ਲੋਕ ਸਭਾ ਚੋਣਾਂ : ਹਲਕਾ ਸੰਗਰੂਰ ’ਚ ਸਾਂਢੂ-ਸਾਂਢੂ ਵਿਚਾਲੇ ਹੋ ਸਕਦਾ ਹੈ ਦਿਲਚਸਪ ਮੁਕਾਬਲਾ

Wednesday, Mar 06, 2024 - 06:45 PM (IST)

ਲੋਕ ਸਭਾ ਚੋਣਾਂ : ਹਲਕਾ ਸੰਗਰੂਰ  ’ਚ ਸਾਂਢੂ-ਸਾਂਢੂ ਵਿਚਾਲੇ ਹੋ ਸਕਦਾ ਹੈ ਦਿਲਚਸਪ ਮੁਕਾਬਲਾ

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਲੋਕ ਸਭਾ ਚੋਣਾਂ ਦਾ ਬਿਗੁਲ ਹੁਣ ਕਿਸੇ ਵੇਲੇ ਵੀ ਵਜ ਸਕਦਾ ਹੈ ਅਤੇ ਚੋਣ ਕਮਿਸ਼ਨ ਵੱਲੋਂ ਕਿਸੇ ਵੇਲੇ ਵੀ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਹੁਣੇ ਤੋਂ ਜੋੜ ਤੋੜ ਦੀ ਰਾਜਨੀਤੀ ਸ਼ੁਰੂ ਹੋ ਚੁੱਕੀ ਹੈ। ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਰਲੇਵਾਂ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਹੋ ਗਿਆ ਹੈ ਅਤੇ ਕਿਸੇ ਵੇਲੇ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਬੰਧਨ ਦੀ ਖ਼ਬਰ ਵੀ ਸੁਣਨ ਨੂੰ ਮਿਲ ਸਕਦੀ ਹੈ। ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਮਿੰਦਰ ਸਿੰਘ ਢੀਂਡਸਾ ਪਾਰਟੀ ਦੇ ਸੰਭਾਵੀ ਉਮੀਦਵਾਰ ਹੋਣਗੇ। ਜਿੱਥੇ ਪਰਮਿੰਦਰ ਸਿੰਘ ਢੀਂਡਸਾ ਇੱਕ ਮਿੱਠ ਬੋਲੜੇ ਸੁਭਾਅ ਦੇ ਮਾਲਕ ਹਨ, ਉਥੇ ਹੀ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਡਸਾ ਲੋਕ ਸਭਾ ਹਲਕਾ ਸੰਗਰੂਰ ਤੋਂ ਸਾਂਸਦ ਰਹਿ ਚੁੱਕੇ ਹਨ ਅਤੇ ਟਕਸਾਲੀ ਅਕਾਲੀ ਆਗੂ ਹਨ ਅਤੇ ਉਨ੍ਹਾਂ ਦੀਆਂ ਜੜ੍ਹਾਂ ਬਹੁਤ ਗਹਿਰੀਆਂ ਹਨ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਬਾਦਲ ’ਚ ਰਲੇਵਾਂ ਹੋਣ ਮਗਰੋਂ ਅਕਾਲੀ ਦਲ ਦੇ ਵਰਕਰਾਂ ਦੇ ਹੌਂਸਲੇ ਵੀ ਬੁਲੰਦ ਹਨ ਅਤੇ ਜੇਕਰ ਭਾਜਪਾ ਨਾਲ ਅਕਾਲੀ ਦਲ ਦਾ ਗਠਬੰਧਨ ਹੋ ਜਾਂਦਾ ਹੈ ਤਾਂ ਸ਼ਹਿਰੀ ਖ਼ੇਤਰ ’ਚ ਭਾਜਪਾ ਅਤੇ ਪੇਂਡੂ ਖ਼ੇਤਰ ’ਚ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਆਧਾਰ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਅਤੇ ਨੌਜਵਾਨ ਆਗੂ ਗੁਰਮੀਤ ਸਿੰਘ ਮੀਤ ਹੇਅਰ ਨੂੰ ਲੋਕ ਸਭਾ ਚੋਣ ਲੜਾਉਣਾ ਲਗਭਗ ਤੈਅ ਹੋ ਚੁੱਕਿਆ ਹੈ ਅਤੇ ਮੀਤ ਹੇਅਰ ਦੇ ਨਜ਼ਦੀਕੀਆਂ ਵੱਲੋਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਬਜਟ ਦੀ ਸ਼ਲਾਘਾ, ਕਿਹਾ ਰੰਗਲਾ ਪੰਜਾਬ ਬਣਾਉਣ ਵੱਲ ਵੱਡਾ ਕਦਮ 

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਇਸ ਵਾਰ ਚੋਣਾਂ ਜਿੱਤਣ ’ਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ ਜਿਸ ਕਾਰਨ ਉਹ ਆਪਣੇ ਹੈਵੀਵੇਟ ਅਤੇ ਲੋਕਾਂ ’ਚ ਚੰਗਾ ਆਧਾਰ ਰੱਖਣ ਵਾਲੇ ਕੈਬਨਿਟ ਮੰਤਰੀਆਂ ਨੂੰ ਚੋਣ ਮੈਦਾਨ ’ਚ ਉਤਾਰ ਰਹੀ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਮੀਨੀ ਸਰਵੇਖਣ ਕਰਵਾਉਣ ਤੋਂ ਬਾਅਦ ਹੀ ਉਮੀਦਵਾਰਾਂ ਦੀਆਂ ਟਿਕਟਾਂ ਦਾ ਐਲਾਨ ਕਰਨਗੇ। ਗੁਰਮੀਤ ਸਿੰਘ ਮੀਤ ਹੇਅਰ ਜਿੱਥੇ ਵਿਕਾਸ ਪੱਖੀ ਸੋਚ ਦੇ ਮਾਲਕ ਹਨ, ਉਥੇ ਹੀ ਹਲਕੇ ਦੇ ਲੋਕਾਂ ਦੇ ਸੁੱਖ-ਦੁੱਖ ’ਚ ਵਿਚਰਦੇ ਹਨ ਅਤੇ ਇਲਾਕੇ ਲਈ ਕੁਝ ਕਰਨ ਦਾ ਜਜ਼ਬਾ ਆਪਣੇ ਦਿਲ ’ਚ ਰੱਖਦੇ ਹਨ। ਇੱਥੇ ਇਹ ਵੀ ਦੱਸਣਾ ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਜਿਨ੍ਹਾਂ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਹੈ, ਉਨਾਂ ਦੀ ਧਰਮ ਪਤਨੀ ਅਤੇ ਸਾਬਕਾ ਕੈਬਨੇਟ ਮੰਤਰੀ ਪਰਮਿੰਦਰ ਢੀਂਡਸਾ ਦੀ ਧਰਮ ਪਤਨੀ ਰਿਸ਼ਤੇਦਾਰੀ ’ਚ ਇੱਕ ਦੂਜੇ ਦੀਆਂ ਭੈਣਾਂ ਲੱਗਦੀਆਂ ਹਨ ਅਤੇ ਲੋਕ ਸਭਾ ਚੋਣਾਂ ’ਚ ਜੇਕਰ ਪਰਮਿੰਦਰ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਤੇ ਗੁਰਮੀਤ ਸਿੰਘ ਮੀਤ ਹੇਅਰ ਆਮ ਆਦਮੀ ਪਾਰਟੀ ਵੱਲੋਂ ਚੋਣ ਲੜਦੇ ਹਨ ਤਾਂ ਇਸ ਵਾਰ ਸਾਢੂ-ਸਾਢੂ ਵਿਚਾਲੇ ਮੁਕਾਬਲਾ ਬਹੁਤ ਦਿਲਚਸਪ ਹੋਵੇਗਾ।

ਇਹ ਵੀ ਪੜ੍ਹੋ : ਕਿਸਾਨਾਂ ਦਾ ਦਿੱਲੀ ਕੂਚ ਅੱਜ, ਕੇਂਦਰ ਸਰਕਾਰ ਨੇ 500 ਤੋਂ ਵੱਧ ਕਿਸਾਨ ਨੇਤਾਵਾਂ ਦੇ ਸ਼ੋਸ਼ਲ ਮੀਡੀਆ ਅਕਾਊਂਟ ਕੀਤੇ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


author

Anuradha

Content Editor

Related News