ਕਿਸਾਨਾਂ ਦੀ ਮੰਗਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਪੰਜਾਬ ਸਰਕਾਰ
Wednesday, Feb 21, 2024 - 06:44 PM (IST)
ਚੰਡੀਗੜ੍ਹ (ਬਿਊਰੋ) : ਹਰਿਆਣਾ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਐਮਰਜੈਂਸੀ ਸਹੂਲਤਾਵਾਂ ਦੇ ਰਹੀ ਹੈ। ਸ਼ੰਭੂ ਅਤੇ ਖ਼ਨੌਰੀ ਬਾਰਡਰ ’ਤੇ ਸਥਿਤੀ ’ਤੇ ਕਾਬੂ ਪਾਉਣ ਅਤੇ ਕਿਸਾਨਾਂ ਨੂੰ ਸਰੀਰਕ ਨੁਕਸਾਨ ਤੋਂ ਬਚਾਉਣ ਲਈ ਸਰਕਾਰ ਵੱਲੋਂ ਵੱਡੀ ਗਿਣਤੀ ’ਚ ਰੋਡ ਸੇਫਟੀ ਫੋਰਸ (ਐੱਸ. ਐੱਸ. ਐੱਫ.) ਦੀਆਂ ਗੱਡੀਆਂ ਅਤੇ ਐਂਬੂਲੈਂਸ ਵੈਨਾਂ ਤਾਇਨਾਤ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਨੇ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਸਾਰੇ ਹਸਪਤਾਲਾਂ ਨੂੰ ਅਲਰਟ ’ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਨੇ ਸਾਰੇ ਹਸਪਤਾਲਾਂ ਦੇ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਹਾਜ਼ਰ ਰਹਿਣ ਲਈ ਕਿਹਾ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਪਾਣੀ ਦੇ ਟੈਂਕਰਾਂ ਅਤੇ ਪਖਾਨਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕਈ ਹਸਪਤਾਲਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਕਿਹਾ ਹੈ ਕਿ ਅਸੀਂ ਹਰਿਆਣਾ ਦੇ ਨਾਲ ਲੱਗਦੇ ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ’ਚ ਮੁਕੰਮਲ ਪ੍ਰਬੰਧ ਕੀਤੇ ਹੋਏ ਹਨ। ਕਈ ਐਂਬੂਲੈਂਸਾਂ ਨੂੰ ਵੀ ਵਿਸ਼ੇਸ਼ ਡਿਊਟੀ ’ਤੇ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਸ਼੍ਰੀ ਫਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਦੇ ਹਸਪਤਾਲਾਂ ਨੂੰ ਬੈਕਅੱਪ ਸਹਾਇਤਾ ਲਈ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਪੱਛਮੀ ਬੰਗਾਲ ਦੇ ਸਿੱਖ ਅਫ਼ਸਰ ’ਤੇ ਸਵਾਲ ਚੁੱਕਣ ’ਤੇ ਭਾਜਪਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਠੋਕਵਾਂ ਜਵਾਬ
ਸਿਹਤ ਮੰਤਰੀ ਨੇ ਹਰਿਆਣਾ ਸਰਕਾਰ ਅਤੇ ਹਰਿਆਣਾ ਪੁਲਸ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਖ਼ਿਲਾਫ਼ ਅੱਥਰੂ ਗੈਸ ਦੇ ਗੋਲੇ, ਰਬੜ ਅਤੇ ਪਲਾਸਟਿਕ ਦੀਆਂ ਗੋਲੀਆਂ ਅਤੇ ਹੋਰ ਕਿਸੇ ਵੀ ਚੀਜ਼ ਦੀ ਵਰਤੋਂ ਨਾ ਕਰਨ ਜੋ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਂਦੀ ਹੋਵੇ। ਹਰਿਆਣਾ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ’ਤੇ ਜ਼ੁਲਮ ਕਰਨ ਤੋਂ ਬਚਣਾ ਚਾਹੀਦਾ ਹੈ। ਮੰਤਰੀ ਨੇ ਕਿਹਾ ਕਿ ਜਿਸ ਦਿਨ ਇਹ ਅੰਦੋਲਨ ਸ਼ੁਰੂ ਹੋਇਆ, ਉਸ ਦਿਨ ਕਈ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਜਾਂ ਉਨ੍ਹਾਂ ਦੀਆਂ ਅੱਖਾਂ ਬੁਰੀ ਤਰ੍ਹਾਂ ਖ਼ਰਾਬ ਹੋ ਗਈਆਂ। ਮੈਨੂੰ ਉਮੀਦ ਹੈ ਕਿ ਅੱਜ ਅਜਿਹੇ ਹਾਲਾਤ ਪੈਦਾ ਨਹੀਂ ਹੋਣਗੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਧਰਨੇ ਦੌਰਾਨ ਸ਼ਾਂਤੀ ਬਣਾਈ ਰੱਖਣ ਅਤੇ ਸਰਕਾਰ ਨੂੰ ਜਮਹੂਰੀ ਢੰਗ ਨਾਲ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਮਜਬੂਰ ਕਰਨ।
ਇਹ ਵੀ ਪੜ੍ਹੋ : ਜਲੰਧਰ ’ਚ 23 ਫਰਵਰੀ ਨੂੰ ਛੁੱਟੀ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e