ਤਿੰਨ ਦਿਨਾਂ ਤੋਂ ਪਾਣੀ ਨਾ ਆਉਣ ਕਾਰਨ ਮਚਿਆ ਹੜਕੰਪ

Thursday, Apr 02, 2026 - 11:11 AM (IST)

ਤਿੰਨ ਦਿਨਾਂ ਤੋਂ ਪਾਣੀ ਨਾ ਆਉਣ ਕਾਰਨ ਮਚਿਆ ਹੜਕੰਪ

ਖਰੜ (ਅਮਰਦੀਪ) : ਗਰਮੀ ਦੀ ਸ਼ੁਰੂਆਤ ਦੇ ਨਾਲ ਹੀ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਸਾਹਮਣੇ ਆਉਣ ਕਾਰਨ ਬੁੱਧਵਾਰ ਨੂੰ ਓਮੇਗਾ ਸਿਟੀ ਦੇ ਵਸਨੀਕਾਂ ਵੱਲੋਂ ਬਿਲਡਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਵਸਨੀਕਾਂ ਨੇ ਬਿਲਡਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਤੋਂ ਪੀਣ ਵਾਲਾ ਪਾਣੀ ਨਾ ਆਉਣ ਕਾਰਨ ਓਮੇਗਾ ਸਿਟੀ ਵਿੱਚ ਹੜਕੰਪ ਮਚਿਆ ਹੋਇਆ ਹੈ।

ਉਨ੍ਹਾਂ ਦਾ ਕਹਿਣਾ ਸੀ ਕਿ ਬਿਲਡਰ ਕਾਲੋਨੀ ’ਚ ਨਹੀਂ ਰਹਿੰਦਾ, ਸਗੋਂ ਸੰਨੀ ਇਨਕਲੇਵ ’ਚ ਰਹਿੰਦਾ ਹੈ ਅਤੇ ਕਈ ਵਾਰ ਜਾਣਕਾਰੀ ਦੇਣ ਦੇ ਬਾਵਜੂਦ ਵੀ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ। ਵਸਨੀਕਾਂ ਨੇ ਕਿਹਾ ਕਿ ਪਾਣੀ ਦੀ ਕਮੀ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਜ਼ਿੰਦਗੀ ’ਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਮੱਸਿਆ ਲੰਬੇ ਸਮੇਂ ਤੋਂ ਚੱਲ ਰਹੀ ਹੈ, ਪਰ ਗਰਮੀਆਂ ’ਚ ਇਸ ਦੀ ਗੰਭੀਰਤਾ ਹੋਰ ਵੱਧ ਜਾਂਦੀ ਹੈ।
ਬਿਜਲੀ ਕਟੌਤੀ ਕਾਰਨ ਲਿਫ਼ਟਾਂ ਬੰਦ ਹੋਣ ਦੀ ਵੀ ਸਮੱਸਿਆ
ਉਨ੍ਹਾਂ ਦੱਸਿਆ ਕਿ ਇਲਾਕੇ ’ਚ ਬਿਜਲੀ ਦੀ ਕਟੌਤੀ ਤੇ ਲਿਫ਼ਟਾਂ ਬੰਦ ਹੋਣ ਦੀ ਸਮੱਸਿਆ ਵੀ ਜਾਰੀ ਹੈ, ਜਿਸ ਕਾਰਨ ਬਜ਼ੁਰਗਾਂ ਨੂੰ ਉੱਚੀਆਂ ਇਮਾਰਤਾਂ ’ਚ ਆਉਣ-ਜਾਣ ਲਈ ਪੌੜੀਆਂ ਦਾ ਸਹਾਰਾ ਲੈਣਾ ਪੈਂਦਾ ਹੈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਪਾਣੀ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕਰਨਗੇ।
ਬਿਲਡਰ ਨੇ ਸਮੱਸਿਆ ਹੱਲ ਕਰਨ ਦਾ ਭਰੋਸਾ ਦਿੱਤਾ
ਇਸ ਸਬੰਧੀ ਜਦੋਂ ਬਿਲਡਰ ਸੁਬਮ ਰਾਜਪੂਤ ਨਾਲ ਫੋਨ ’ਤੇ ਸੰਪਰਕ ਕੀਤਾ ਗਿਆ ਤਾਂ ਉਸ ਨੇ ਭਰੋਸਾ ਦਿਵਾਇਆ ਕਿ ਸਮੱਸਿਆ ਦਾ ਜਲਦੀ ਹੱਲ ਕਰ ਦਿੱਤਾ ਜਾਵੇਗਾ।


author

Babita

Content Editor

Related News