ਕਰਮਚਾਰੀਆਂ ਨੂੰ ਬਰਖਾਸਤ ਕਰਕੇ ਕਿਸਾਨਾਂ ਦੀ ਆਵਾਜ਼ ਦਬਾਉਣ ਦਾ ਯਤਨ ਨਾ ਕਰੇ ਕੈਪਟਨ : ਮੀਤ ਹੇਅਰ
Friday, Jan 22, 2021 - 12:45 AM (IST)
ਚੰਡੀਗੜ੍ਹ,(ਰਮਨਜੀਤ)- ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਵਾਲੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਬਰਖਾਸਤ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਣ ’ਤੇ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ।
ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਦਿੱਲੀ ਧਰਨੇ ਵਿਚ ਸ਼ਾਮਲ ਹੋਣ ਕਾਰਨ ਕੈਪਟਨ ਪ੍ਰਸ਼ਾਸਨ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਨੂੰ ਕੁਝ ਦਿਨ ਪਹਿਲਾਂ ਨੌਕਰੀ ਤੋਂ ਬਰਖਾਸਤ ਕਰ ਦਿੱਤਾ। ਅੰਮ੍ਰਿਤਪਾਲ ਸਿੰਘ ਦਾ ਕਸੂਰ ਸਿਰਫ਼ ਇਹ ਸੀ ਕਿ ਕਿਸਾਨ ਪਰਿਵਾਰ ਨਾਲ ਸਬੰਧਤ ਰੱਖਣ ਕਾਰਨ ਉਹ ਦਿੱਲੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਆਪਣੇ ਕਿਸਾਨ ਭਰਾਵਾਂ ਦਾ ਸਮਰਥਨ ਕਰਨ ਲਈ ਧਰਨੇ ਵਿਚ ਸ਼ਾਮਲ ਹੋਏ ਸਨ।
‘ਆਪ’ ਆਗੂ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਰਖਾਸਤ ਕੀਤੇ ਗਏ ਕਰਮਚਾਰੀ ਨੂੰ ਪ੍ਰਸ਼ਾਸਨ ਨੇ ਛੇਤੀ ਬਹਾਲ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਕੈਪਟਨ ਦੇ ਘਰ ਦਾ ਘਿਰਾਓ ਕਰੇਗੀ।