ਦਸਤਾਰ ਸਿੱਖ ਦੇ ਸਿਰ ਦਾ ਤਾਜ ਅਤੇ ਬਾਦਸ਼ਾਹਤ ਦਾ ਪ੍ਰਤੀਕ : ਗਿਆਨੀ ਹਰਪ੍ਰੀਤ ਸਿੰਘ

Monday, Dec 19, 2022 - 02:54 PM (IST)

ਦਸਤਾਰ ਸਿੱਖ ਦੇ ਸਿਰ ਦਾ ਤਾਜ ਅਤੇ ਬਾਦਸ਼ਾਹਤ ਦਾ ਪ੍ਰਤੀਕ : ਗਿਆਨੀ ਹਰਪ੍ਰੀਤ ਸਿੰਘ

 ਅੰਮ੍ਰਿਤਸਰ (ਜ.ਬ) : ਸਿੱਖ ਨੌਜਵਾਨੀ ਅੰਦਰ ਦਸਤਾਰ ਦੀ ਮਹਾਨਤਾ ਉਜਾਗਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਹੋਏ ਇਸ ਸਮਾਗਮ ਮੌਕੇ 1300 ਬੱਚਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਸਮੂਹਿਕ ਰੂਪ ’ਚ ਦਸਤਾਰਾਂ ਸਜਾ ਕੇ ਸਿੱਖੀ ਗੌਰਵ ਦਾ ਪ੍ਰਗਟਾਵਾ ਕੀਤਾ। ਸਮਾਗਮ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੁਝ ਬੱਚਿਆਂ ਨੂੰ ਦਸਤਾਰਾਂ ਸਜਾ ਕੇ ਸ਼ੁਰੂਆਤ ਕਰਵਾਈ। ਇਸ ਤੋਂ ਪਹਿਲਾਂ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਲਸੇ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੀ ਗਈ ਦਸਤਾਰ ਸਿੱਖੀ ਦੇ ਗੌਰਵਮਈ ਵਿਰਸੇ ਦਾ ਪ੍ਰਤੀਕ ਹੈ। ਇਹ ਸਿੱਖਾਂ ਦੇ ਸਿਰ ਦਾ ਤਾਜ ਹੈ ਅਤੇ ਬਾਦਸ਼ਾਹਤ ਦੀ ਪ੍ਰਤੀਕ ਹੈ। ਇਸ ਮਹਾਨ ਵਿਰਸੇ ਨਾਲ ਆਪਣੀ ਨਵੀਂ ਪੀੜ੍ਹੀ ਨੂੰ ਜੋੜਨਾ ਕੌਮ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸੇ ਮੰਤਵ ਨਾਲ ਹੀ ਅੱਜ ਦਾ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ ਹੈ। ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਮੈਂਬਰ ਸਰਦਾਰ ਜਗਸੀਰ ਸਿੰਘ ਮਾਂਗੇਆਣਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸਰਦਾਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਨਿੱਜੀ ਸਹਾਇਕ ਜਸਪਾਲ ਸਿੰਘ ਢੱਡੇ ਅਤੇ ਰਣਜੀਤ ਸਿੰਘ ਕੱਲਾ ਹਾਜ਼ਰ ਸਨ। 


author

Anuradha

Content Editor

Related News