ਸੁੱਤੇ ਪਏ ਟੱਬਰ ਲਾਗਿਓਂ ਚੋਰੀ! ਅਲਮਾਰੀਆਂ ਦੇ ਤਾਲੇ ਤੋੜ ਲੱਖਾਂ ਦੀ ਨਕਦੀ ਤੇ ਗਹਿਣੇ ਲੈ ਗਏ ਚੋਰ

Monday, Mar 02, 2026 - 03:36 PM (IST)

ਸੁੱਤੇ ਪਏ ਟੱਬਰ ਲਾਗਿਓਂ ਚੋਰੀ! ਅਲਮਾਰੀਆਂ ਦੇ ਤਾਲੇ ਤੋੜ ਲੱਖਾਂ ਦੀ ਨਕਦੀ ਤੇ ਗਹਿਣੇ ਲੈ ਗਏ ਚੋਰ

ਲੁਧਿਆਣਾ (ਰਾਜ) : ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਉਨ੍ਹਾਂ ਨੂੰ ਪੁਲਸ ਦਾ ਕੋਈ ਖੌਫ਼ ਨਹੀਂ ਰਿਹਾ। ਤਾਜ਼ਾ ਮਾਮਲਾ ਬੀ. ਆਰ. ਐੱਸ. ਨਗਰ ਵਿਚ ਸਾਹਮਣੇ ਆਇਆ ਹੈ ਜਿੱਥੇ ਰਾਤ ਦੇ ਹਨੇਰੇ ਵਿਚ ਬੇਖੌਫ਼ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਮਾਮਲੇ ਵਿਚ ਥਾਣਾ ਸਰਾਭਾ ਨਗਰ ਪੁਲਿਸ ਨੇ ਰਾਜਨ ਮੰਡਲ ਦੀ ਸ਼ਿਕਾਇਤ 'ਤੇ ਅਣਪਛਾਤੇ ਲੋਕਾਂ 'ਤੇ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ, ਬੀ. ਆਰ. ਐੱਸ. ਨਗਰ ਦੇ ਰਹਿਣ ਵਾਲੇ ਰਾਜਨ ਮੰਡਲ ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਹੈ ਕਿ ਦਰਮਿਆਨੀ ਰਾਤ ਨੂੰ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਗੂੜ੍ਹੀ ਨੀਂਦੇ ਸੌ ਰਿਹਾ ਸੀ। ਰਾਤ ਕਰੀਬ 3:30 ਵਜੇ ਜਦੋਂ ਅਚਾਨਕ ਉਸ ਦੀ ਅੱਖ ਖੁੱਲ੍ਹੀ ਤਾਂ ਘਰ ਦਾ ਮੰਜ਼ਰ ਦੇਖ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਸ ਨੇ ਦੇਖਿਆ ਕਿ ਕਮਰੇ ਵਿਚ ਰੱਖੀਆਂ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਜਾਂਚ ਕਰਨ 'ਤੇ ਪਤਾ ਲੱਗਿਆ ਕਿ ਅਣਪਛਾਤੇ ਚੋਰ ਅਲਮਾਰੀ ਵਿਚ ਰੱਖੀ ਇਕ ਲੱਖ ਦੀ ਨਕਦੀ, ਸੋਨੇ-ਚਾਂਦੀ ਦੇ ਕੀਮਤੀ ਗਹਿਣੇ ਅਤੇ ਚਾਂਦੀ ਦੇ ਸਿੱਕੇ ਚੋਰੀ ਕਰਕੇ ਲੈ ਗਏ। ਚੋਰਾਂ ਨੇ ਇੰਨੀ ਸਫ਼ਾਈ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਕਿ ਪਰਿਵਾਰ ਨੂੰ ਭਿਣਕ ਤੱਕ ਨਹੀਂ ਲੱਗੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਰਾਭਾ ਨਗਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਅਣਪਛਾਤੇ ਮੁਲਜ਼ਮਾਂ ਦਾ ਸੁਰਾਗ ਲਗਾਇਆ ਜਾ ਸਕੇ।
 


author

Anmol Tagra

Content Editor

Related News