ਕੱਚੇ ਅਧਿਆਪਕ ਯੂਨੀਅਨ ਨੇ ਕੀਤਾ ਮੁੱਖ ਮੰਤਰੀ ਰਿਹਾਇਸ਼ ਵੱਲ ਪੈਦਲ ਮਾਰਚ
Sunday, Dec 05, 2021 - 08:49 PM (IST)
ਚੰਡੀਗੜ੍ਹ(ਰਮਨਜੀਤ)- ਪਿਛਲੇ ਲੰਬੇ ਸਮੇਂ ਤੋਂ ਧਰਨਾ-ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕ ਯੂਨੀਅਨ ਵਲੋਂ ਐਤਵਾਰ ਨੂੰ ਮੋਹਾਲੀ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਤੋਂ ਸ਼ੁਰੂ ਕਰ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਰਿਹਾਇਸ਼ ਵੱਲ ਪੈਦਲ ਮਾਰਚ ਕੀਤਾ। ਪੰਜਾਬ-ਚੰਡੀਗੜ੍ਹ ਬੈਰੀਅਰ ’ਤੇ ਪੁਲਸ ਨੂੰ ਚਕਮਾ ਦੇ ਕੇ ਅਣਗਿਣਤ ਕੱਚੇ ਅਧਿਆਪਕ ਚੰਡੀਗੜ੍ਹ ਵਿਚ ਵੜਣ ਵਿਚ ਕਾਮਯਾਬ ਰਹੇ ਅਤੇ ਨਾਅਰੇਬਾਜ਼ੀ ਕਰਦੇ ਹੋਏ ਅੱਗੇ ਵਧਦੇ ਰਹੇ।
ਚੰਡੀਗੜ੍ਹ ਪੁਲਸ ਵਲੋਂ ਇਨ੍ਹਾਂ ਅਧਿਆਪਕਾਂ ਨੂੰ ਸੈਕਟਰ 34 ਦੇ ਨਜ਼ਦੀਕ ਰੋਕਿਆ ਗਿਆ ਅਤੇ ਕਈਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਕੁਝ ਕੱਚੇ ਅਧਿਆਪਕਾਂ ਨੂੰ ਸੈਕਟਰ 19 ਦੇ ਨਜ਼ਦੀਕ ਤੋਂ ਵੀ ਹਿਰਾਸਤ ਵਿਚ ਲਿਆ ਗਿਆ।
ਨਿਸ਼ਾਂਤ ਕਪੂਰਥਲਾ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਦੇ ਮੈਂਬਰ ਲਗਾਤਾਰ ਮੁੱਖ ਮੰਤਰੀ ਤੋਂ ਮੰਗ ਕਰ ਰਹੇ ਹਨ ਕਿ ਸਿਰਫ 6 ਹਜ਼ਾਰ ਰੁਪਏ ’ਤੇ ਬੀਤੇ ਕਈ ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਪੜ੍ਹਾ ਰਹੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ, ਪਰ ਸਰਕਾਰ ਸੁਣਵਾਈ ਨਹੀਂ ਕਰ ਰਹੀ ਹੈ।
ਨਿਸ਼ਾਂਤ ਨੇ ਕਿਹਾ ਕਿ ਸਰਕਾਰੀ ਅਧਿਆਪਕ ਯੂਨੀਅਨ ਦੇ ਸਹਿਯੋਗ ਨਾਲ ਐਤਵਾਰ ਨੂੰ ਕੀਤੇ ਗਏ ਪੈਦਲ ਮਾਰਚ ਤੋਂ ਬਾਅਦ ਉਨ੍ਹਾਂ ਨੂੰ ਮੁੱਖ ਮੰਤਰੀ ਦਫ਼ਤਰ ਵਲੋਂ ਦੋ ਬੈਠਕਾਂ ਲਈ ਸਮਾਂ ਮਿਲ ਗਿਆ ਹੈ। ਨਿਸ਼ਾਂਤ ਮੁਤਾਬਕ ਸੋਮਵਾਰ ਨੂੰ ਸਵੇਰੇ ਸਾਢੇ 9 ਵਜੇ ਮੁੱਖ ਮੰਤਰੀ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਨਾਲ ਬੈਠਕ ਦਾ ਸਮਾਂ ਦਿੱਤਾ ਗਿਆ ਹੈ ਅਤੇ ਨਾਲ ਹੀ ਅਗਲੇ ਵੀਰਵਾਰ ਨੂੰ ਮੁੱਖ ਮੰਤਰੀ ਅਤੇ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਦਾ ਵੀ ਸਮਾਂ ਦਿੱਤਾ ਗਿਆ ਹੈ। ਨਿਸ਼ਾਂਤ ਨੇ ਕਿਹਾ ਕਿ ਉਨ੍ਹਾਂ ਦੇ ਸਾਥੀਆਂ ਨੂੰ ਉਮੀਦ ਹੈ ਕਿ ਇਨ੍ਹਾਂ ਬੈਠਕਾਂ ਦਾ ਨਤੀਜਾ ਚੰਗਾ ਨਿਕਲੇਗਾ।