ਸ਼੍ਰੋਮਣੀ ਅਕਾਲੀ ਦਲ ਨੇ 32 ਕਿਸਾਨ ਜਥੇਬੰਦੀਆਂ ਅਤੇ ਉਗਰਾਹਾਂ ਧੜੇ ਕੋਲ ਰਸਮੀ ਗੱਲਬਾਤ ਲਈ ਕੀਤੀ ਪਹੁੰਚ
Monday, Sep 06, 2021 - 10:40 PM (IST)
ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ 32 ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ ਏਕਤਾ ਕੋਲ ਪਹੁੰਚ ਕਰ ਕੇ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪਾਰਟੀ ਦੀ ਗੱਲ ਪੰਜਾਬ ਦੀ ਮੁਹਿੰਮ ਬਾਰੇ ਗਲਤਫਹਿਮੀਆਂ ਦੂਰ ਕੀਤੀਆਂ ਜਾ ਸਕਣ। ਕਿਸਾਨ ਜਥੇਬੰਦੀਆਂ ਨੂੰ ਲਿਖੇ ਪੱਤਰ ’ਚ ਸਾਬਕਾ ਐੱਮ. ਪੀ. ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਲਈ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਹਰ ਫ਼ੈਸਲੇ ਦੀ ਹਮਾਇਤ ’ਚ ਡਟਿਆ ਹੈ। ਉਨ੍ਹਾਂ ਕਿਹਾ ਕਿ ਇਸੇ ਭਾਵਨਾ ਨਾਲ ਤੇ ਕਿਸਾਨਾਂ ਦੀ ਭਲਾਈ ਵਾਸਤੇ ਅਸੀਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨਾ ਚਾਹੁੰਦੇ ਹਾਂ ਤਾਂ ਜੋ ਉਨ੍ਹਾਂ ਦੀਆਂ ਸਾਰੀਆਂ ਚਿੰਤਾਵਾਂ ਦੂਰ ਕੀਤੀਆਂ ਜਾ ਸਕਣ ਅਤੇ ਅਸੀਂ ਤਿੰਨ ਕਾਲੇ ਕਾਨੂੰਨ ਰੱਦ ਕਰਨੇ ਯਕੀਨੀ ਬਣਾਉਣ ਵਾਸਤੇ ਇਕਜੁੱਟ ਹੋ ਕੇ ਕੰਮ ਕਰ ਸਕੀਏ। ਉਨ੍ਹਾਂ ਕਿਹਾ ਕਿ ਇਸੇ ਲਈ ਅਸੀਂ ਇਕ ਹਫ਼ਤੇ ਵਾਸਤੇ ਆਪਣੀ ਮੁਹਿੰਮ ਮੁਲਤਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ ਤੇ ਮਨਜਿੰਦਰ ਸਿੰਘ ਸਿਰਸਾ ਵੀ ਗੱਲਬਾਤ ਕਰਨ ਵਾਲੀ ਕਮੇਟੀ ’ਚ ਸ਼ਾਮਲ ਹਨ, ਜੋ ਕਿਸਾਨ ਜਥੇਬੰਦੀਆਂ ਵੱਲੋਂ ਚੁਣੇ ਸਮੇਂ ਤੇ ਸਥਾਨ ’ਤੇ ਆ ਕੇ ਗੱਲਬਾਤ ਕਰਨਗੇ।
ਇਹ ਵੀ ਪੜ੍ਹੋ : ਬਿਜਲੀ ਕੰਪਨੀਆਂ ਦੇ ਨਾਲ-ਨਾਲ ਖ਼ੁਦ ਵੀ ਰੱਜ ਕੇ ਲੁੱਟ ਰਹੀ ਹੈ ਕੈਪਟਨ ਸਰਕਾਰ : ਹਰਪਾਲ ਚੀਮਾ
ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਨੇ ਗੱਲ ਪੰਜਾਬ ਦੀ ਮੁਹਿੰਮ ਰਾਹੀਂ ਲੋਕਾਂ ਤੱਕ ਪਹੁੰਚ ਕਰਨ ਅਤੇ ਕਾਂਗਰਸ ਦੇ ਕੁਸ਼ਾਸਨ ਕਾਰਨ ਤਬਾਹ ਪੰਜਾਬ ਦੀ ਪੁਨਰ ਸਿਰਜਣਾ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਫੀਡਬੈਕ ਲੈਣ ਦੀ ਪਹਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਕਿਸਾਨ ਜਥੇਬੰਦੀ ਇਸ ਭਾਵਨਾ ਨੂੰ ਸਮਝਣਗੀਆਂ ਅਤੇ ਮਹਿਸੂਸ ਕਰਨਗੀਆਂ ਕਿ ਅਸੀਂ ਕਿਸਾਨਾਂ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਵਾਸਤੇ ਕੰਮ ਕਰ ਰਹੇ ਹਾਂ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਪਾਰਟੀ ਵੰਡੀ ਹੋਈ ਹੈ ਅਤੇ ਇਸ ਦੀ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਕਰਨ ’ਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਸਾਰੇ ਵਰਗ ਇਸ ਵੇਲੇ ਮੁਸ਼ਕਿਲ ਝੱਲ ਰਹੇ ਹਨ ਭਾਵੇਂ ਉਹ ਨੌਜਵਾਨ ਹੋਣ ਜਾਂ ਫਿਰ ਕਿਸਾਨ। ਉਨ੍ਹਾਂ ਕਿਹਾ ਕਿ ਸੂਬੇ ’ਚ ਕਾਨੂੰਨ ਦਾ ਕੋਈ ਰਾਜ ਨਹੀਂ ਹੈ ਅਤੇ ਗੈਂਗਸਟਰ ਸੱਭਿਆਚਾਰ ਸਿਖਰ ’ਤੇ ਹੈ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ‘ਆਪ’ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪੰਜਾਬ ਦੇ ਹਿੱਤਾਂ ਖ਼ਿਲਾਫ ਕੰਮ ਕੀਤਾ ਹੈ ਤੇ ਹਮੇਸ਼ਾ ਦੋਗਲੀ ਰਣਨੀਤੀ ਅਪਣਾਈ ਹੈ ਭਾਵੇਂ ਉਹ ਸਤਲੁਜ ਯਮੁਨਾ ਲਿੰਕ ਨਹਿਰ ਦਾ ਮਾਮਲਾ ਹੋਵੇ ਜਾਂ ਫਿਰ ਪਰਾਲੀ ਸਾੜਨ ਵਾਲੇ ਪੰਜਾਬ ਦੇ ਕਿਸਾਨਾਂ ਖ਼ਿਲਾਫ ਕਾਰਵਾਈ ਕਰਨ ਦਾ ਜਾਂ ਫਿਰ ਸੁਪਰੀਮ ਕੋਰਟ ’ਚ ਜਾ ਕੇ ਸੂਬੇ ਦੇ ਥਰਮਲ ਪਲਾਂਟ ਬੰਦ ਕਰਵਾਉਣ ਦਾ ਹੋਵੇ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਜਿਹੇ ਹਾਲਾਤ ’ਚ ਅਕਾਲੀ ਦਲ ਹੀ ਪੰਜਾਬ ਦੇ ਲੋਕਾਂ ਦੇ ਲੋਕਾਂ ਲਈ ਇਕੋ-ਇਕ ਆਸ ਹੈ ਅਤੇ ਇਸੇ ਲਈ ਲੋਕ ਪਾਰਟੀ ਦੇ ਪ੍ਰੋਗਰਾਮਾਂ ’ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਕਾਂਗਰਸ ਤੇ ‘ਆਪ’ ਦੋਵਾਂ ਪਾਰਟੀਆਂ ਨੂੰ ਪਸੰਦ ਨਹੀਂ ਆ ਰਹੀ ਤੇ ਉਹ ਕਿਸਾਨਾਂ ਤੇ ਉਨ੍ਹਾਂ ਦੇ ਮਕਸਦ ਨੂੰ ਬਦਨਾਮ ਕਰਨ ਅਤੇ ਸੂਬੇ ਦੀ ਸ਼ਾਂਤੀ ਭੰਗ ਕਰਨ ’ਤੇ ਤੁਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੇਂਦਰ ਸਰਕਾਰ ਦੀ ਨੀਤੀ ਦਾ ਵੀ ਸ਼ਿਕਾਰ ਹੋ ਰਹੀਆਂ ਹਨ ਅਤੇ ਅਜਿਹੇ ਹਾਲਾਤ ਬਣਾ ਰਹੀਆਂ ਹਨ ਕਿ ਸੂਬੇ ’ਚ ਰਾਸ਼ਟਰਪਤੀ ਰਾਜ ਲਾਗੂ ਹੋ ਸਕੇ। ਅਕਾਲੀ ਆਗੂ ਨੇ ਕਿਹਾ ਕਿ ਅਜਿਹੇ ਹਾਲਾਤ ’ਚ ਇਹ ਜ਼ਰੂਰੀ ਹੈ ਕਿ ਕਿਸਾਨ ਜਥੇਬੰਦੀਆਂ ਦੇ ਮਨਾਂ ਵਿਚ ਅਕਾਲੀ ਦਲ ਦੇ ਪ੍ਰੋਗਰਾਮਾਂ ਪ੍ਰਤੀ ਗਲਤਫਹਿਮੀਆਂ ਦੂਰ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਾਨੂੰ ਆਸ ਹੈ ਕਿ ਕਿਸਾਨ ਆਗੂ ਗੱਲਬਾਤ ਕਰਨ ਵਾਸਤੇ ਹਾਂ-ਪੱਖੀ ਹੁੰਗਾਰਾ ਭਰਨਗੀਆਂ ਤਾਂ ਜੋ ਇਹ ਸਾਰਾ ਮਸਲਾ ਹਰ ਕਿਸੇ ਦੀ ਤਸੱਲੀ ਅਨੁਸਾਰ ਹੱਲ ਕੀਤਾ ਜਾ ਸਕੇ।