ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਦਾ ਦਿੱਲੀ ਪੰਥਕ ਰੋਸ ਮਾਰਚ ਕੀਤਾ ਮੁਲਤਵੀ

Saturday, Dec 16, 2023 - 06:46 PM (IST)

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਦਾ ਦਿੱਲੀ ਪੰਥਕ ਰੋਸ ਮਾਰਚ ਕੀਤਾ ਮੁਲਤਵੀ

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 20 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਪੰਥਕ ਪ੍ਰਦਰਸ਼ਨ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਹ ਫ਼ੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜੋ ਬੰਦੀ ਸਿੰਘਾਂ ਸਬੰਧੀ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ ਦੇ ਮੈਂਬਰ ਵੀ ਹਨ, ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜੇ ਗਏ ਇਕ ਪੱਤਰ ’ਤੇ ਵਿਚਾਰ ਉਪਰੰਤ ਲਿਆ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਨੂੰ ਅਜਨਾਲਾ ਪੁਲਸ ਨੇ ਕੀਤਾ ਕਾਬੂ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਾਵੇਂ 20 ਦਸੰਬਰ ਦਾ ਦਿੱਲੀ ਪ੍ਰਦਰਸ਼ਨ ਅੰਤ੍ਰਿੰਗ ਕਮੇਟੀ ਦੇ ਪਹਿਲਾਂ ਲਏ ਫੈਸਲੇ ’ਤੇ ਅਧਾਰਿਤ ਸੀ ਪਰ ਪੰਥ ਦੇ ਵਡੇਰੇ ਹਿੱਤਾਂ ਨੂੰ ਵੇਖਦਿਆਂ ਇਸ ਨੂੰ ਫਿਲਹਾਲ ਮੁਲਤਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨਹੀਂ ਚਾਹੁੰਦੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਵਿਚ ਕੋਈ ਆਪਸੀ ਮਤਭੇਦ ਪੈਦਾ ਹੋਵੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਮੇਂ ਵਿਚ ਸੰਗਤੀ ਮੁਹਿੰਮ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ 26 ਲੱਖ ਪ੍ਰੋਫਾਰਮੇ ਭਰਵਾਏ ਸਨ, ਜੋ 20 ਦਸੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਨੂੰ ਸੌਂਪਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਇਹ ਪ੍ਰੋਗਰਾਮ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 6 ਦਸੰਬਰ ਨੂੰ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਤੋਂ ਪਹਿਲਾਂ 3 ਦਸੰਬਰ ਨੂੰ ਸੱਦੀ ਗਈ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਅਨੁਸਾਰ ਸੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਦੇ ਐਲਾਨ ਨੂੰ ਵੇਖਦਿਆਂ 28 ਨਵੰਬਰ ਨੂੰ ਉਨ੍ਹਾਂ ਨਾਲ ਪਟਿਆਲਾ ਦੀ ਜੇਲ੍ਹ ਵਿਖੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕੀਤੀ ਸੀ। ਇਸ ਦੌਰਾਨ ਰਾਜੋਆਣਾ ਵੱਲੋਂ ਦਿੱਤੇ ਗਏ ਪੱਤਰ ’ਤੇ ਵਿਚਾਰ ਕਰਨ ਲਈ 30 ਨਵੰਬਰ ਅਤੇ ਫਿਰ 3 ਦਸੰਬਰ ਨੂੰ ਅੰਤ੍ਰਿੰਗ ਕਮੇਟੀ ਦੀ ਉਚੇਚੀ ਮੀਟਿੰਗ ਬੁਲਾਈ ਗਈ, ਜਿਸ ਦੌਰਾਨ 20 ਦਸੰਬਰ ਨੂੰ ਦਿੱਲੀ ਵਿਖੇ ਪੰਥਕ ਪ੍ਰਦਰਸ਼ਨ ਦਾ ਫੈਸਲਾ ਹੋਇਆ। ਇਸ ਦੀਆਂ ਤਿਆਰੀਆਂ ਵੀ ਪਹਿਲਾਂ ਤੋਂ ਜਾਰੀ ਸਨ। ਵੱਡੀ ਗਿਣਤੀ ਵਿਚ ਪੰਥਕ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ, ਕਾਰਸੇਵਾ ਸੰਪ੍ਰਦਾਵਾਂ, ਨਿਰਮਲੇ, ਉਦਾਸੀ, ਨਿਹੰਗ ਸਿੰਘ, ਦਮਦਮੀ ਟਕਸਾਲ, ਫੈੱਡਰੇਸ਼ਨਾਂ ਅਤੇ ਕਿਸਾਨ ਜਥੇਬੰਦੀਆਂ ਸਮੇਤ ਪੰਥ ਹਿਤੈਸ਼ੀਆਂ ਵੱਲੋਂ ਇਸ ਦਾ ਭਰਪੂਰ ਸਮਰਥਨ ਕਰਦਿਆਂ ਸ਼ਾਮਲ ਹੋਣ ਦੀ ਵਚਨਬੱਧਤਾ ਪ੍ਰਗਟਾਈ ਸੀ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਮੰਗੀ ਮੁਆਫ਼ੀ

ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਸ਼੍ਰੋਮਣੀ ਕਮੇਟੀ ਵੱਲੋਂ ਵੱਖਰੇ ਤੌਰ ’ਤੇ ਐਲਾਨ ਕੀਤਾ ਗਿਆ ਪ੍ਰੋਗਰਾਮ ਸੀ ਪਰ ਬੰਦੀ ਸਿੰਘਾਂ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਦੇ ਹਰ ਮੈਂਬਰ ਦਾ ਸਤਿਕਾਰ ਹੈ। ਐਡਵੋਕੇਟ ਧਾਮੀ ਨੇ ਪੰਥਕ ਪ੍ਰਦਰਸ਼ਨ ਲਈ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਦੇਣ ਦਾ ਐਲਾਨ ਕਰਨ ਵਾਲੀਆਂ ਸਾਰੀਆਂ ਧਿਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਅੰਦਰ ਵੀ ਉਹ ਪੰਥਕ ਕਾਰਜਾਂ ਲਈ ਅਜਿਹੇ ਸਮਰਥਨ ਦੀ ਆਸ ਕਰਦੇ ਹਨ। 

 

ਪ੍ਰਧਾਨ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਅਤਿ ਅਹਿਮ ਕੌਮੀ ਮਸਲਾ ਹੈ,  ਜਿਸ ਬਾਰੇ 26 ਲੱਖ ਪ੍ਰੋਫ਼ਾਰਮੇ ਵੀ ਤਿਆਰ ਕੀਤੇ ਗਏ ਹਨ। ਬੰਦੀ ਸਿੰਘਾਂ ਦੇ ਮਾਮਲੇ ’ਤੇ 20 ਨੂੰ ਹੋਣ ਵਾਲੇ ਕੌਮ ਦੇ ਸਾਂਝੇ ਦਿੱਲੀ ਪ੍ਰਦਰਸ਼ਨ ਸਬੰਧੀ ਹਰ ਧਿਰ ਨਾਲ ਸੰਪਰਕ ਕੀਤਾ ਗਿਆ ਸੀ ਅਤੇ ਸਭਨਾਂ ਵੱਲੋਂ ਹੀ ਹਾਂ ਪੱਖੀ ਹੁੰਗਾਰਾ ਭਰਿਆ ਗਿਆ । ਉਨ੍ਹਾਂ ਕਿਹਾ ਕਿ ਇਸ ਵਿਚ ਸਿੱਖ ਜਥੇਬੰਦੀਆਂ ਦੇ ਨਾਲ-ਨਾਲ ਕਿਸਾਨ ਜਥੇਬੰਦੀਆਂ ਨੇ ਵੀ ਸ਼ਿਰਕਤ ਸਾਥ ਦੇਣ ਦਾ ਭਰੋਸਾ ਦਿੱਤਾ।ਉਨ੍ਹਾਂ  ਕਿਹਾ ਇਸ ਵਿਚ ਸਭ ਨੂੰ ਸਹਿਯੋਗ ਲਈ ਸੱਦਾ ਦਿੱਤਾ ਗਿਆ ਹੈ ਅਤੇ ਵੱਖ-ਵੱਖ ਸੰਪ੍ਰਦਾਵਾਂ ਅਤੇ ਜਥੇਬੰਦੀਆਂ ਨਾਲ ਮੀਟਿੰਗਾਂ ਦੇ ਨਾਲ-ਨਾਲ ਟੈਲੀਫੋਨ ਰਾਹੀਂ ਵੀ ਸੰਪਰਕ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਲਈ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਹਾਜ਼ਰੀ ਦੇਣ  ਭਰੋਸਾ ਦਿੱਤਾ। ਇਸ ਤੋਂ ਇਲਾਵਾ ਲੋਕਲ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਆਗੂਆਂ ਨੇ ਵੀ ਪੰਥਕ ਪ੍ਰਦਰਸ਼ਨ ਵਿਚ ਭਰਵੀਂ ਸ਼ਮੂਲੀਅਤ ਦੇਣ ਦਾ ਭਰੋਸਾ ਜਤਾਇਆ। ਫਿਲਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਕੀਤੇ ਜਾ ਰਹੇ ਪੰਥਕ ਪ੍ਰਦਰਸ਼ਨ ਨੂੰ ਲੈ ਕੇ ਅਗਲੀ ਤਾਰੀਖ ਨਹੀਂ ਦੱਸੀ ਗਈ।
ਇਹ ਵੀ ਪੜ੍ਹੋ- ਗੁਆਂਢੀ ਮੁਲਕ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਮੁਲਜ਼ਮ ਨੇ 3 ਬੱਚਿਆਂ ਨੂੰ ਕੀਤਾ ਅਗਵਾ ਫਿਰ ਮਾਰ ਕੇ ਖਾਧਾ ਮਾਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News