ਇਕ ਮਿਸ਼ਨ ਹੈ ਜੋ ਮੈਂ ਪੰਜਾਬ, ਭਾਰਤ ਲਈ ਪੂਰਾ ਕਰਨਾ ਹੈ : ਕੈਪਟਨ ਅਮਰਿੰਦਰ ਸਿੰਘ
Tuesday, Sep 27, 2022 - 01:40 AM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਇਕ ਮਿਸ਼ਨ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ “ਮੇਰੇ ਕੋਲ ਇਕ ਮਿਸ਼ਨ ਹੈ, ਜਿਸ ਨੂੰ ਪੂਰਾ ਕਰਨਾ ਹੈ ਅਤੇ ਉਹ ਹੈ ਰਾਜ ਅਤੇ ਦੇਸ਼ ਦੇ ਹਿੱਤ ਲਈ ਕੰਮ ਕਰਨਾ।’’ ਅੱਜ ਇੱਥੇ ਸੂਬਾ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇ.ਪੀ. ਨੱਡਾ ਦੇ ਹੱਥ ਮਜ਼ਬੂਤ ਕਰਨਾ ਚਾਹੁੰਦੇ ਹਨ। ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਨਾਲ ਵਿਸ਼ੇਸ਼ ਲਗਾਅ ਹੈ ਕਿਉਂਕਿ ਜਦੋਂ ਵੀ ਉਹ ਮੁੱਖ ਮੰਤਰੀ ਵਜੋਂ ਉਨ੍ਹਾਂ ਨੂੰ ਸੂਬੇ ਦੀ ਕੋਈ ਮੰਗ ਲੈ ਕੇ ਮਿਲੇ ਤਾਂ ਉਨ੍ਹਾਂ ਨੇ ਉਸ ਨੂੰ ਸਹਿਜੇ ਹੀ ਸਵੀਕਾਰ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ : ਬਾਬੇ ਨਾਨਕ ਦੀ ਵੇਈਂ ਦੇਸ਼ ਦੀਆਂ ਪਲੀਤ ਨਦੀਆਂ ਨੂੰ ਸਾਫ ਕਰਨ ਲਈ ਬਣੀ ਰਾਹ ਦਸੇਰਾ : ਸੰਤ ਸੀਚੇਵਾਲ
ਕੈਪਟਨ ਅਮਰਿੰਦਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ’ਚ ਕੋਈ ਸ਼ਾਸਨ ਨਹੀਂ ਹੈ। ਉਨ੍ਹਾਂ ਕਿਹਾ ਕਿ ਜਰਮਨੀ ’ਚ ਜੋ ਵਾਪਰਿਆ, ਉਹ ਇਕ ਮੁੱਖ ਮੰਤਰੀ ਲਈ ਅਣਹੋਣੀ ਸੀ। ਉਨ੍ਹਾਂ ਕਿਹਾ ਕਿ ਇਹ ਰਾਘਵ ਚੱਢਾ ਹੀ ਹੈ, ਜੋ ਅਰਵਿੰਦ ਕੇਜਰੀਵਾਲ ਦੀ ਕਮਾਨ ਹੇਠ ਸ਼ੋਅ ਚਲਾ ਰਿਹਾ ਹੈ। ਸੀਨੀਅਰ ਆਗੂ ਨੇ ਕਿਹਾ ਕਿ ਇਹ ਇਕ ਸਰਕਾਰ ਲਈ ਬੜੀ ਸ਼ਰਮਨਾਕ ਗੱਲ ਹੈ ਕਿ ਸੱਤਾ ’ਚ ਸਿਰਫ਼ ਛੇ ਮਹੀਨੇ ਰਹਿੰਦਿਆਂ ਉਸ ਨੂੰ ਆਪਣੇ ਲਈ ਭਰੋਸੇ ਦਾ ਵੋਟ ਲਿਆਉਣਾ ਪਿਆ ਹੈ। ਉਨ੍ਹਾਂ ‘ਆਪ’ ਲੀਡਰਸ਼ਿਪ ’ਤੇ ਤੰਜ਼ ਕੱਸਦਿਆਂ ਕਿਹਾ, “ਇਸ ਦਾ ਮਤਲਬ ਹੈ ਕਿ ਤੁਸੀਂ ਪਹਿਲਾਂ ਹੀ ਆਪਣੇ ਲੋਕਾਂ ਦਾ ਭਰੋਸਾ ਗੁਆ ਚੁੱਕੇ ਹੋ।” ਉਨ੍ਹਾਂ ਪੰਜਾਬ ’ਚ ‘ਆਪ’ ਸਰਕਾਰ ਦੇ ਬਚਣ ’ਤੇ ਖ਼ਦਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਨਹੀਂ ਹੈ ਕਿ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਜ਼ਿਆਦਾ ਦੇਰ ਤੱਕ ਬਰਦਾਸ਼ਤ ਕਰਨਗੇ। ਉਨ੍ਹਾਂ ਕਿਹਾ ਕਿ “ਸਾਨੂੰ ਲੜਾਈ ਲਈ ਤਿਆਰ ਰਹਿਣਾ ਪਵੇਗਾ ਅਤੇ ਜਦੋਂ ਵੀ ਮੌਕੇ ਦੀ ਮੰਗ ਹੋਵੇਗੀ ਅਸੀਂ ਲੜਾਂਗੇ।” ਸਾਬਕਾ ਮੁੱਖ ਮੰਤਰੀ ਨੇ ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ’ਤੇ ਵਰ੍ਹਦਿਆਂ ਕਿਹਾ ਕਿ ਉਹ ਸਮੁੱਚੇ ਭਾਈਚਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ, “ਪੰਜਾਬੀਆਂ ਨੇ ਦੁਨੀਆ ਭਰ ’ਚ ਆਪਣੇ ਲਈ ਇਕ ਮਾਣ ਵਾਲੀ ਥਾਂ ਬਣਾਈ ਹੈ ਅਤੇ ਪੰਨੂੰ ਵੱਲੋਂ ਜੋ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ, ਉਹ ਸਿਰਫ਼ ਬਦਨਾਮ ਹੀ ਕਰ ਰਹੀਆਂ ਸਨ।” ਕੈਪਟਨ ਅਮਰਿੰਦਰ ਨੇ ਰਾਜਸਥਾਨ ਕਾਂਗਰਸ 'ਚ ਹੋ ਰਹੇ ਘਟਨਾਕ੍ਰਮ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਕਾਂਗਰਸ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਕਿਉਂਕਿ ਉਹ ਹੁਣ ਇਸ ਪਾਰਟੀ ’ਚ ਨਹੀਂ ਰਹੇ।
ਇਹ ਖ਼ਬਰ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਕੈਪਟਨ ਨੇ PM ਮੋਦੀ ਦਾ ਕੀਤਾ ਧੰਨਵਾਦ