ਸੂਬੇ ਦੇ ਸਰਬਪੱਖੀ ਵਿਕਾਸ ਲਈ ਚੰਨੀ ਮਾਡਲ ਤੋਂ ਵਧੀਆ ਹੋਰ ਕੋਈ ਮਾਡਲ ਨਹੀਂ ਹੋ ਸਕਦਾ: ਮੁੱਖ ਮੰਤਰੀ

11/26/2021 12:23:47 PM

ਮੋਗਾ (ਬਿਊਰੋ) : ਦਿੱਲੀ ਮਾਡਲ ਨੂੰ ਸਿਰੇ ਤੋਂ ਨਕਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ’ਚ ਚੰਨੀ ਮਾਡਲ ਇਸ ਦਾ ਪ੍ਰਤੱਖ ਪ੍ਰਮਾਣ ਹੈ, ਜਿੱਥੇ ਸਾਰਿਆਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਇੱਥੇ ਪੁਰਾਣੀ ਦਾਣਾ ਮੰਡੀ ਵਿਖੇ ਮਹਾਰਾਜਾ ਅਗਰਸੈਨ ਦੇ ਬੁੱਤ ਤੋਂ ਪਰਦਾ ਹਟਾਉਣ ਮੌਕੇ ਹੋਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਹ ਮਾਡਲ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੀ ਦਿਸ਼ਾ ਮੁਤਾਬਿਕ ਹੈ, ਜਿਨ੍ਹਾਂ ਨੇ ਸਾਨੂੰ ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਇਹ ਮਾਡਲ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਡਲ ਉਦੋਂ ਤੱਕ ਲਾਗੂ ਰਹੇਗਾ, ਜਦੋਂ ਤੱਕ ਉਹ ਸੂਬੇ ਦੇ ਮੁੱਖ ਮੰਤਰੀ ਵਜੋਂ ਪੰਜਾਬ ਦੀ ਸੇਵਾ ਕਰਦੇ ਰਹਿਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਮਾਡਲ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ’ਤੇ ਅਧਾਰਿਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਿਸੇ ਇਕ ਵਿਅਕਤੀ ਜਾਂ ਪਰਿਵਾਰ ਨੂੰ ਸੂਬੇ ਦੇ ਵਸੀਲੇ ਲੁੱਟਣ ਦੀ ਇਜਾਜ਼ਤ ਨਹੀਂ ਦਿੰਦਾ। ਹਾਲਾਂਕਿ, ਉਨ੍ਹਾਂ ਕਿਹਾ ਕਿ ਚੰਨੀ ਮਾਡਲ ਸੂਬੇ ਵਿਚ ਵਸੀਲਿਆਂ ਅਤੇ ਮੌਕਿਆਂ ਪ੍ਰਤੀ ਹਰੇਕ ਦੀ ਪਹੁੰਚ ਹੋਣ ’ਤੇ ਅਧਾਰਿਤ ਹੈ। ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਇਸ ਮਾਡਲ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੀ ਸ਼ਾਨ ਬਹਾਲ ਕੀਤੀ ਜਾ ਸਕੇ। ਆਪ ਦੇ ਮੁਖੀ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਦਿੱਲੀ ਮਾਡਲ ਝੂਠ ਦਾ ਪੁਲੰਦਾ ਹੋਣ ਤੋਂ ਵੱਧ ਕੁਝ ਵੀ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਭਲੇ ਲਈ ਕਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ ਜਦਕਿ ਕੇਜਰੀਵਾਲ ਤੇ ਉਸ ਦੀ ਜੁੰਡਲੀ ਲੋਕਾਂ ਨਾਲ ਮਹਿਜ਼ ਵਾਅਦੇ ਹੀ ਕਰ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਕਦੇ ਵੀ ਨਕਲੀ ਕੇਜਰੀਵਾਲ ਨਹੀਂ ਹੋ ਸਕਦਾ ਕਿਉਂਕਿ ਮੈਂ ਉਸ ਵਾਂਗ ਕਪਟੀ ਅਤੇ ਮੱਕਾਰ ਨਹੀਂ ਹੋ ਸਕਦਾ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ ’ਚ ਮਜਬੂਤ ਖੇਤਰੀ ਪਾਰਟੀ ਵਜੋਂ ਤੀਜੀ ਧਿਰ ਬਣ ਕੇ ਉਭਰੇਗਾ : ਢੀਂਡਸਾ    

ਸੂਬੇ ਦੀ ਵਿੱਤੀ ਸਥਿਤੀ ’ਤੇ ਸੁਆਲ ਚੁੱਕਣ ਵਾਲਿਆਂ ’ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਫੰਡ ਲੋਕਾਂ ਦੇ ਹਨ ਅਤੇ ਉਨ੍ਹਾਂ ਦੀ ਸਰਕਾਰ ਇਸ ਨੂੰ ਲੋਕਾਂ ਹੀ ਖਰਚੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸਰਕਾਰ ਦੇ ਕੰਮਕਾਜ ਦੀਆਂ ਚੋਰ-ਮੋਰੀਆਂ ਬੰਦ ਕਰ ਰਹੇ ਹਨ ਅਤੇ ਦਲਾਲਾਂ ਵਲੋਂ ਹੜੱਪੇ ਜਾ ਰਹੇ ਪੈਸੇ ਨੂੰ ਆਮ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਹੱਲਾਸ਼ੇਰੀ ਹੇਠ ਕੇਬਲ ਆਪਰੇਟਰਾਂ ਵਲੋਂ ਲੋਕਾਂ ਦੀ ਕੀਤੀ ਜਾ ਰਹੀ ਖੁੱਲ੍ਹੀ ਲੁੱਟ ਹਰ ਹੀਲੇ ਰੋਕੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕਰ ਅਦਾ ਕਰਨ ਵਾਲਿਆਂ ਦੇ ਖੂਨ-ਪਸੀਨੇ ਦੀ ਕਮਾਈ ਦੀ ਲੁੱਟ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੇਬਲ ਆਪ੍ਰੇਟਰਾਂ ਵਲੋਂ ਵਸੂਲ ਕੀਤੀਆਂ ਜਾਣ ਵਾਲੀਆਂ ਭਾਰੀ ਕੀਮਤਾਂ ਹਰ ਹੀਲੇ ਰੱਦ ਹੋਣਗੀਆਂ। ਅਗਰਵਾਲ ਸਮਾਜ ਨਾਲ ਆਪਣੀ ਪੁਰਾਣੀ ਸਾਂਝ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਚਪਨ ਦਾ ਦੋਸਤ ਵੀ ਇਸੇ ਭਾਈਚਾਰੇ ਨਾਲ ਸਬੰਧ ਰੱਖਦਾ ਹੈ। ਉਨ੍ਹਾਂ ਅਗਰਵਾਲ ਭਾਈਚਾਰੇ ਨੂੰ ਦੇਸ਼ ਦਾ ਸਭ ਤੋਂ ਵੱਧ ਦੇਸ਼ਭਗਤ ਭਾਈਚਾਰਾ ਕਰਾਰ ਦਿੰਦਿਆਂ ਇਸ ਵਲੋਂ ਦੇਸ਼ ਅਤੇ ਸੂਬੇ ਦੀ ਸਮਾਜਿਕ ਅਤੇ ਆਰਥਿਕ ਤਰੱਕੀ ’ਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਵੀ ਕੀਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਵੈਟ ਦੇ ਕੁੱਲ 48000 ਮਾਮਲਿਆਂ ’ਚੋਂ 40000 ਬਕਾਇਆ ਮਾਮਲੇ ਪਹਿਲਾਂ ਹੀ ਵਾਪਸ ਲਏ ਜਾ ਚੁੱਕੇ ਹਨ ਜੋ ਕਿ ਵਿੱਤੀ ਵਰਿ੍ਹਆਂ 2014-15, 2015-16 ਅਤੇ 2016-17 ਦੌਰਾਨ ਸੂਬਾ ਭਰ ’ਚ ਵਪਾਰੀਆਂ ਅਤੇ ਉਦਯੋਗਪਤੀਆਂ ਖਿਲਾਫ਼ ਦਰਜ ਕੀਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਹੀ ਵਪਾਰੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਕਈ ਹੋਰ ਕਦਮ ਵੀ ਚੁੱਕੇ ਗਏ ਹਨ। ਉਨ੍ਹਾਂ ਇਸ ਮੌਕੇ ਸੂਬੇ ’ਚ ਵਪਾਰ ਕਲਿਆਣ ਬੋਰਡ ਦੀ ਸਥਾਪਨਾ ਕੀਤੇ ਜਾਣ ਦਾ ਵੀ ਐਲਾਨ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪੁਰਾਣੀ ਅਨਾਜ ਮੰਡੀ ਵਿਚਲੇ ਚੌਕ ਦਾ ਨਾਂ ਮਹਾਰਾਜਾ ਅਗਰਸੈਨ ਦੇ ਨਾਂ ’ਤੇ ਰੱਖੇ ਜਾਣ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਵਿਖੇ ਮਹਾਰਾਜਾ ਅਗਰਸੈਨ ਦੇ ਨਾਂ ’ਤੇ ਪਹਿਲਾਂ ਤੋਂ ਹੀ ਮੌਜੂਦ ਚੇਅਰ ਨੂੰ 2 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਬਾਘਾ ਪੁਰਾਣਾ ’ਚ ਮੁੱਖ ਮੰਤਰੀ ਚੰਨੀ ਦੇ ਆਉਣ ਤੋਂ ਪਹਿਲਾਂ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ ਸ਼ੁਰੂ

ਇਸ ਮੌਕੇ ਆਪਣੇ ਸੰਬੋਧਨ ’ਚ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਦਾ ਅਹੁਦਾ ਚਰਨਜੀਤ ਸਿੰਘ ਚੰਨੀ ਨੇ ਸੰਭਾਲਿਆ ਹੈ ਉਦੋਂ ਤੋਂ ਹੀ ਲੋਕਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਦਾ ਅੱਜ ਇੱਥੇ ਮਹਾਰਾਜਾ ਅਗਰਸੈਨ ਦੇ ਬੁੱਤ ’ਤੋਂ ਪਰਦਾ ਚੁੱਕਣ ਲਈ ਆਪਣੇ ਕੀਮਤੀ ਰੁਝੇਵਿਆਂ ’ਚੋਂ ਸਮਾਂ ਕੱਢਣ ਲਈ ਧੰਨਵਾਦ ਕੀਤਾ ਅਤੇ ਲੋਕਾਂ ਦੀ ਭਲਾਈ ਹਿਤ ਚੁੱਕੇ ਜਾ ਰਹੇ ਕਦਮਾਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਵੀ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੋਟਕਪੂਰਾ ਬਾਈਪਾਸ ’ਤੇ ਮਹਾਨ ਯੋਧੇ ਜੱਸਾ ਸਿੰਘ ਰਾਮਗੜ੍ਹੀਆ ਦੇ ਬੁੱਤ ਨੂੰ ਵੀ ਜਨਤਾ ਨੂੰ ਸਮਰਪਿਤ ਕੀਤਾ। ਇਸ ਮੌਕੇ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਵਿਧਾਇਕ ਡਾ. ਹਰਜੋਤ ਕਮਲ ਅਤੇ ਸੁਖਜੀਤ ਸਿੰਘ ਲੋਹਗੜ੍ਹ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ ਵੀ ਹਾਜ਼ਿਰ ਸਨ।

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
  

Anuradha

This news is Content Editor Anuradha