ਤੇਜ਼ ਰਫਤਾਰ ਕੈਂਟਰ ਨੇ ਕਾਰ ਨੂੰ ਮਾਰੀ ਟੱਕਰ; ਔਰਤ ਦੀ ਮੌਤ
Thursday, Jun 29, 2017 - 01:42 AM (IST)
ਹੁਸ਼ਿਆਰਪੁਰ, (ਜ.ਬ.)- ਲੁਧਿਆਣਾ ਤੋਂ ਮਾਤਾ ਚਿੰਤਪੂਰਨੀ ਮੱਥਾ ਟੇਕਣ ਜਾ ਰਹੇ ਪਰਿਵਾਰ ਦੀ ਕਾਰ ਨੂੰ ਇਕ ਤੇਜ਼ ਰਫਤਾਰ ਕੈਂਟਰ ਨੇ ਟੱਕਰ ਮਾਰ ਦਿੱਤੀ। ਹਾਦਸੇ 'ਚ ਕਾਰ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਹੋਰਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਕੈਂਟਰ ਸਮੇਤ ਫ਼ਰਾਰ ਹੋ ਗਿਆ। ਥਾਣਾ ਸਦਰ ਦੀ ਪੁਲਸ ਨੇ ਕਾਰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਧਰਮਪਾਲ ਵਾਸੀ ਫੀਲਡਗੰਜ ਲੁਧਿਆਣਾ ਨੇ ਦੱਸਿਆ ਕਿ ਉਹ ਹਰ ਮਹੀਨੇ ਦੀ ਤਰ੍ਹਾਂ ਪਰਿਵਾਰ ਸਮੇਤ ਆਪਣੀ ਕਾਰ ਨੰ. ਪੀ ਬੀ 10-ਈ-1600 'ਤੇ ਮਾਤਾ ਚਿੰਤਪੂਰਨੀ ਨੂੰ ਮੱਥਾ ਟੇਕਣ ਜਾ ਰਹੇ ਸਨ ਕਿ ਮੰਗੂਵਾਲ ਨੇੜੇ ਸਾਹਮਣਿਓਂ ਆ ਰਹੇ ਇਕ ਤੇਜ਼ ਰਫ਼ਤਾਰ ਕੈਂਟਰ ਨੇ ਕਾਰ ਦੇ ਪਿਛਲੇ ਦਰਵਾਜ਼ੇ ਵਿਚ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਸ ਦੀ ਪਤਨੀ ਸੰਗੀਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਅਣਪਛਾਤੇ ਕੈਂਟਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਕਾਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
ਦਸੂਹਾ, (ਝਾਵਰ)-ਵਰਿੰਦਰ ਸਿੰਘ ਪੁੱਤਰ ਰਮੇਸ਼ ਲਾਲ ਵਾਸੀ ਲਮੀਣ ਨੇ ਦਸੂਹਾ ਪੁਲਸ ਨੂੰ ਦਿੱਤੇ ਬਿਆਨ 'ਚ ਕਿਹਾ ਕਿ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਇਕ ਤੇਜ਼ ਰਫ਼ਤਾਰ ਕਾਰ ਨੇ ਇਕ ਵਿਅਕਤੀ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਇਸ ਵਿਅਕਤੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਪੁਲਸ ਨੇ ਇਸ ਸਬੰਧੀ ਅਣਪਛਾਤੇ ਕਾਰ ਡਰਾਈਵਰ ਵਿਰੁੱਧ ਧਾਰਾ 279, 304-ਏ ਅਧੀਨ ਕੇਸ ਦਰਜ ਕਰ ਲਿਆ ਹੈ।