ਸੰਸਦ ''ਚ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤਸਵੀਰ ਲੈ ਕੇ ਜਾਣ ''ਤੇ ਐੱਸ. ਜੀ. ਪੀ. ਸੀ. ਸਖ਼ਤ

Saturday, Jul 06, 2024 - 06:30 PM (IST)

ਸੰਸਦ ''ਚ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤਸਵੀਰ ਲੈ ਕੇ ਜਾਣ ''ਤੇ ਐੱਸ. ਜੀ. ਪੀ. ਸੀ. ਸਖ਼ਤ

ਅੰਮ੍ਰਿਤਸਰ (ਦੀਪਕ/ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਬੀਤੇ ਦਿਨ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ 2 ਨਵੇਂ ਗ੍ਰੰਥੀ ਸਿੰਘ ਸਾਹਿਬਾਨ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇਣ ਦੇ ਨਾਲ-ਨਾਲ ਸੰਸਦ ਅੰਦਰ ਕਾਂਗਰਸ ਦੇ ਐੱਮ. ਪੀ. ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨਾਲ ਅਭਯ ਮੁਦਰਾ ਨੂੰ ਜੋੜਨ ਦਾ ਸਖ਼ਤ ਨੋਟਿਸ ਲਿਆ ਗਿਆ। ਇਸ ਤੋਂ ਇਲਾਵਾ ਰਾਜਸਥਾਨ ਅੰਦਰ ਜੁਡੀਸ਼ੀਅਲ ਪ੍ਰੀਖਿਆ ’ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਕਿਰਪਾਨ ਲਾਹੁਣ ਲਈ ਮਜ਼ਬੂਰ ਕਰਨ ਅਤੇ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਟਿੱਪਣੀਆਂ ਖ਼ਿਲਾਫ਼ ਵੀ ਮਤੇ ਪਾਸ ਕੀਤੇ ਗਏ ਹਨ।

ਸੰਸਦ ’ਚ ਰਾਹੁਲ ਗਾਂਧੀ ਵੱਲੋਂ ਅਭਯ ਮੁਦਰਾ ਨੂੰ ਪਹਿਲੇ ਪਾਤਸ਼ਾਹ ਨਾਲ ਜੋੜਨ ਦਾ ਲਿਆ ਸਖ਼ਤ ਨੋਟਿਸ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਭਾਰਤ ਦੀ ਸੰਸਦ ਅੰਦਰ ਕਾਂਗਰਸ ਦੇ ਐੱਮ. ਪੀ. ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਫ਼ਲਸਫ਼ੇ ਅਤੇ ਉਨ੍ਹਾਂ ਦੀ ਤਸਵੀਰ ਨੂੰ ਆਧਾਰ ਬਣਾ ਕੇ ਕੀਤੀਆਂ ਗਈਆਂ ਟਿੱਪਣੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਸਪੱਸ਼ਟ ਕੀਤਾ ਕਿ ਗੁਰੂ ਸਾਹਿਬਾਨ ਦੀ ਪਾਵਨ ਗੁਰਬਾਣੀ ਅਤੇ ਸਿੱਖਿਆਵਾਂ ਨੂੰ ਸਿਆਸੀ ਬਹਿਸ ਦਾ ਹਿੱਸਾ ਨਹੀਂ ਬਣਾਉਣਾ ਚਾਹੀਦਾ। ਇਸ ਸਬੰਧੀ ਪਾਸ ਕੀਤੇ ਗਏ ਮਤੇ ਵਿਚ ਕਿਹਾ ਕਿ ਅਕਸਰ ਹੀ ਸਿਆਸੀ ਲੋਕਾਂ ਵੱਲੋਂ ਅਜਿਹਾ ਕਰਨ ਨਾਲ ਗੁਰੂ ਸਾਹਿਬਾਨ ਦੇ ਮੌਲਿਕ ਸਿਧਾਂਤਾਂ ਅਤੇ ਪਾਵਨ ਗੁਰਬਾਣੀ ਦੇ ਅਰਥਾਂ ਵੀ ਵਿਆਖਿਆ ਗਲਤ ਕੀਤੀ ਜਾਂਦੀ ਹੈ, ਜਿਸ ਨਾਲ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜਦੀ ਹੈ। ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜ਼ਿਕਰ ਕਰਦਿਆਂ ਇਹ ਕਹਿਣਾ ਕਿ ਗੁਰੂ ਸਾਹਿਬ ਦਾ ਸਰੂਪ (ਤਸਵੀਰ) ਅਭਯ ਮੁਦਰਾ ਨੂੰ ਦਰਸਾਉਂਦੀ ਹੈ, ਬਿਲਕੁਲ ਗਲਤ ਹੈ। ਮਤੇ ਵਿਚ ਸਪੱਸ਼ਟ ਕੀਤਾ ਗਿਆ ਕਿ ਗੁਰੂ ਸਾਹਿਬ ਨੇ ਅਜਿਹੀ ਕਿਸੇ ਵੀ ਮੁਦਰਾ ਜਾਂ ਆਸਣ ਨੂੰ ਮਾਨਤਾ ਨਹੀਂ ਦਿੱਤੀ, ਸਗੋਂ ਅਜਿਹੇ ਵਰਤਾਰੇ ਦਾ ਖੰਡਨ ਕਰਦਿਆਂ ਕੇਵਲ ਇਕ ਅਕਾਲ ਪੁਰਖ ਨਾਲ ਜੁੜਨ ਦਾ ਉਪਦੇਸ਼ ਦਿੱਤਾ ਹੈ।

ਅੰਤ੍ਰਿੰਗ ਕਮੇਟੀ ਨੇ ਇਸ ਮਤੇ ਰਾਹੀਂ ਲੋਕ ਸਭਾ ਅਤੇ ਰਾਜ ਸਭਾ ਦੋਹਾਂ ਸਦਨਾਂ ਦੇ ਸਪੀਕਰਾਂ ਨੂੰ ਅਪੀਲ ਕੀਤੀ ਕਿ ਉਹ ਸੰਸਦ ਅੰਦਰ ਇਹ ਯਕੀਨੀ ਬਣਾਉਣ ਕਿ ਸੰਸਦ ਦੀ ਕਾਰਵਾਈ ਸਮੇਂ ਕਿਸੇ ਦੀਆਂ ਵੀ ਧਾਰਮਿਕ ਭਾਵਨਾਵਾਂ ਨੂੰ ਸੱਟ ਨਾ ਵੱਜੇ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਲੋੜ ਨੂੰ ਵੇਖਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਵਿਚ ਸੇਵਾ ਨਿਭਾਅ ਰਹੇ ਭਾਈ ਕੇਵਲ ਸਿੰਘ ਅਤੇ ਬਟਾਲਾ ਵਾਸੀ ਕਥਾਵਾਚਕ ਭਾਈ ਪਰਵਿੰਦਰਪਾਲ ਸਿੰਘ ਨੂੰ ਗ੍ਰੰਥੀ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਅਤੇ ਸਿੰਘ ਸਾਹਿਬਾਨ ਵੱਲੋਂ ਵੱਖ-ਵੱਖ ਉਮੀਦਵਾਰਾਂ ਦਾ ਟੈਸਟ ਲਿਆ ਗਿਆ ਸੀ, ਜਿਨ੍ਹਾਂ ਵਿੱਚੋਂ ਕੀਤੀ ਗਈ ਸਿਫ਼ਾਰਿਸ਼ ਅਨੁਸਾਰ ਦੋ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ

ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਕਈ ਸਿੱਖ ਮਸਲਿਆਂ ਨੂੰ ਏਜੰਡੇ ’ਤੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਅੰਦਰ ਬੀਤੇ ਦਿਨੀਂ ਜੁਡੀਸ਼ੀਅਲ ਪ੍ਰੀਖਿਆ ’ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਤੰਗ ਪ੍ਰੇਸ਼ਾਨ ਅਤੇ ਕਰਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਵਿਚ ਸਰਕਾਰ ਪਾਸੋਂ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਮੰਗੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੋਸ਼ੀਆਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰ ਕੇ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਹੋਣ ਦੇ ਬਾਵਜੂਦ ਵੀ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਕਕਾਰ (ਕਿਰਪਾਨ) ਲਾਹੁਣ ਲਈ ਮਜ਼ਬੂਰ ਕਰਨਾ ਸਿੱਖਾਂ ਨਾਲ ਵਿਤਕਰਾ ਵਖਰੇਵਾਂ ਹੈ, ਜਦਕਿ ਪੰਜ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹੈ।

ਭਾਰਤੀ ਸੰਵਿਧਾਨ ਦੇ ਆਰਟੀਕਲ 25 ਤਹਿਤ ਸਿੱਖਾਂ ਨੂੰ ਕਿਰਪਾਨ ਪਾਉਣ ਦਾ ਅਧਿਕਾਰ ਹੈ, ਜਿਸ ਦੇ ਮੱਦੇਨਜ਼ਰ ਰਾਜਸਥਾਨ ਅੰਦਰ ਕੀਤੀਆਂ ਗਈਆਂ ਆਪਹੁੱਦਰੀਆਂ ਕਾਰਵਾਈਆਂ ਸੰਵਿਧਾਨ ਦੀ ਘੋਰ ਉਲੰਘਣਾ ਹੈ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਇਸ ਮਾਮਲੇ ਵਿਚ ਕੇਂਦਰ ਸਰਕਾਰ ਨਾਲ ਲਿਖਾ-ਪੜ੍ਹੀ ਕਰਨ ਤੋਂ ਇਲਾਵਾ ਕਾਨੂੰਨੀ ਮਾਹਿਰਾਂ ਦੀ ਰਾਏ ਅਨੁਸਾਰ ਪੈਰਵਾਈ ਕਰਨ ਦਾ ਫੈਸਲਾ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਪੰਜਾਬ ਅਤੇ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀਆਂ ਦੀ ਵੀ ਅੰਤ੍ਰਿੰਗ ਕਮੇਟੀ ਵੱਲੋਂ ਨਿੰਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਗਨਾ ਵੱਲੋਂ ਪੰਜਾਬ ਵਿਰੋਧੀ ਨਫ਼ਰਤੀ ਪ੍ਰਗਟਾਵੇ ’ਤੇ ਸਰਕਾਰ ਵੱਲੋਂ ਕਾਰਵਾਈ ਨਾ ਕਰਨਾ ਸੂਬੇ ਦੀ ਤਰਜਮਾਨੀ ਤੋਂ ਮੂੰਹ ਮੋੜਨਾ ਹੈ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਉਹ ਕੰਗਨਾ ਰਣੌਤ ਖ਼ਿਲਾਫ਼ ਪਰਚਾ ਦਰਜ ਕਰੇ, ਕਿਉਂਕਿ ਉਸ ਨੇ ਨਫ਼ਰਤੀ ਹਿੰਸਾ ਫੈਲਾ ਕੇ ਪੰਜਾਬੀਆਂ ਨੂੰ ਬਦਨਾਮ ਕੀਤਾ ਹੈ।

ਇਹ ਵੀ ਪੜ੍ਹੋ-  GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ

ਇਸ ਮੌਕੇ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਦੇ ਵਿਦਿਆਰਥੀ ਗੁਰਜੋਤ ਸਿੰਘ ਵੱਲੋਂ ਯੂ. ਪੀ. ਐੱਸ. ਸੀ. ਦੀ ਸਿਵਲ ਸੇਵਾ ਦੀ ਪ੍ਰੀਲੀਮੀਨਰੀ ਪ੍ਰੀਖਿਆ 2024 ਪਾਸ ਕਰਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵਾਰ ਨਿਸ਼ਚੈ ਅਕੈਡਮੀ ਦੇ ਨਵੇਂ ਬੈਚ ਲਈ ਚੰਡੀਗੜ੍ਹ ਵਿਖੇ 25 ਸਿੱਖ ਨੌਜਵਾਨਾਂ ਦੇ ਨਾਲ-ਨਾਲ ਬਹਾਦਰਗੜ੍ਹ ਪਟਿਆਲਾ ਵਿਖੇ ਨਿਸ਼ਚੈ ਜੁਡੀਸ਼ੀਅਲ ਅਕੈਡਮੀ ਲਈ ਵੀ 25 ਸਿੱਖ ਨੌਜਵਾਨਾਂ ਦੀ ਚੋਣ ਕਰ ਲਈ ਗਈ ਹੈ।

ਇਸ ਦੌਰਾਨ ਐਡਵੋਕੇਟ ਧਾਮੀ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿਚ ਸੰਸਥਾ ਦੇ ਵਿਦਿਅਕ ਅਦਾਰਿਆਂ ਦੇ 250 ਤੋਂ ਜ਼ਿਆਦਾ ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਵਿਚ ਰੋਜ਼ਗਾਰ ਲਈ ਚੁਣਿਆ ਗਿਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਨਾਲ ਸਬੰਧਤ ਜਾਇਦਾਦ ਦੇ ਮਾਮਲੇ ’ਤੇ ਕਿਹਾ ਸਰਕਾਰ ਗੁਰੂ ਘਰ ਦੇ ਮਾਮਲਿਆਂ ਵਿਚ ਦਖ਼ਲ ਦੇਣ ਤੋਂ ਬਾਜ ਆਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੁ ਘਰਾਂ ਦੀ ਜਾਇਦਾਦਾਂ ਦੀ ਸਾਂਭ-ਸੰਭਾਲ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਹੈ, ਜਿਸ ਵਿਚ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ੍ਰੀ ਦਰਬਾਰ ਸਾਹਿਬ ਵਿਖੇ ਇਕ ਕੁੜੀ ਵੱਲੋਂ ਯੋਗਾ ਕਰਨ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਵੱਲੋਂ ਇਸ ਘਟਨਾ ਉਪਰ ਰਾਏ ਦਿੱਤੀਆਂ ਗਈਆਂ ਹਨ ਅਤੇ ਉਸ ਕੁੜੀ ਵੱਲੋਂ ਵੀ ਲਿਖਤੀ ਤੌਰ ’ਤੇ ਮੁਆਫ਼ੀ ਭੇਜੀ ਗਈ ਹੈ। ਪਰੰਤੂ ਹਰ ਧਾਰਮਿਕ ਅਸਥਾਨ ਦੀ ਇਕ ਮਰਿਆਦਾ ਹੁੰਦੀ ਹੈ ਅਤੇ ਜਾਣਬੁਝ ਕੇ ਕੀਤੀ ਗਈ ਕਾਰਵਾਈ ਬਖ਼ਸ਼ਣਯੋਗ ਨਹੀਂ ਹੁੰਦੀ।

ਉਨ੍ਹਾਂ ਕਿਹਾ ਕਿ ਭਵਿੱਖ ਵਿਚ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ ਬਾਰੇ ਨਿਯਮ ਨਿਰਧਾਰਤ ਕੀਤੇ ਜਾਣਗੇ, ਪਰ ਤੁਰੰਤ ਪ੍ਰਭਾਵ ਤੋਂ ਕਿਸੇ ਵੀ ਕਲਾਕਾਰ ਜਾਂ ਅਦਾਕਾਰ ਨੂੰ ਇਥੇ ਆਪਣੀ ਮਸ਼ਹੂਰੀ ਕਰਨ ਵਾਸਤੇ ਵੀਡੀਓਗ੍ਰਾਫੀ ਕਰਨ ਦੀ ਮਨਾਹੀ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਰਘਬੀਰ ਸਿੰਘ ਸਹਾਰਨਮਾਜਰਾ, ਜਸਮੇਰ ਸਿੰਘ ਲਾਛੜੂ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ ਖੋਖ, ਇੰਦਰਮੋਹਨ ਸਿੰਘ ਲਖਮੀਰਵਾਲਾ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਮਲਕੀਤ ਕੌਰ ਕਮਾਲਪੁਰ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ- ਪਿਛਲੇ 5 ਸਾਲਾਂ ਦੇ ਮੁਕਾਬਲੇ ਸਭ ਤੋਂ ਘੱਟ ਬਾਰਿਸ਼ ਵਾਲਾ ਰਿਹਾ ਜੂਨ ਮਹੀਨਾ, ਚੰਡੀਗੜ੍ਹ ’ਚ ਟੁੱਟਿਆ ਰਿਕਾਰਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News