ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਗੁਰੂ ਘਰਾਂ 'ਚ ਆਰਜ਼ੀ ਵਾਰਡ ਸਥਾਪਿਤ

05/04/2021 10:22:08 PM

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਆਕਸੀਜਨ ਪਲਾਂਟ ਸਥਾਪਿਤ ਕਰਨ ਦੇ ਨਾਲ-ਨਾਲ ਕਾਨਸੰਟ੍ਰੇਟਰ ਰਾਹੀਂ ਹਵਾ ਤੋਂ ਆਕਸੀਜਨ ਤਿਆਰ ਕਰਕੇ ਮੈਡੀਕਲ ਸੇਵਾਵਾਂ ਦੇਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਕਾਰਨ ਮੌਜੂਦਾ ਹਾਲਾਤਾਂ ਨਾਲ ਨਜਿੱਠਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਆਕਸੀਜਨ ਪਲਾਂਟ ਤਿਆਰ ਕੀਤਾ ਗਿਆ ਹੈ, ਜੋ ਇੱਕ ਹਫਤੇ ਤੱਕ ਸੇਵਾਵਾਂ ਦੇਣੀਆਂ ਸ਼ੁਰੂ ਕਰ ਦੇਵੇਗਾ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਕੇਂਦਰ ਸਰਕਾਰ ਦੀ ਮਨਜੂਰੀ ਹਾਸਲ ਕੀਤੀ ਜਾ ਚੁੱਕੀ ਹੈ ਅਤੇ ਸਰਕਾਰ ਦੀਆਂ ਸ਼ਰਤਾਂ ਅਨੁਸਾਰ 2 ਵੱਡੇ ਜਨਰੇਟਰ ਵੀ ਖਰੀਦੇ ਗਏ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਹਵਾ ਤੋਂ ਆਕਸੀਜਨ ਤਿਆਰ ਕਰਨ ਲਈ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਲਈ ਅਮਰੀਕਾ ਦੇ ਇੱਕ ਸ਼ਰਧਾਲੂ ਨੇ 200 ਕਾਨਸੰਟ੍ਰੇਟਰ ਦੀ ਸੇਵਾ ਕਰਵਾਈ ਹੈ। ਇਸ ਤੋਂ ਇਲਾਵਾ ਜਰੂਰਤ ਅਨੁਸਾਰ ਸ਼੍ਰੋਮਣੀ ਕਮੇਟੀ ਖੁਦ ਵੀ ਕਾਨਸੰਟ੍ਰੇਟਰ ਖਰੀਦੇਗੀ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਨੂੰ ਪਹਿਲਾਂ ਹੀ ਕੋਰੋਨਾ ਮਰੀਜ਼ਾਂ ਲਈ ਰਾਖਵਾਂ ਕੀਤਾ ਗਿਆ ਹੈ, ਜਿਸ ਵਿਚ 100 ਬੈੱਡ ਅਤੇ 37 ਵੈਂਟੀਲੇਟਰਾਂ ਦਾ ਪ੍ਰਬੰਧ ਹੈ। ਹੁਣ ਵਧ ਰਹੇ ਕੋਰੋਨਾ ਕੇਸਾਂ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਦੀਵਾਨ ਹਾਲ ਵਿਚ ਦੋ ਭਾਗਾਂ ਵਿਚ 25-25 ਬੈੱਡਾਂ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ 25 ਬੈਡਾਂ ਦਾ ਆਰਜੀ ਵਾਰਡ ਤਿਆਰ ਕੀਤਾ ਜਾ ਰਿਹਾ ਹੈ। ਇਥੇ ਕਾਨਸੰਟ੍ਰੇਟਰ ਰਾਹੀਂ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ ਅਤੇ ਹੰਗਾਮੀ ਹਾਲਤ ਲਈ ਮੈਡੀਕਲ ਐਂਬੂਲੈਂਸ ਦਾ ਵੀ ਪ੍ਰਬੰਧ ਹੋਵੇਗਾ ਤਾਂ ਜੋ ਲੋੜ ਪੈਣ ਤੇ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਇਆ ਜਾ ਸਕੇ। ਇਨ੍ਹਾਂ ਵਾਰਡਾਂ ਵਿਚ ਦੋ ਸ਼ਿਫਟਾਂ ਵਿਚ ਮੈਡੀਕਲ ਟੀਮਾਂ ਕੰਮ ਕਰਨਗੀਆਂ। 


Bharat Thapa

Content Editor

Related News