ਸਰਕਾਰੀ ਮੈਡੀਕਲ ਕਾਲਜਾਂ ’ਚ ਸੁਪਰਸਪੈਸ਼ਲਟੀ ਡਾਕਟਰਾਂ ਦੀ ਕਮੀ ਨੂੰ ਕੀਤਾ ਜਾਵੇਗਾ ਪੂਰਾ : ਸੋਨੀ
Sunday, Jun 13, 2021 - 01:14 AM (IST)
ਅੰਮ੍ਰਿਤਸਰ(ਦਲਜੀਤ)- ਕੋਵਿਡ ਕੇਸਾਂ ਦੀ ਤਾਜ਼ਾ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋ ਸਥਾਨਕ ਸਰਕਟ ਹਾਊਸ ਵਿਖੇ ਕੋਵਿਡ ਦੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ’ਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਮਤੀ ਕੋਮਲ ਮਿੱਤਲ, ਪ੍ਰਿੰਸੀਪਲ ਮੈਡੀਕਲ ਕਾਲਜ ਰਾਜੀਵ ਦੇਵਗਨ, ਮੈਡੀਕਲ ਸੁਪਰਡੈਂਟ ਡਾ. ਕੇ. ਡੀ. ਸਿੰਘ, ਕੌਂਸਲਰ ਵਿਕਾਸ ਸੋਨੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਸਿੱਖਿਆ ਮੰਤਰੀ ਸਿਸੋਦੀਆ ਦੇ ਬਿਆਨਾਂ ’ਚੋਂ ਝਲਕ ਰਹੀ ਹੈ ਪੱਛੜ ਜਾਣ ਦੀ ਨਮੋਸ਼ੀ : ਸਿੰਗਲਾ (ਵੀਡੀਓ)
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਦੱਸਿਆ ਕਿ ਦਿਨ ਪ੍ਰਤੀ ਦਿਨ ਕੋਵਿਡ ਦੇ ਕੇਸਾਂ ’ਚ ਕਾਫੀ ਕਮੀ ਪਾਈ ਜਾ ਰਹੀ ਹੈ ਅਤੇ ਇਹ ਸਭ ਕੁਝ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋਇਆ ਹੈ। ਉਨ੍ਹਾਂ ਦੱਸਿਆ ਕਿ 1500 ਕਰੋੜ ਰੁਪਏ ਦੀ ਲਾਗਤ ਨਾਲ ਮੋਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਾਲੇਰਕੋਟਲਾ ਵਿਖੇ ਚਾਰ ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾ ਰਹੇ ਹਨ, ਜਿਸ ਨਾਲ ਸੂਬੇ ਦੀ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ’ਚ 1400 ਦੇ ਕਰੀਬ ਐੱਮ. ਬੀ. ਬੀ. ਐੱਸ. ਸੀਟਾਂ ਹਨ ਅਤੇ ਚਾਰ ਨਵੇ ਮੈਡੀਕਲ ਕਾਲਜ ਖੁੱਲ੍ਹਣ ਨਾਲ 500 ਸੀਟਾਂ ਦਾ ਹੋਰ ਵਾਧਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ’ਚ ਸੁਪਰਸਪੈਸ਼ਲਟੀ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਤਨਖਾਹ ਵੀ ਦੂਜੇ ਸੂਬਿਆਂ ਵਾਂਗ ਵਧਾਈ ਜਾਵੇਗੀ।
ਇਹ ਵੀ ਪੜ੍ਹੋ- ਝੂਠੇ ਦੋਸ਼ਾਂ ਤੋਂ ਤੰਗ ਆ ਕੇ ਗੁਰਦੁਆਰੇ ਦੇ ਗ੍ਰੰਥੀ ਤੇ ਇਕ ਔਰਤ ਨੇ ਕੀਤੀ ਆਤਮਹੱਤਿਆ
ਪ੍ਰੈੱਸ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ’ਚ ਸੋਨੀ ਨੇ ਦੱਸਿਆ ਕਿ ਪਿਛਲੇ ਤਿੰਨ-ਚਾਰ ਦਿਨਾਂ ਤੋ ਸਰਕਾਰੀ ਮੈਡੀਕਲ ਕਾਲਜਾਂ ’ਚ ਬਲੈਕ ਫੰਗਸ਼ ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਇਸ ਕੇਸਾਂ ’ਚ ਵੀ ਕਾਫੀ ਕਮੀ ਪਾਈ ਜਾ ਰਹੀ ਹੈ। ਇਕ ਹੋਰ ਸਵਾਲ ਦੇ ਜਵਾਬ ’ਚ ਸ਼੍ਰੀ ਸੋਨੀ ਨੇ ਦੱਸਿਆ ਕਿ ਮਾਹਿਰ ਡਾਕਟਰਾਂ ਵੱਲੋਂ ਤੀਜੀ ਲਹਿਰ ਦੇ ਖਦਸ਼ੇ ਨੂੰ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਤੀਜੀ ਲਹਿਰ ਨਾਲ ਨਿਪਟਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ’ਚ ਹੁਣ ਤੱਕ 7404012 ਦੇ ਕਰੀਬ ਕੋਰੋਨਾ ਦੇ ਟੈਸਟ ਕੀਤੇ ਜਾ ਚੁੱਕੇ ਹਨ ਜਿੰਨਾਂ ’ਚ 328531 ਕੇਸ ਪਾਜ਼ੇਟਿਵ ਪਾਏ ਗਏ ਸਨ ਅਤੇ 5151 ਵਿਅਕਤੀਆਂ ਦੀ ਮੌਤ ਹੋਈ ਹੈ। ਸ਼੍ਰੀ ਸੋਨੀ ਨੇ ਕਿਹਾ ਕਿ ਕੋਵਿਡ ਕੇਸਾਂ ’ਚ ਕਮੀ ਆਉਣ ਨਾਲ ਸਰਕਾਰੀ ਹਸਪਤਾਲਾਂ ’ਚ ਇਸ ਸਮੇਂ ਕੇਵਲ 244 ਮਰੀਜ਼ ਦਾਖਲ ਹੋ ਕੇ ਆਪਣਾ ਇਲਾਜ ਕਰਵਾ ਰਹੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਹੋਇਆ ਗਠਜੋੜ
ਪੱਤਰਕਾਰਾਂ ਦੇ ਸਵਾਲ ਦੇ ਜਵਾਬ ’ਚ ਸ਼੍ਰੀ ਸੋਨੀ ਨੇ ਕਿਹਾ ਕਿ ਕੋਰੋਨਾ ਦੇ ਹੋਰ ਕੇਸ ਘਟਣ ਨਾਲ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ’ਚ ਹੋਰ ਛੋਟਾਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਹੀ ਕੇਸ ਘਟਣ ਦੀ ਸਥਿਤੀ ’ਚ ਸ਼ਨੀਵਾਰ ਦੇ ਲਾਕਡਾਊਨ ਨੂੰ ਵੀ ਖਤਮ ਕਰ ਦਿੱਤਾ ਗਿਆ ਅਤੇ ਦੁਕਾਨਾਂ ਖੁੱਲ੍ਹਣ ਦੇ ਸਮੇਂ ਨੂੰ ਵੀ ਵਧਾਇਆ ਗਿਆ ਹੈ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ’ਚ ਕਿਹਾ ਕਿ ਕੇਂਦਰ ਵੱਲੋਂ ਭੇਜੇ ਗਏ ਵੈਂਟੀਲੇਟਰ ਜੋ ਖਰਾਬ ਪਾਏ ਗਏ ਸੀ ਨੂੰ ਸਬੰਧਤ ਕੰਪਨੀ ਹੀ ਠੀਕ ਕਰਵਾਏਗੀ। ਸ਼੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉੂਹ ਸਿਹਤ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਤਾਂ ਜੋ ਤੀਜੀ ਲਹਿਰ ਦੇ ਖਦਸ਼ੇ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ।