ਪਿੰਡ ਕਲੀਚਪੁਰ ਵਿਚ ਚੋਰਾਂ ਦਾ ਕਹਿਰ, ਇੱਕੋ ਰਾਤ ਵੱਖ-ਵੱਖ ਵਾਰਦਾਤਾਂ ਨੂੰ ਦਿੱਤਾ ਅੰਜਾਮ
Tuesday, Nov 24, 2026 - 08:47 PM (IST)
ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)– ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਕਲੀਚਪੁਰ ਵਿਖੇ ਬੀਤੀ ਦੇਰ ਰਾਤ ਚੋਰਾਂ ਨੇ ਵੱਖ-ਵੱਖ ਥਾਵਾਂ ’ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਪਿੰਡ ਵਾਸੀਆਂ ਦੀ ਨੀਂਦ ਉਡਾ ਦਿੱਤੀ। ਚੋਰ ਦੋ ਟੋਕੇ ਦੀਆਂ ਮੋਟਰਾਂ, ਦੋ ਟਰੈਕਟਰਾਂ ਦੀਆਂ ਬੈਟਰੀਆਂ ਅਤੇ ਇੱਕ ਸਾਬਕਾ ਫੌਜੀ ਦੇ ਘਰੋਂ ਪੁਰਾਣੇ ਛਿੱਕੇ, ਮੈਡਲਾਂ ਸਮੇਤ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ।
ਇਸ ਸਬੰਧੀ ਪੀੜਤ ਕਿਸਾਨਾਂ ਤਰਸੇਮ ਸਿੰਘ, ਰੋਸ਼ਨ ਲਾਲ, ਪਰਸ਼ੋਤਮ ਦਾਸ ਅਤੇ ਸੁੱਖਾ ਸਿੰਘ ਨੇ ਦੱਸਿਆ ਕਿ ਚੋਰਾਂ ਵੱਲੋਂ ਰਾਤ ਸਮੇਂ ਵੱਖ-ਵੱਖ ਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਚੋਰੀ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ। ਪੀੜਤਾਂ ਵੱਲੋਂ ਇਸ ਸਬੰਧੀ ਪੁਲਸ ਥਾਣਾ ਪੁਰਾਣਾ ਸ਼ਾਲਾ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਘਟਨਾ ਦੀ ਸੂਚਨਾ ਮਿਲਣ ’ਤੇ ਪੁਰਾਣਾ ਸ਼ਾਲਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੀੜਤਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰਾਂ ਦੀ ਜਲਦ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਚੋਰੀ ਹੋਇਆ ਸਾਮਾਨ ਬਰਾਮਦ ਕਰਵਾ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।
