ਪੰਜਾਬੀਆਂ ਨੂੰ ਇਸ ਰਿਪੋਰਟ ਨੇ ਕਰ ''ਤਾ ਖ਼ੁਸ਼, ਆਇਆ ਸੁੱਖ ਦਾ ਸਾਹ
Thursday, Nov 28, 2024 - 02:18 PM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ ਹੈ। ਦਰਅਸਲ ਸੂਬੇ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਕਮੀ ਆਈ ਹੈ, ਜਿਸ ਤੋਂ ਬਾਅਦ ਸੂਬੇ ਦੇ ਲੋਕਾਂ ਨੇ ਵੀ ਸੁੱਖ ਦਾ ਸਾਹ ਲਿਆ ਹੈ। ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਦਾ ਵੱਡਾ ਅਸਰ ਸਾਹਮਣੇ ਆਇਆ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫ਼ੀਸਦੀ ਕਮੀ ਆਈ ਹੈ। ਇਹ ਜਾਣਕਾਰੀ ਖ਼ੁਦ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਵੱਲੋਂ ਇਕ ਰਿਪੋਰਟ ਰਾਹੀਂ ਦਿੱਤੀ ਗਈ ਹੈ। ਐੱਨ. ਜੀ. ਟੀ. ਨੇ ਪਰਾਲੀ ਸਾੜਨ ਕਾਰਨ ਐੱਨ. ਸੀ. ਆਰ. ’ਚ ਹਵਾ ਪ੍ਰਦੂਸ਼ਣ ਵੱਧਣ ਦੇ ਮਾਮਲੇ ’ਤੇ ਸੂਬਾ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਨਹੀਂ ਹੋਵੇਗਾ ਸਰਕਾਰੀ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਇਸ ਤੋਂ ਬਾਅਦ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ 26 ਨਵੰਬਰ ਨੂੰ ਰਿਪੋਰਟ ਭੇਜੀ ਗਈ ਸੀ। ਇਸ ’ਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਵੱਡੀ ਕਮੀ ਆਈ ਹੈ। ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ 25 ਨਵੰਬਰ ਨੂੰ 36,551 ਸਨ, ਜੋ ਇਸ ਵਾਰ 25 ਨਵੰਬਰ ਨੂੰ ਘਟ ਕੇ 10,479 ਰਹਿ ਗਏ ਹਨ, ਜਿਨ੍ਹਾਂ ’ਚ 70 ਫ਼ੀਸਦੀ ਦੀ ਕਮੀ ਆਈ ਹੈ।
ਇਹ ਵੀ ਪੜ੍ਹੋ : ਘੰਟਿਆਂ 'ਚ ਹੀ ਹੋ ਗਏ ਮਾਲਾਮਾਲ, ਹੋਇਆ ਅਜਿਹਾ ਕਮਾਲ
ਇਸ ਸਬੰਧੀ ਪੰਜਾਬ ਸਰਕਾਰ ਨੇ ਕਈ ਤਕਨੀਕਾਂ ਜ਼ਰੀਏ ਕਿਸਾਨਾਂ ਨੂੰ ਪਰਾਲੀ ਨੂੰ ਖਪਾਉਣ ਦੀਆਂ ਵਿਧੀਆਂ ਦੱਸੀਆਂ ਸਨ। ਇਹ ਵੀ ਦੱਸਣਾ ਬਣਦਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ.ਟੀ.) ਵੱਲੋਂ ਪੰਜਾਬ ’ਚ ਨਿਗਰਾਨ ਭੇਜੇ ਗਏ ਸਨ, ਜਿਨ੍ਹਾਂ ਨੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਸੀ। ਦੱਸਣਯੋਗ ਹੈ ਕਿ ਪਰਾਲੀ ਸਾੜਨ ਦੇ ਕਾਰਨ ਸੂਬੇ 'ਚ ਪ੍ਰਦੂਸ਼ਣ ਦਾ ਪੱਧਰ ਬੇਹੱਦ ਜ਼ਿਆਦਾ ਵੱਧ ਗਿਆ ਸੀ, ਜਿਸ ਕਾਰਨ ਲੋਕਾਂ ਨੂੰ ਸਾਹ, ਖ਼ਾਂਸੀ, ਜ਼ੁਕਾਮ ਅਤੇ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਰਿਪੋਰਟ ਦੇ ਆਉਣ ਤੋਂ ਬਾਅਦ ਹੁਣ ਲੋਕਾਂ ਨੂੰ ਵੀ ਸੁੱਖ ਦਾ ਸਾਹ ਆਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8