ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਗੋਲਕ ਨੂੰ ਜਬਰੀ ਜਿੰਦਰੇ ਲਗਾਉਣ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਤਿੱਖੀ ਪ੍ਰਤੀਕਿਰਿਆ
Monday, Feb 20, 2023 - 11:28 AM (IST)
ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਆਗੂਆਂ ਵੱਲੋਂ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੀ ਸ਼ਹਿ ’ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦੀ ਗੋਲਕ ਨੂੰ ਜਬਰੀ ਜਿੰਦਰੇ ਲਗਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਾ ਐਕਟ 1925 ਤਹਿਤ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਰ ਰਹੀ ਹੈ, ਜਦਕਿ ਹਰਿਆਣਾ ਸਰਕਾਰ ਧੱਕੇ ਨਾਲ ਗੁਰਦੁਆਰਾ ਪ੍ਰਬੰਧਾਂ ਨੂੰ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਮੰਨਤਵ ਨਾਲ ਹਰਿਆਣਾ ਕਮੇਟੀ ਬਣਾਉਣ ਦਾ ਮਤਲਬ ਇਹ ਨਹੀਂ ਕਿ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰ ਕੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਹਥਿਆਇਆ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦਾ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ 14 ਦਿਨਾਂ ਦੀ ਨਿਆਇਕ ਹਿਰਾਸਤ ’ਚ
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਜ਼ਰੀਏ ਧੱਕੇ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਹਥਿਆਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਮਨਸ਼ਾ ਨਾਲ ਹੀ ਅੱਜ ਪੁਲਸ ਦੇ ਮੁਲਾਜ਼ਮ ਅਤੇ ਹਰਿਆਣਾ ਕਮੇਟੀ ਦੇ ਆਗੂ ਗੁਰਦੁਆਰਾ ਸਾਹਿਬ ਗਏ ਅਤੇ ਗੋਲਕ ਨੂੰ ਤਾਲਾ ਲਗਾਇਆ ਗਿਆ।
ਇਹ ਵੀ ਪੜ੍ਹੋ- ਵੱਡਾ ਹਾਦਸਾ : ਤੇਜ਼ ਰਫ਼ਤਾਰ ਬੱਸ ਦੀ ਭੇਟ ਚੜੀਆਂ ਦੋ ਜਾਨਾਂ, ਨੌਜਵਾਨ ਤੇ ਔਰਤ ਦੀ ਮੌਕੇ 'ਤੇ ਮੌਤ
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਧੱਕੇਸ਼ਾਹੀ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਸਿੱਖਾਂ ਦੇ ਮਾਮਲਿਆਂ ਵਿਚ ਦਖ਼ਲ ਦੇ ਕੇ ਸਿੱਖਾਂ ਨੂੰ ਪਾੜਨ ਦਾ ਯਤਨ ਕਰਦੀ ਸੀ ਅਤੇ ਹੁਣ ਉਸੇ ਰਾਹ ’ਤੇ ਭਾਜਪਾ ਵੀ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਪੰਥਕ ਮਾਮਲਿਆਂ ਵਿਚ ਸਰਕਾਰੀ ਦਖ਼ਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਦਾ ਜ਼ੋਰਦਾਰ ਤਰੀਕੇ ਨਾਲ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਕਾਰਵਾਈਆਂ ਕਰਨ ਤੋਂ ਬਾਜ ਆਵੇ ਅਤੇ ਸਿੱਖਾਂ ਵਿਚ ਪਾੜ ਪਾ ਕੇ ਲੜਾਉਣ ਦਾ ਯਤਨ ਨਾ ਕਰੇ।
ਇਹ ਵੀ ਪੜ੍ਹੋ- ਕੈਨੇਡਾ ਤੋਂ ਫ਼ਿਰ ਆਈ ਦਰਦਨਾਕ ਖ਼ਬਰ, ਤਰਨਤਾਰਨ ਦੇ ਨੌਜਵਾਨ ਦੀ ਕੰਮ ਦੌਰਾਨ ਹੋਈ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।