ਪਿੰਡ ਗਹਿਲ ''ਚ ਚੋਰਾਂ ਦਾ ਕਹਿਰ, ਇੱਕੋ ਰਾਤ 7 ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਵੱਢ ਕੇ ਲੈ ਗਏ
Monday, Jun 29, 2026 - 11:41 PM (IST)
ਮਹਿਲ ਕਲਾਂ (ਹਮੀਦੀ) : ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਗਹਿਲ ਵਿਖੇ ਬੀਤੀ ਰਾਤ ਚੋਰ ਗਿਰੋਹ ਵੱਲੋਂ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ 7 ਕਿਸਾਨਾਂ ਦੀਆਂ ਖੇਤੀਬਾੜੀ ਵਾਲੀਆਂ ਮੋਟਰਾਂ ਦੀਆਂ ਬਿਜਲੀ ਕੇਬਲਾਂ ਵੱਢ ਕੇ ਚੋਰੀ ਕਰ ਲਈਆਂ ਗਈਆਂ। ਇੱਕੋ ਰਾਤ ਵਿੱਚ ਇੰਨੀ ਵੱਡੀ ਚੋਰੀ ਦੀ ਘਟਨਾ ਕਾਰਨ ਇਲਾਕੇ ਦੇ ਕਿਸਾਨਾਂ ਵਿੱਚ ਸਹਿਮ ਅਤੇ ਰੋਸ ਦਾ ਮਾਹੌਲ ਬਣ ਗਿਆ ਹੈ।
ਇਸ ਮੌਕੇ ਕਿਸਾਨ ਗੁਰਦੇਵ ਸਿੰਘ ਗਹਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਗਹਿਲ ਨੇੜੇ ਲੰਘਦੀ ਬਠਿੰਡਾ ਬ੍ਰਾਂਚ ਨਹਿਰ ਦੀ ਪਟੜੀ ਨਾਲ ਲੱਗਦੇ ਖੇਤਾਂ ਵਿੱਚ ਸਥਿਤ ਮੋਟਰਾਂ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਚੋਰ ਗਿਰੋਹ ਨੇ ਕਿਸਾਨ ਕੁਲਦੀਪ ਸਿੰਘ, ਜਗਸੀਰ ਸਿੰਘ, ਸੁਖਵਿੰਦਰ ਸਿੰਘ, ਜੁਗਰਾਜ ਸਿੰਘ, ਗੁਰਜੰਟ ਸਿੰਘ, ਹਰਜਿੰਦਰ ਸਿੰਘ ਅਤੇ ਜਗਰੂਪ ਸਿੰਘ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਕੇਬਲਾਂ ਵੱਢ ਕੇ ਚੋਰੀ ਕਰ ਲਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਚੋਰੀ ਦੀ ਇਸ ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਉਹ ਸਵੇਰੇ ਆਪਣੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਅਤੇ ਪਸ਼ੂਆਂ ਲਈ ਹਰਾ ਚਾਰਾ ਲੈਣ ਖੇਤਾਂ ਵਿੱਚ ਪਹੁੰਚੇ। ਉੱਥੇ ਜਾ ਕੇ ਦੇਖਿਆ ਕਿ ਮੋਟਰਾਂ ਦੀਆਂ ਕੇਬਲਾਂ ਵੱਢੀਆਂ ਹੋਈਆਂ ਸਨ ਅਤੇ ਚੋਰ ਉਨ੍ਹਾਂ ਨੂੰ ਚੋਰੀ ਕਰਕੇ ਲੈ ਗਏ ਸਨ। ਇਸ ਕਾਰਨ ਉਨ੍ਹਾਂ ਨੂੰ ਹਜ਼ਾਰਾਂ ਰੁਪਏ ਦਾ ਆਰਥਿਕ ਨੁਕਸਾਨ ਝੱਲਣਾ ਪਿਆ ਹੈ ਅਤੇ ਖੇਤਾਂ ਦੀ ਸਿੰਚਾਈ ਵੀ ਪ੍ਰਭਾਵਿਤ ਹੋ ਗਈ ਹੈ।

ਕਿਸਾਨਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਕਿਸਾਨ ਹਰ ਵੇਲੇ ਚਿੰਤਾ ਅਤੇ ਡਰ ਦੇ ਸਾਏ ਹੇਠ ਜੀਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਲੱਗੀਆਂ ਮੋਟਰਾਂ ਅਤੇ ਹੋਰ ਸਾਮਾਨ ਹੁਣ ਸੁਰੱਖਿਅਤ ਨਹੀਂ ਰਹੇ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਪੀੜਤ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰੀ ਦੀ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਅਤੇ ਨਾਲ ਹੀ ਖੇਤੀਬਾੜੀ ਵਾਲੇ ਇਲਾਕਿਆਂ ਵਿੱਚ ਰਾਤ ਸਮੇਂ ਪੁਲਸ ਗਸ਼ਤ ਵਧਾਈ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਕਿਸਾਨਾਂ ਵਿੱਚ ਸੁਰੱਖਿਆ ਦੀ ਭਾਵਨਾ ਮੁੜ ਬਹਾਲ ਹੋ ਸਕੇ। ਉਧਰ ਦੂਜੇ ਪਾਸੇ ਥਾਣਾ ਟੱਲੇਵਾਲ ਦੇ ਮੁਖੀ ਸਰਬਜੀਤ ਸਿੰਘ ਰੰਗੀਆਂ ਨਾਲ ਸੰਪਰਕ ਕਰਨ ਤੇ ਉਹਨਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਪੁਲਸ ਨੂੰ ਕੋਈ ਇਤਲਾਹ ਅਜੇ ਤੱਕ ਨਹੀਂ ਮਿਲੀ।
