ਸੂਬੇ ''ਚ ਲੜੀਵਾਰ ‘ਮਿਲਣੀ ਪ੍ਰੋਗਰਾਮ’ ਤਹਿਤ ਲੁਧਿਆਣਾ ਤੋਂ ਮਿਲਣੀ ਪ੍ਰੋਗਰਾਮ ਦਾ ਅਗਾਜ਼

Wednesday, Apr 19, 2023 - 05:23 PM (IST)

ਚੰਡੀਗੜ੍ਹ/ਲੁਧਿਆਣਾ- ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਹੋਇਆ "ਮਿਲਣੀ" ਪ੍ਰੋਗਰਾਮ ਦੀ ਸ਼ੁਰੂਆਤ ਲੁਧਿਆਣਾ ਤੋਂ ਕੀਤੀ ਗਈ। ਜਿਸ ਤਹਿਤ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੁਲਸ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਲੇਬਰ ਵਿਭਾਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ ਵੱਖ ਗੈਰ-ਸਰਕਾਰੀ ਸੰਸਥਾਵਾਂ ਜਿਹੜੀਆਂ ਔਰਤਾਂ ਦੀ ਭਲਾਈ ਦੇ ਖੇਤਰ ਵਿਚ ਕੰਮ ਕਰਦੀਆਂ ਹਨ ਨਾਲ ਮੀਟਿੰਗ ਕਰਦੇ ਹੋਏ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਔਰਤਾਂ ਨਾਲ ਸਬੰਧਤ ਸਕੀਮਾਂ ਅਤੇ ਅਨੇਕ ਐਕਟ ਨੂੰ ਜ਼ਮੀਨੀ ਪੱਧਰ 'ਤੇ ਵਧੇਰੇ ਪ੍ਰਭਾਵਸ਼ਾਲੀ ਅਤੇ ਸੰਚਾਰੂ ਢੰਗ ਨਾਲ ਲਾਗੂ ਕਰਨ ਅਤੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਵਾਸਤੇ ਵੱਖ-ਵੱਖ ਵਿਭਾਗਾਂ ਨੂੰ ਸਹਿਯੋਗ ਦੇ ਨਾਲ ਕੰਮ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੁਲਸ ਵਿਭਾਗ, ਸਿਹਤ ਅਤੇ ਸਿੱਖਿਆ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ (ਐੱਨ. ਜੀ. ਓ) ਦੀ ਮੀਟਿੰਗ ਵਿੱਚ ਮਹਿਲਾਵਾਂ ਦੇ ਸ਼ਕਤੀਕਰਨ ਦੀ ਗੱਲ ਖ਼ਾਸ ਤੌਰ 'ਤੇ ਕਰਦਿਆਂ ਸਖੀ ਵਨ ਸਟਾਪ ਸੈਂਟਰ ਸਕੀਮ ਦਾ ਲਾਭ ਵੱਧ ਤੋ ਵੱਧ ਲੋਕਾਂ ਨੂੰ ਪਹੁੰਚਾਉਣ ਲਈ ਕਿਹਾ ਗਿਆ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪੁਲਸ ਮਹਿਲਾ ਮਿੱਤਰਾਂ ਨੂੰ ਖ਼ਾਸ ਤੌਰ 'ਤੇ ਸੱਦਾ ਦਿੱਤਾ ਗਿਆ ਸੀ, ਕਿ ਜਿਹੜੇ ਪੁਲਸ ਮਹਿਲਾ ਮਿੱਤਰ ਸਖੀ ਵਨ ਸਟਾਪ ਸੈਟਰ ਦੇ ਕੌਸਲਰ ਹਨ, ਉਨ੍ਹਾਂ ਦੇ ਨਾਲ ਸੰਪਰਕ ਕਰਕੇ ਮਹਿਲਾਵਾਂ ਜਿਨ੍ਹਾਂ 'ਤੇ ਤਸ਼ੱਦਦ ਹੁੰਦਾ ਹੈ, ਉਹ ਸਖੀ ਵਨ ਸਟਾਪ ਸੈਟਰ ਨਾਲ ਸੰਪਰਕ ਕਰਕੇ ਤੁਰੰਤ ਸਹਾਇਤਾ ਲੈ ਸਕਦੀਆਂ ਹਨ। ਕੈਬਨਿਟ ਮੰਤਰੀ ਵੱਲੋਂ ਬੱਚਿਆਂ ਨੂੰ ਲੇਬਰ ਅਤੇ ਭੀਖ ਤੋਂ ਬਚਾਉਣ ਲਈ ਐਕਟ ਨੂੰ ਮਜ਼ਬੂਤੀ ਦੇਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।

ਇਹ ਵੀ ਪੜ੍ਹੋ : ਵਿਜੀਲੈਂਸ ਟੀਮ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨਾਲ ਜੁੜੀ ਸੰਸਥਾ ’ਤੇ ਮਾਰਿਆ ਛਾਪਾ

ਕੈਬਨਿਟ ਮੰਤਰੀ ਵੱਲੋਂ ਔਰਤਾਂ ਦੇ ਸ਼ਸਕਤੀਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਮਹਿਲਾ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਆਪ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋ ਮਹਿਲਾ ਸਰਪੰਚ, ਪੰਚ ਅਤੇ ਗੈਰ ਸਰਕਾਰੀ ਸੰਸਥਾਵਾਂ ਵਧੀਆਂ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਸਨਮਾਨ ਵੀ ਕੀਤਾ ਜਾਵੇਗਾ, ਜਿਸ ਨਾਲ ਕੰਮ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਲੋਕ ਪੱਖੀ ਸਕੀਮਾਂ ਚਲਾ ਕੇ ਆਮ ਲੋਕਾਂ ਨੂੰ ਸਿੱਧੇ ਤੌਰ 'ਤੇ ਲਾਭ ਦਿੱਤਾ ਜਾ ਰਿਹਾ ਹੈ।  

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸੇ ਤਰਾਂ ਹਰ ਜ਼ਿਲ੍ਹੇ ਵਿਚ ਮਿਲਣੀ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਔਰਤਾਂ ਸਬੰਧੀ ਸਕੀਮਾਂ ਨੂੰ ਲਾਗੂ ਕਰਨ ਲਈ ਵੱਖ ਵੱਖ ਸਬੰਧਤ ਵਿਭਾਗਾਂ ਨੂੰ ਸਹਿਯੋਗ ਲਈ ਉਤਸ਼ਾਹਤ ਕੀਤਾ ਜਾਵੇਗਾ। ਮਿਲਣੀ ਵਿਚ ਦਿਤੀਆਂ ਹਦਾਇਤਾਂ ਦਾ ਨਿਰੀਖਣ ਕਰਨ ਲਈ ਜ਼ਿਲ੍ਹੇ ਪੱਧਰ 'ਤੇ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਖ-ਵੱਖ ਵਿਭਾਗਾਂ ਵੱਲੋਂ ਮਿਲ ਕਿ ਔਰਤਾਂ ਨਾਲ ਸਬੰਧਤ ਸਕੀਮਾਂ ਨੂੰ ਅਤੇ ਅਨੇਕ ਐਕਟ ਨੂੰ ਜ਼ਮੀਨੀ ਪੱਧਰ 'ਤੇ ਵਧੇਰੇ ਪ੍ਰਭਾਵਸ਼ਾਲੀ ਅਤੇ ਸੰਚਾਰੂ ਢੰਗ ਨਾਲ ਲਾਗੂ ਕਰਕੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਪੁਆਏ ਘਰ 'ਚ ਵੈਣ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News