ਭਾਜਪਾ ਦੇਸ਼ ਦੇ ਸੰਵਿਧਾਨ ਲਈ ਖ਼ਤਰਾ, ਪੰਜਾਬ ’ਚ ਹਰ ਵਿਭਾਗ ਦੀ ਆਮਦਨ ’ਚ ਹੋਇਆ ਭਾਰੀ ਵਾਧਾ : ਹਰਪਾਲ ਚੀਮਾ

05/15/2024 6:27:22 PM

ਜਲੰਧਰ (ਧਵਨ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ 13-0 ਦੇ ਟੀਚੇ ਨੂੰ ਆਸਾਨੀ ਨਾਲ ਹਾਸਲ ਕਰ ਲਵੇਗੀ ਕਿਉਂਕਿ ਇਸ ਸਮੇਂ ਸਿਰਫ ਆਮ ਆਦਮੀ ਪਾਰਟੀ ਹੀ ਸੂਬੇ ਨੂੰ ਸਥਿਰਤਾ ਪ੍ਰਦਾਨ ਕਰਨ ਦੀ ਸਥਿਤੀ ਵਿਚ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਥੇ ਟੀਚੇ ਦੀ ਪ੍ਰਾਪਤੀ ਲਈ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਅਤੇ ਵਾਲੰਟੀਅਰ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇਗੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੇਸ਼ ਦੇ ਸੰਵਿਧਾਨ ਲਈ ਵੱਡੇ ਖ਼ਤਰੇ ਵਜੋਂ ਉਭਰੀ ਹੈ ਅਤੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ 3 ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵੀ ਲੋਕ ਸ਼ਕਤੀ ਅੱਗੇ ਝੁਕਣਾ ਪਿਆ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨ ਅੰਦੋਲਨ ਦਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਕਾਰੀ ਖਜ਼ਾਨੇ ਦੀ ਹਾਲਤ ਲਗਾਤਾਰ ਸੁਧਰ ਰਹੀ ਹੈ। ਆਬਕਾਰੀ ਵਿਭਾਗ ਤੋਂ ਸਰਕਾਰ ਦੀ ਸਾਲਾਨਾ ਆਮਦਨ 6 ਹਜ਼ਾਰ ਕਰੋੜ ਰੁਪਏ ਤੋਂ ਵਧ ਕੇ 10 ਹਜ਼ਾਰ ਕਰੋੜ ਰੁਪਏ ਹੋ ਗਈ ਹੈ। ਜੀ. ਐੱਸ. ਟੀ. ਤੋਂ ਹੋਣ ਵਾਲੀ ਆਮਦਨ ਵੀ 21 ਫੀਸਦੀ ਵਧੀ ਹੈ। ਉਨ੍ਹਾਂ ਕਿਹਾ ਕਿ ਲਗਭਗ ਸਾਰੇ ਵਿਭਾਗਾਂ ਦੀ ਆਮਦਨ ਵਧ ਰਹੀ ਹੈ। ਵਪਾਰੀ ਵਰਗ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ ਪੂਰਾ ਸਹਿਯੋਗ ਦੇ ਰਿਹਾ ਹੈ ਅਤੇ ਉਹ ਖੁਦ ਵੀ ਵਪਾਰੀਆਂ ਦੀਆਂ ਕਈ ਮੀਟਿੰਗਾਂ ਵਿਚ ਹਿੱਸਾ ਲੈ ਚੁੱਕੇ ਹਨ, ਜਿਨ੍ਹਾਂ ਵਿਚ ਵਪਾਰੀ ਵਰਗ ਨੇ ‘ਆਪ’ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਸਮਰਥਨ ਕਰਨ ਦੀ ਗੱਲ ਕਹੀ ਹੈ।

ਇਹ ਖ਼ਬਰ ਵੀ ਪੜ੍ਹੋ : 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲੋਕ ਸਭਾ ਚੋਣਾਂ ਦੀ ਚਰਚਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੂਰੇ ਸੂਬੇ ਵਿਚ ਮਜ਼ਬੂਤ ​​ਹੈ। ‘ਆਪ’ ਦਾ ਜਾਦੂ ਪੂਰੇ ਮਾਲਵੇ ’ਚ ਵੀ ਪੂਰੇ ਜ਼ੋਰਾਂ ’ਤੇ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ’ਚ ਕ੍ਰਾਂਤੀਕਾਰੀ ਕਦਮ ਚੁੱਕੇ ਹਨ, ਜਿਸ ਦਾ ਅਸਰ ਵੋਟਰਾਂ ’ਤੇ ਦੇਖਣ ਨੂੰ ਮਿਲ ਰਿਹਾ ਹੈ। ਮੁਫਤ ਬਿਜਲੀ ਦੀ ਸਹੂਲਤ ਲੈਣ ਵਾਲੇ ਲੋਕ ਵੀ ਆਮ ਆਦਮੀ ਪਾਰਟੀ ਦੇ ਨਾਲ ਹਨ। ਇਸੇ ਤਰ੍ਹਾਂ ਮੁਹੱਲਾ ਕਲੀਨਿਕ ਖੋਲ੍ਹ ਕੇ ਸਿਹਤ ਸੇਵਾਵਾਂ ਵਿਚ ਜੋ ਸੁਧਾਰ ਕੀਤਾ ਗਿਆ ਹੈ, ਉਸ ਨੂੰ ਵੀ ਲੋਕਾਂ ਵੱਲੋਂ ਪਸੰਦ ਕੀਤਾ ਗਿਆ ਹੈ। ‘ਆਪ’ ਸਰਕਾਰ ਸਰਕਾਰੀ ਨੌਕਰੀਆਂ ਦੇਣ ਵਿਚ ਵੀ ਮੋਹਰੀ ਰਹੀ ਹੈ ਅਤੇ ਹੁਣ ਤੱਕ 43,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ : ਭਾਜਪਾ ਨੂੰ ਭੁਲੇਖਾ ਸੀ ਕਿ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਨਾਲ ਪਾਰਟੀ ਖ਼ਤਮ ਹੋ ਜਾਵੇਗੀ : ਭਗਵੰਤ ਮਾਨ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News