ਅਧਿਆਪਕਾਂ ਤੇ ਮੁਲਾਜ਼ਮਾਂ ਨੇ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ

Monday, Mar 12, 2018 - 04:14 AM (IST)

ਅਧਿਆਪਕਾਂ ਤੇ ਮੁਲਾਜ਼ਮਾਂ ਨੇ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ

ਲੁਧਿਆਣਾ,  (ਸਲੂਜਾ)-  ਮੰਗਾਂ ਨੂੰ ਮੰਨਣ ਦੀ ਜਗ੍ਹਾ ਲਗਾਤਾਰ ਅਣਗੌਲਿਆਂ ਕੀਤੇ ਜਾਣ ਦੇ ਰੋਸ ਵਜੋਂ ਅੱਜ ਇੱਥੇ ਬੱਸ ਸਟੈਂਡ ਦੇ ਬਾਹਰ ਅਧਿਆਪਕਾਂ ਅਤੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਨਮ ਦਿਨ 'ਤੇ ਰੋਸ ਮਾਰਚ ਕੱਢਦਿਆਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਡ ਜਾਮ ਕਰ ਦਿੱਤਾ। 
ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ, ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ, ਐੱਸ. ਐੱਸ. ਏ. ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਦੀ ਅਗਵਾਈ 'ਚ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਅਮਨਦੀਪ ਸਿੰਘ, ਮਨਰਾਜ ਸਿੰਘ ਤੇ ਨਵਜੋਤ ਸਿੰਘ ਨੇ ਕਿਹਾ ਕਿ ਲੋਕਲ ਬਾਡੀ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਸਬ-ਕਮੇਟੀ ਵੱਲੋਂ 12-12 ਸਾਲਾਂ ਤੋਂ ਕੰਮ ਕਰਦੇ ਆ ਰਹੇ ਮੁਲਾਜ਼ਮਾਂ ਨੂੰ ਬੇਸਿਕ ਤਨਖਾਹ ਦੇਣ ਦੀ ਸਿਫਾਰਿਸ਼ ਕਰਨਾ, ਨਾ ਸਿਰਫ ਚੋਣ ਸਮੇਂ ਕੀਤੇ ਵਾਅਦਿਆਂ ਤੋਂ ਭੱਜਣਾ ਹੈ, ਸਗੋਂ ਨਿਯਮਾਂ ਦੀਆਂ ਧੱਜੀਆਂ ਉਡਾਉਣਾ ਹੈ। 
ਉਨ੍ਹਾਂ ਕਿਹਾ ਕਿ ਦੇਸ਼ ਦੇ ਹੋਰਨਾਂ ਸੂਬਿਆਂ 'ਚ ਕੇਂਦਰੀ ਸਕੀਮਾਂ ਸਹਿਤ ਸਿੱਖਿਆ ਵਿਭਾਗ 'ਚ ਭਰਤੀ ਕੀਤੇ ਗਏ ਮੁਲਾਜ਼ਮ ਵਿਭਾਗ ਵਿਚ ਰੈਗੂਲਰ ਤੌਰ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਪੁਰਜ਼ੋਰ ਮੰਗ ਕੀਤੀ ਕਿ ਡੀ. ਜੀ. ਐੱਸ. ਈ. ਤਹਿਤ ਕੰਮ ਕਰ ਰਹੀਆਂ ਸਮੂਹ ਸੋਸਾਇਟੀਆਂ ਦੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੂਰੀ ਤਨਖਾਹ, ਭੱਤੇ ਸਮੇਤ ਪੈਨਸ਼ਨਰਜ਼ ਦੇ ਲਾਭ ਤੇ ਪਿਛਲੀ ਸੇਵਾ ਦਾ ਲਾਭ ਦਿੰਦੇ ਹੋਏ ਸਿੱਖਿਆ ਵਿਭਾਗ 'ਚ ਰੈਗੂਲਰ ਕਰ ਕੇ ਕੀਤਾ ਜਾ ਰਿਹਾ ਮਤਭੇਦ ਖਤਮ ਕੀਤਾ ਜਾਵੇ।
ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਜੇਕਰ ਕੋਈ ਵੀ ਕੁਰਬਾਨੀ ਦੇਣੀ ਪਈ ਤਾਂ ਪਿੱਛੇ ਨਹੀਂ ਹਟਣਗੇ। 


Related News