ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੇ ਟ੍ਰੈਫਿਕ ਪੁਲਸ ਨੇ ਕੱਟੇ ਚਾਲਾਨ

Monday, Jul 29, 2024 - 02:48 PM (IST)

ਮੋਗਾ (ਬਿੰਦਾ) : ਜ਼ਿਲ੍ਹਾ ਪੁਲਸ ਮੁਖੀ ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ. ਐੱਸ. ਪੀ. ਟ੍ਰੈਫਿਕ ਜ਼ੋਰਾ ਸਿੰਘ ਦੀ ਅਗਵਾਈ ਹੇਠ ਟ੍ਰੈਫਿਕ ਪੁਲਸ ਮੋਗਾ ਵੱਲੋਂ ਇੰਚਾਰਜ ਏ. ਐੱਸ. ਆਈ. ਰਾਜਵਰਿੰਦਰ ਸਿੰਘ ਦੀ ਅਗਵਾਈ ਹੇਠ ਬੀਤੇ ਦਿਨੀ ਡਰਿੰਕ ਐਂਡ ਡਰਾਈਵ ਵਾਹਨ ਚਾਲਕਾਂ ਦੇ ਚਾਲਾਨ ਕੀਤੇ ਗਏ। ਇਸ ਮੌਕੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਏ. ਐੱਸ. ਆਈ. ਰਾਜਵਰਿੰਦਰ ਸਿੰਘ ਨੇ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਸ਼ਰਾਬ ਪੀ ਕੇ ਵਾਹਨ ਚਲਾਉਂਦੇ ਹਨ, ਜਿਸ ’ਤੇ ਟ੍ਰੈਫਿਕ ਪੁਲਸ ਮੋਗਾ ਨੇ ਸਖ਼ਤੀ ਕੀਤੀ ਹੈ ਅਤੇ ਉਨ੍ਹਾਂ ਦੇ ਚਾਲਾਨ ਕੀਤੇ ਗਏ।

ਉਨ੍ਹਾਂ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਨਾਲ ਜਿੱਥੇ ਅਸੀਂ ਆਪਣੀ ਜਾਨ ਨੂੰ ਖ਼ਤਰੇ ਵਿਚ ਪਾਉਂਦੇ ਹਾਂ, ਉੱਥੇ ਹੀ ਅਸੀਂ ਦੂਜਿਆਂ ਦੀ ਜਾਨ ਨੂੰ ਵੀ ਖ਼ਤਰੇ ’ਚ ਪਾ ਰਹੇ ਹਾਂ ਜੋ ਕਿ ਬੇਹੱਦ ਗਲਤ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਸ ਮੋਗਾ ਅਜਿਹੇ ਅਨਸਰਾਂ ਖ਼ਿਲਾਫ਼ ਬਣਦੀ ਕਾਰਵਾਈ ਕਰੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਖਿਆ ਕਿ ਟ੍ਰੈਫਿਕ ਪੁਲਸ ਵੱਲੋਂ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਵੀ ਬੱਚੇ ਵ੍ਹੀਕਲ ਚਲਾਉਂਦੇ ਪਾਏ ਜਾਂਦੇ ਹਨ, ਉਨ੍ਹਾਂ ਦੇ ਚਲਾਨ ਕੀਤੇ ਜਾਣਗੇ ਤੇ ਕਿਸੇ ਕਿਸਮ ਦੀ ਵੀ ਸਿਫਾਰਿਸ਼ ਨਹੀਂ ਮੰਨੀ ਜਾਵੇਗੀ।

ਉਨ੍ਹਾਂ ਬੱਚਿਆਂ ਦੇ ਮਾਂ-ਬਾਪ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਉਮਰ ਦੇ ਹਿਸਾਬ ਨਾਲ ਵ੍ਹੀਕਲ ਮੁਹੱਈਆ ਕਰਵਾਉਣ ਤਾਂ ਕਿ ਉਨ੍ਹਾਂ ਦੇ ਬੱਚੇ ਵੀ ਸੁਰੱਖਿਅਤ ਰਹਿਣ ਅਤੇ ਉਹ ਦੂਜਿਆਂ ਦੀ ਵੀ ਜਾਨ ਨੂੰ ਖ਼ਤਰੇ ਵਿਚ ਨਾ ਪਾਉਣ। ਇਸ ਮੌਕੇ ਟ੍ਰੈਫਿਕ ਮੁਨਸ਼ੀ ਗੁਰਲਾਭ ਸਿੰਘ ਤੋਂ ਇਲਾਵਾ ਟ੍ਰੈਫਿਕ ਦੇ ਸਾਰੇ ਹੀ ਮੁਲਾਜ਼ਮ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਵੀ ਆਪਣੇ ਮਾਧਿਅਮ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਪੂਰੇ ਤੌਰ ’ਤੇ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਸ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਵਿਚ ਵਚਨਬੱਧ ਹੈ। ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਪੁਲਸ ਨੂੰ ਬਣਦਾ ਸਹਿਯੋਗ ਦੇਣ।
 


Babita

Content Editor

Related News