈ ਪੁੱਜੇ ਮਾਹਿਰਾਂ ਦਾ ਸਨਮਾਨ ਵੀ ਕੀਤਾ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਮੇਲੇ ਦੌਰਾਨ ਘੋੜਿਆਂ, ਮੱਝਾਂ, ਗਾਵਾਂ, ਭੇਡਾਂ, ਬੱਕਰੀਆਂ, ਸੂਰਾਂ, ਕੁੱਤਿਆਂ, ਮੁਰਗੀਆਂ ਆਦਿ ਦੇ 92 ਸ਼੍ਰੇਣੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਜੇਤੂ ਪਸ਼ੂ ਪਾਲਕਾਂ ਨੂੰ ਸਵਾ ਕਰੋੜ ਰੁਪਏ ਇਨਾਮੀ ਰਾਸ਼ੀ ਵੰਡੀ ਜਾਵੇਗੀ।
ਇਸ ਚੈਂਪੀਅਨਸ਼ਿਪ ਮੌਕੇ ਫਿੱਕੀ ਵੱਲੋਂ ਪਸ਼ੂ-ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਤੇ ਖੇਤੀਬਾੜੀ ਨਾਲ ਸਬੰਧਤ 200 ਤੋਂ ਵੱਧ ਕੰਪਨੀਆਂ ਵੱਲੋਂ ਲਾਈ ਗਈ ਪ੍ਰਦਰਸ਼ਨੀ ਪਸ਼ੂ-ਪਾਲਕਾਂ ਦੀ ਖਿੱਚ ਦਾ ਕੇਂਦਰ ਰਹੀ। ਅੱਜ ਤੀਜੇ ਦਿਨ ਤੱਕ ਡੇਢ ਲੱਖ ਲੋਕਾਂ ਵੱਲੋਂ ਸ਼ਿਰਕਤ ਕੀਤੀ ਜਾ ਚੁੱਕੀ ਹੈ। ਇਹ ਅੰਕੜਾ 5 ਲੱਖ ਤੱਕ ਪੁੱਜਣ ਦੀ ਸੰਭਾਵਨਾ ਹੈ। ਇਸ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਡਾ. ਕੇਵਲ ਅਰੋੜਾ, ਡਾ. ਜਸਵੀਰ ਮਹਿਰਮ, ਡਾ. ਬੀਰ ਸੁਖਵੰਤ ਦੀ ਟੀਮ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰ ਕੇ ਦਰਸ਼ਕਾਂ ਨੂੰ ਕੀਲਿਆ। ਡਾ. ਅਮਰਜੀਤ ਸਿੰਘ ਮੁਲਤਾਨੀ ਨੇ ਦੱਸਿਆ ਕਿ ਇਸ ਦੌਰਾਨ ਨਿਊ ਪੋਲੋ ਗਰਾਊਂਡ ਵਿਖੇ ਘੋੜਿਆਂ ਦੀਆਂ ਵੱਖ-ਵੱਖ ਨਸਲਾਂ ਦੇ ਰੇਵੀਆ ਚਾਲ, ਘੋੜਿਆਂ ਦੀ ਰੇਸ ਤੇ ਹੋਰ ਮੁਕਾਬਲੇ ਵੀ ਕਰਵਾਏ ਗਏ।
