ਥਰਮਲ ਪਲਾਂਟ ਦੇ ਮੇਨ ਗੇਟ ਮੂਹਰੇ ਰੋਸ ਰੈਲੀ

01/16/2018 12:46:32 AM

ਘਨੌਲੀ, (ਸ਼ਰਮਾ)- ਪੰਜਾਬ ਸਰਕਾਰ ਵੱਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਦੋ ਅਤੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਸਾਰੇ ਯੂਨਿਟਾਂ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੇ ਫੈਸਲੇ ਦੇ ਵਿਰੋਧ 'ਚ ਥਰਮਲ ਕਾਮਿਆਂ ਦਾ ਰੋਸ ਵਧਦਾ ਹੀ ਜਾ ਰਿਹਾ ਹੈ, ਜਿਸ ਦੀ ਲੜੀ 'ਚ ਰੂਪਨਗਰ ਥਰਮਲ ਸੰਘਰਸ਼ ਕਮੇਟੀ ਦੀ ਅਗਵਾਈ 'ਚ ਅੱਜ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਰੋਸ ਰੈਲੀ ਕੀਤੀ ਗਈ। 
ਰੈਲੀ ਨੂੰ ਸੰਬੋਧਨ ਕਰਦੇ ਹੋਏ ਸਮੂਹ ਬੁਲਾਰਿਆਂ ਨੇ ਕਿਹਾ ਕਿ 3 ਫਰਵਰੀ ਨੂੰ ਮਾਰਕਫੈੱਡ ਗਰਾਊਂਡ ਗਿਆਨੀ ਜ਼ੈਲ ਸਿੰਘ ਨਗਰ ਰੂਪਨਗਰ 'ਚ ਧਰਨਾ ਦਿੱਤਾ ਗਿਆ ਸੀ ਅਤੇ ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵੱਲੋਂ ਸੰਘਰਸ਼ ਕਮੇਟੀ ਤੋਂ ਮੰਗ ਪੱਤਰ ਹਾਸਲ ਕੀਤਾ ਸੀ। ਜਦੋਂਕਿ ਉਨ੍ਹਾਂ ਕਮੇਟੀ ਨੂੰ ਭਰੋਸਾ ਦਿੱਤਾ ਸੀ ਕਿ 10 ਦਿਨਾਂ ਦੇ ਅੰਦਰ-ਅੰਦਰ ਉਹ ਮੁੱਖ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਨਾਲ ਕਮੇਟੀ ਦੀ ਮੀਟਿੰਗ ਕਰਵਾ ਕੇ ਇਸ ਮਸਲੇ ਦਾ ਹੱਲ ਕੱਢਣਗੇ ਪਰ ਅਜੇ ਤੱਕ ਕਮੇਟੀ ਨਾਲ ਕੋਈ ਮੀਟਿੰਗ ਨਹੀਂ ਕੀਤੀ ਗਈ, ਜਿਸ ਕਾਰਨ ਸਮੂਹ ਕਾਮਿਆਂ 'ਚ ਰੋਸ ਹੈ। 
PunjabKesari
ਉਨ੍ਹਾਂ ਕਿਹਾ ਕਿ ਸੰਘਰਸ਼ ਦੇ ਅਗਲੇ ਪੜਾਅ ਅਤੇ ਮੀਟਿੰਗ ਲਈ ਸਮਾਂ ਨਾ ਮਿਲਣ ਕਾਰਨ ਹੁਣ 19 ਜਨਵਰੀ ਨੂੰ ਰੇਲਵੇ ਸਟੇਸ਼ਨ ਰੂਪਨਗਰ ਤੋਂ ਗਿਆਨੀ ਜ਼ੈਲ ਸਿੰਘ ਨਗਰ ਸਥਿਤ ਰਾਣਾ ਕੇ. ਪੀ. ਸਿੰਘ ਦੀ ਰਿਹਾਇਸ਼ ਤੱਕ ਰੋਸ ਮਾਰਚ ਕੀਤਾ ਜਾਵੇਗਾ। ਜਦੋਂ ਕਿ 1 ਫਰਵਰੀ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖਰੜ ਰਿਹਾਇਸ਼ ਸਥਿਤ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਲੋਕ ਹਿੱਤਾਂ ਨੂੰ ਮੱਦੇਨਜ਼ਰ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰਨ ਦਾ ਫੈਸਲਾ ਤੁਰੰਤ ਵਾਪਿਸ ਲਿਆ ਜਾਵੇ।
ਇਸ ਮੌਕੇ ਹਰਮੇਸ਼ ਧੀਮਾਨ, ਸੁਖਦੇਵ ਸਿੰਘ, ਰਾਜ ਕੁਮਾਰ ਤਿਵਾੜੀ, ਕੰਵਲਜੀਤ ਸਿੰਘ, ਭਾਗ ਚੰਦ ਸ਼ਰਮਾ, ਜਸਪਾਲ ਸਿੰਘ, ਕੰਵਲਜੀਤ ਸਿੰਘ, ਜਸਪਾਲ ਸਿੰਘ, ਵਰਿਆਮ ਸਿੰਘ, ਰਣਜੀਤ ਸਿੰਘ, ਰਾਮ ਸਿੰਘ, ਬੀਰਪਾਲ ਸਿੰਘ, ਰਵਿੰਦਰ ਸਿੰਘ ਤੇ ਪਰਮਜੀਤ ਸਿੰਘ ਵੀ ਹਾਜ਼ਰ ਸਨ।


Related News