ਠੀਕਰੀਵਾਲਾ ''ਚ ਢੀਂਡਸਾ ਦਾ ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ

09/14/2018 1:34:27 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)— ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਅਕਾਲੀ ਦਲ ਨੂੰ ਪਿੰਡਾਂ ਵਿਚ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਦਿਨ ਬਰਨਾਲਾ ਦੇ ਪਿੰਡ ਠੀਕਰੀਵਾਲਾ 'ਚ ਸਾਬਕਾ ਵਿੱਤ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਭੜਕੇ ਲੋਕਾਂ ਨੇ ਢੀਂਡਸਾ ਨੂੰ ਕਾਲੀਆਂ ਝੰਡੀਆਂ ਦਿਖਾਈਆਂ।

ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਜਦੋਂ ਤੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ ਹੈ, ਉਦੋਂ ਤੋਂ ਅਕਾਲੀ ਦਲ ਦਾ ਪੰਜਾਬ ਦੇ ਪਿੰਡਾਂ ਵਿਚ ਵਿਰੋਧ ਕੀਤਾ ਜਾ ਰਿਹਾ ਹੈ। ਵੀਰਵਾਰ ਨੂੰ ਜਦੋਂ ਢੀਂਡਸਾ ਬਰਨਾਲਾ ਦੇ ਉਕਤ ਪਿੰਡ ਵਿਚ ਬਲਾਕ ਅਤੇ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ ਲੜ ਰਹੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਪੱਖ ਵਿਚ ਪ੍ਰਚਾਰ ਕਰਨ ਆਏ ਤਾਂ ਪਿੰਡ ਦੇ ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕਰਨ ਸਣੇ ਅਕਾਲੀ ਦਲ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਜਦੋਂ ਲੋਕ ਕਾਲੀਆਂ ਝੰਡੀਆਂ ਲੈ ਕੇ ਰੈਲੀ ਸਥਾਨ ਵੱਲ ਵਧੇ ਤਾਂ ਢੀਂਡਸਾ ਉਥੋਂ ਰਵਾਨਾ ਹੋ ਗਏ। ਇਸ ਪੂਰੀ ਕਾਰਵਾਈ ਬਾਰੇ ਢੀਂਡਸਾ ਨੇ ਕਿਹਾ ਕਿ ਕੁਝ ਹੀ ਲੋਕ ਸਨ, ਜਿਨ੍ਹਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਹਰ ਪਾਰਟੀ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ। ਸਾਰੇ ਦੇ ਸਾਰੇ ਲੋਕ ਇਕ ਨੇਤਾ ਨਾਲ ਕਦੇ ਨਹੀਂ ਚੱਲ ਸਕਦੇ ਅਤੇ ਇਨ੍ਹਾਂ ਕੁਝ ਲੋਕਾਂ ਦੇ ਵਿਰੋਧ ਕਾਰਨ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ।