ਥਰਮਲ ਦੇ ਕੰਟਰੈਕਟ ਵਰਕਰਾਂ ਨੇ ਲਾਇਆ ਧਰਨਾ

Friday, Sep 29, 2017 - 02:00 AM (IST)

ਬਠਿੰਡਾ, (ਬਲਵਿੰਦਰ)-  ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਬੰਦ ਹੋਣ ਕਾਰਨ ਮੁਲਾਜ਼ਮ ਸੜਕਾਂ 'ਤੇ ਉਤਰ ਆਏ ਹਨ। ਥਰਮਲ ਪਲਾਂਟ ਦੇ ਮੁਲਾਜ਼ਮਾਂ ਦੇ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅਗਵਾਈ 'ਚ ਥਰਮਲ ਗੇਟ 'ਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। 
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਸ਼ਵਨੀ ਕੁਮਾਰ ਨੇ ਕਿਹਾ ਕਿ ਥਰਮਲ ਪਲਾਂਟ ਬੰਦ ਹੋਣ ਕਾਰਨ 750 ਕੱਚੇ ਮੁਲਾਜ਼ਮਾਂ ਦਾ ਰੁਜ਼ਗਾਰ ਖੁੰਝ ਗਿਆ ਹੈ। ਜਨਰਲ ਸਕੱਤਰ ਵਿਜੇ ਕੁਮਾਰ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਵੀ ਬਾਦਲ ਸਰਕਾਰ ਦੇ ਪਾਏ ਪੂਰਨਿਆਂ 'ਤੇ ਚਲਦੇ ਹੋਏ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਥਰਮਲ ਪਲਾਂਟ ਨੂੰ ਬੰਦ ਕਰ ਕੇ ਵੱਡੇ ਪੱਧਰ 'ਤੇ ਬਿਜਲੀ ਨਿੱਜੀ ਥਰਮਲਾਂ ਤੋਂ ਖਰੀਦੀ ਜਾ ਰਹੀ ਹੈ। ਗੁਰਬਿੰਦਰ ਸਿੰਘ ਬਬਲੀ ਖਜ਼ਾਨਚੀ ਅਤੇ ਗੁਰਸੇਵਕ ਸਿੰਘ ਨੇ ਕਿਹਾ ਕਿ ਸਰਕਾਰੀ ਥਰਮਲ ਪਲਾਂਟ 'ਚ ਪੈਦਾ ਹੋਣ ਵਾਲੀ ਬਿਜਲੀ ਨਿੱਜੀ ਪਲਾਂਟਾਂ 'ਚ ਬੇਹੱਦ ਸਸਤੀ ਪੈਂਦੀ ਹੈ ਪਰ ਇਸ ਦੇ ਬਾਵਜੂਦ ਸਰਕਾਰ ਪਬਲਿਕ ਸੈਕਟਰ ਦੇ ਥਰਮਲਾਂ ਨੂੰ ਬੰਦ ਕਰ ਕੇ ਆਪਣੇ ਪੈਰਾਂ 'ਤੇ ਖੁਦ ਕੁਹਾੜੀ ਮਾਰ ਰਹੀ ਹੈ। 
ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਭਰੋਸਾ ਦਿੱਤਾ ਸੀ ਕਿ ਥਰਮਲ ਪਲਾਂਟ ਨੂੰ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਵਿੱਤ ਮੰਤਰੀ ਨੇ ਤਾਂ ਆਪਣੇ ਚੋਣ ਮੈਨੀਫੈਸਟੋ 'ਚ ਵੀ ਥਰਮਲ ਦਾ ਮੁੱਦਾ ਵੀ ਸ਼ਾਮਲ ਕੀਤਾ ਸੀ ਪਰ ਚੋਣ ਜਿੱਤਣ ਤੋਂ ਬਾਅਦ ਵਿਸਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੇ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। 


Related News