ਸ਼੍ਰੋਮਣੀ ਕਮੇਟੀ ਦੇ ਗੁਰਦੁਆਰਿਆਂ ਦੀ ਸੇਵਾ ''ਚ ਮਾੜੇ ਚਰਿੱਤਰ ਵਾਲੇ ਮੁਲਾਜ਼ਮਾਂ ਲਈ ਕੋਈ ਥਾਂ ਨਹੀਂ

07/29/2017 7:11:44 AM

ਫਤਿਹਗੜ੍ਹ ਸਾਹਿਬ  (ਜਗਦੇਵ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਅੱਜ ਇਥੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਇਕ ਅਹਿਮ ਤੇ ਸਖਤ ਫੈਸਲਾ ਲੈਂਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੀ ਸਰਾਂ 'ਚ ਅਨੈਤਿਕ ਹਰਕਤ ਕਰਨ ਵਾਲੇ ਮੁਅੱਤਲ ਮੁਲਾਜ਼ਮਾਂ ਨੂੰ ਸਰਵਿਸ ਤੋਂ ਵਿਹਲਾ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਜਿਨ੍ਹਾਂ ਮੁਲਾਜ਼ਮਾਂ ਨੇ ਪੁਲਸ ਥਾਣੇ ਵਿਚ ਜਾ ਕੇ ਉਨ੍ਹਾਂ ਦੀ ਮਦਦ ਕੀਤੀ ਉਨ੍ਹਾਂ ਵਿਰੁੱਧ ਵੀ ਸਖਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਇਕ ਵਾਇਰਲ ਹੋਈ ਵੀਡੀਓ ਵਿਚ ਸ਼ਰਾਬ ਪੀਂਦੇ ਸ਼੍ਰੋਮਣੀ ਕਮੇਟੀ ਦੇ ਦੋ ਮੁਲਾਜ਼ਮਾਂ ਨੂੰ ਵੀ ਨੌਕਰੀ ਤੋਂ ਵਿਹਲਾ ਕਰਨ ਦਾ ਫੈਸਲਾ ਲਿਆ ਗਿਆ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਿਆਂ ਦੀ ਸੇਵਾ ਵਿਚ ਮਾੜੇ ਚਰਿੱਤਰ ਵਾਲੇ ਮੁਲਾਜ਼ਮਾਂ ਲਈ ਕੋਈ ਥਾਂ ਨਹੀਂ ਅਤੇ ਅਜਿਹੀਆਂ ਹਰਕਤਾਂ ਵਾਲੇ ਮੁਲਾਜ਼ਮਾਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿਵਾਦਿਤ ਹੱਥ ਲਿਖਤ ਸਰੂਪ ਦੇ ਮਾਮਲੇ ਵਿਚ ਦੋਸ਼ੀ ਮੁਲਾਜ਼ਮਾਂ ਵਿਰੁੱਧ ਪੰਜ ਸਿੰਘ ਸਾਹਿਬਾਨ ਵੱਲੋਂ ਦਿੱਤੇ ਕਾਰਵਾਈ ਕਰਨ ਦੇ ਆਦੇਸ਼ ਨੂੰ ਅਮਲ 'ਚ ਲਿਆਂਦਾ ਗਿਆ ਹੈ।
ਉਨ੍ਹਾਂ ਹੋਰ ਦੱਸਿਆ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਇਕ ਨਰਸਰੀ ਤਿਆਰ ਕੀਤੀ ਜਾਵੇਗੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਗਈ ਵਾਤਾਵਰਣ ਸੰਭਾਲ ਲਹਿਰ ਨੂੰ ਲੋਕ ਲਹਿਰ ਵਜੋਂ ਸਥਾਪਤ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਇਸੇ ਤਹਿਤ ਹੀ 2 ਏਕੜ ਰਕਬੇ ਵਿਚ ਨਰਸਰੀ ਸਥਾਪਤ ਕਰ ਕੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਤਿਆਰ ਕੀਤੇ ਜਾਣਗੇ।
ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਢਾਂਚੇ ਨੂੰ ਭੰਗ ਕਰਨ ਦਾ ਐਲਾਨ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਡਾਇਰੈਕਟੋਰੇਟ ਦੀ ਪੁਨਰ ਸਥਾਪਨਾ ਲਈ ਸਬ ਕਮੇਟੀ ਦੀ ਰਿਪੋਰਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 2002 ਵਿਚ ਸਥਾਪਤ ਕੀਤੇ ਗਏ ਇਸ ਸਿੱਖਿਆ ਡਾਇਰੈਕਟੋਰੇਟ ਵਿਚ ਹੁਣ ਤਕ ਪ੍ਰਿੰਸੀਪਲਾਂ ਨੂੰ ਡਾਇਰੈਕਟਰਾਂ ਦੇ ਤੌਰ 'ਤੇ ਨਿਯੁਕਤ ਕੀਤਾ ਜਾਂਦਾ ਸੀ ਪਰ ਹੁਣ ਨਵੇਂ ਨਿਯਮਾਂ ਤੇ ਸ਼ਰਤਾਂ ਅਨੁਸਾਰ ਵੱਖਰੇ ਡਾਇਰੈਕਟਰ ਨਿਯੁਕਤ ਕੀਤੇ ਜਾਣਗੇ।  
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਇਕੱਤਰਤਾ ਦੌਰਾਨ ਮੁੱਖ ਸਕੱਤਰ ਸ. ਹਰਚਰਨ ਸਿੰਘ ਵੱਲੋਂ ਸਵੈ-ਇੱਛਾ ਨਾਲ ਸੇਵਾ ਤਿਆਗਣ ਦੀ ਕੀਤੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਅਤੇ 31 ਜੁਲਾਈ ਨੂੰ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਮੁੱਖ ਸਕੱਤਰ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰਾਨ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਨਿਰਮਲ ਸਿੰਘ ਹਰਿਆਓ, ਜੈਪਾਲ ਸਿੰਘ ਮੰਡੀਆਂ, ਸਤਪਾਲ ਸਿੰਘ ਤਲਵੰਡੀ ਭਾਈ, ਗੁਰਮੇਲ ਸਿੰਘ ਸੰਗਤਪੁਰਾ, ਕੁਲਵੰਤ  ਸਿੰਘ ਮੰਨਣ, ਬੀਬੀ ਜੋਗਿੰਦਰ ਕੌਰ ਤੇ ਸੁਰਜੀਤ ਸਿੰਘ ਕਾਲਾਬੂਲਾ ਆਦਿ ਹਾਜ਼ਰ ਸਨ।


Related News